DMT : ਲੁਧਿਆਣਾ : (02 ਮਾਰਚ 2023) : – ਗ੍ਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਟੀ (ਗਲਾਡਾ) ਵਲੋਂ ਦੋ ਪਿੰਡਾਂ ਧਾਂਦਰਾ ਅਤੇ ਮਹਿਮੂਦਪੁਰਾ ਵਿੱਚ ਚਾਰ ਨਾਜਾਇਜ਼ ਕਾਲੋਨੀਆਂ ਨੂੰ ਢਾਹ ਢੇਰੀ ਕੀਤਾ ਗਿਆ।
ਗਲਾਡਾ ਦੀ ਮੁੱਖ ਪ੍ਰਸ਼ਾਸਕ ਅਮਰਪ੍ਰੀਤ ਕੌਰ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਇੱਕ ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਅਣ-ਅਧਿਕਾਰਤ ਕਲੋਨੀਆਂ ਨੂੰ ਪੀ.ਏ.ਪੀ.ਆਰ. ਐਕਟ 1995 (ਸੋਧਿਆ-2014) ਦੀ ਧਾਰਾ 39 ਤਹਿਤ ਨੋਟਿਸ ਵੀ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਅਸਟੇਟ ਅਫ਼ਸਰ (ਰੈਗੂਲੇਟਰੀ) ਗਲਾਡਾ ਡਾ. ਬਲਜਿੰਦਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਵਿਸ਼ੇਸ਼ ਡਿਮੋਲੇਸ਼ਨ ਟੀਮ ਨੇ ਚਾਰ ਐਸ.ਡੀ.ਓਜ਼ ਸੂਰਜ ਮਨਚੰਦਾ, ਦਿਵਲੀਨ ਸਿੰਘ, ਅਦਿੱਤਿਆ ਰਤਨ, ਜਤਿੰਦਰਪਾਲ ਸਿੰਘ ਸਮੇਤ ਚਾਰ ਜੂਨੀਅਰ ਇੰਜੀਨੀਅਰਾਂ ਰੋਹਿਤ ਗੋਇਲ, ਸੰਘਰਸ਼ ਵੀਰ ਸਿੰਘ, ਵੀਰਪਾਲ ਸਿੰਘ, ਅਮਨਦੀਪ ਸਿੰਘ ਵਲੋਂ ਕਾਰਵਾਈ ਕੀਤੀ ਗਈ। ਉਨ੍ਹਾਂ ਕਿਹਾ ਕਿ ਗਲਾਡਾ ਦੇ ਵਧੀਕ ਮੁੱਖ ਪ੍ਰਸ਼ਾਸਕ ਕੁਲਪ੍ਰੀਤ ਸਿੰਘ ਵੱਲੋਂ ਅਣ-ਅਧਿਕਾਰਤ ਕਲੋਨੀ ਨੂੰ ਢਾਹੁਣ ਦੀ ਯੋਜਨਾ ਬਣਾਈ ਗਈ ਸੀ। ਉਨ੍ਹਾਂ ਕਿਹਾ ਕਿ ਗਲਾਡਾ ਆਉਣ ਵਾਲੇ ਹਫ਼ਤਿਆਂ ਵਿੱਚ ਹੋਰ ਅਣ-ਅਧਿਕਾਰਿਤ ਕਲੋਨੀਆਂ ‘ਤੇ ਕਾਰਵਾਈ ਕਰਨ ਦੀ ਵੀ ਯੋਜਨਾ ਬਣਾ ਰਿਹਾ ਹੈ।
ਮੁੱਖ ਪ੍ਰਸ਼ਾਸਕ ਗਲਾਡਾ ਨੇ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਅਣਅਧਿਕਾਰਤ ਕਲੋਨੀਆਂ ਵਿੱਚ ਜਾਇਦਾਦ/ਪਲਾਟ/ਇਮਾਰਤਾਂ ਨਾ ਖਰੀਦਣ ਕਿਉਂਕਿ ਗਲਾਡਾ ਵੱਲੋਂ ਕੋਈ ਵੀ ਸਹੂਲਤ ਜਿਵੇਂ ਕਿ ਵਾਟਰ ਸਪਲਾਈ, ਸੀਵਰੇਜ, ਬਿਜਲੀ ਕੁਨੈਕਸ਼ਨ, ਸਟਰੀਟ ਲਾਈਟਾਂ ਆਦਿ ਮੁਹੱਈਆ ਨਹੀਂ ਕਰਵਾਈ ਜਾਵੇਗੀ।