ਜ਼ਿਲ੍ਹਾ ਲੁਧਿਆਣਾ ਵਿੱਚ ਇੱਕੋ ਦਿਨ ਹੋਏ 10154 ਵਿਦਿਆਰਥੀਆਂ ਦੇ ਨਵੇਂ ਦਾਖਲੇ

Ludhiana Punjabi
  • ਬਲਾਕ ਲੁਧਿਆਣਾ-1 ਨੇ 1405 ਦਾਖਲੇ ਕਰਕੇ ਜ਼ਿਲੇ ਵਿੱਚੋਂ ਪਹਿਲਾ ਸਥਾਨ ਹਾਸਿਲ ਕੀਤਾ

DMT : ਲੁਧਿਆਣਾ : (11 ਮਾਰਚ 2023) : –ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਜੀ ਦੀ ਅਗਵਾਈ ਵਾਲੀ ਸਰਕਾਰ ਵੱਲੋ ਸੂਬੇ ਦੇ ਲੋਕਾਂ ਨਾਲ ਬਿਹਤਰ ਅਤੇ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਸਬੰਧੀ ਕੀਤੇ ਜਾ ਰਹੇ ਉਪਰਾਲਿਆਂ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਸਕੂਲ ਸਿੱਖਿਆ ਪ੍ਰਤੀ ਲੋਕਾਂ ਦਾ ਵਿਸ਼ਵਾਸ ਬਹਾਲ ਕਰਕੇ ਉੱਚ ਪੱਧਰੀ ਸਿੱਖਿਆ ਦੇਣ ਦੇ ਸੱਦੇ ਨੂੰ ਕਬੂਲਦਿਆਂ ਜ਼ਿਲਾ ਲੁਧਿਆਣਾ ਦੇ ਮਾਪਿਆਂ ਨੇ ਮਿਸਾਲੀ ਹੁੰਗਾਰਾ ਦਿੱਤਾ। ਬੀਤੇ ਕੱਲ ਇੱਕੋ ਦਿਨ ਵਿੱਚ ਜ਼ਿਲੇ ਦੇ ਸਕੂਲਾਂ ਵਿੱਚ 10154 ਨਵੇਂ ਵਿਦਿਆਰਥੀਆਂ ਨੇ ਦਾਖਲਾ ਲਿਆ। ਜ਼ਿਕਰਯੋਗ ਹੈ ਕਿ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੇ ਨਿਰਦੇਸ਼ਾਂ ਅਨੁਸਾਰ ਸਿੱਖਿਆ ਵਿਭਾਗ ਨੇ 1 ਦਿਨ ਵਿੱਚ 1 ਲੱਖ ਨਵੇਂ ਦਾਖਲੇ ਕਰਨ ਦਾ ਟੀਚਾ ਮਿਥਿਆ ਸੀ ਜਿਸਦੇ ਤਹਿਤ ਹਰੇਕ ਅਧਿਆਪਕ, ਨਾਨ ਟੀਚਿੰਗ ਸਟਾਫ ਅਤੇ ਮਿਡ-ਡੇ-ਮੀਲ ਵਰਕਰ ਨੇ ਘੱਟੋ ਘੱਟ ਇੱਕ-ਇੱਕ ਨਵਾਂ ਵਿਦਿਆਰਥੀ ਸਰਕਾਰੀ ਸਕੂਲ ਵਿੱਚ ਦਾਖਲ ਕਰਵਾਉਣਾ ਸੀ।

ਲੁਧਿਆਣਾ ਦੇ ਜ਼ਿਲਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਸ੍ਰੀ ਹਰਜੀਤ ਸਿੰਘ ਅਤੇ ਜ਼ਿਲਾ ਸਿੱਖਿਆ ਅਫਸਰ (ਐਲੀਮੈਂਟਰੀ ਸਿੱਖਿਆ) ਸ. ਬਲਦੇਵ ਸਿੰਘ ਨੇ ਦੱਸਿਆ ਕਿ ਵਿਭਾਗੀ ਟੀਚੇ ਅਨੁਸਾਰ ਜ਼ਿਲੇ ਵਿੱਚ 11,111 ਨਵੇਂ ਵਿਦਿਆਰਥੀ ਦਾਖਲ ਕਰਨੇ ਸਨ ਅਤੇ ਸਮੁੱਚੇ ਅਧਿਆਪਕਾਂ ਦੀ ਮਿਹਨਤ ਸਦਕਾ ਇਹ ਅੰਕੜਾ 10154 ਤੱਕ ਪਹੁੰਚ ਗਿਆ। ਉਹਨਾਂ ਦੱਸਿਆ ਕਿ ਜ਼ਿਲੇ ਦੇ ਸਾਰੇ ਅਧਿਆਪਕ ਵਰਗ ਵਿੱਚ ਬੇਹੱਦ ਉਤਸ਼ਾਹ ਦੇਖਣ ਨੂੰ ਮਿਲਿਆ। ਵੱਖ ਵੱਖ ਜ਼ਿਲਾ ਟੀਮਾਂ ਸਮੇਤ ਬਹੁਤ ਸਾਰੇ ਅਧਿਆਪਕਾਂ ਨੇ ਤਾਂ ਸਵੇਰੇ 8 ਵਜੇ ਤੋਂ ਦੇਰ ਰਾਤ ਤੱਕ ਗਲੀ-ਮੁਹੱਲਿਆਂ ਅਤੇ ਸਲੱਮ ਏਰੀਏ ਤੱਕ ਪਹੁੰਚ ਕਰਕੇ ਦਾਖਲੇ ਕੀਤੇ।

ਪ੍ਰਾਪਤ ਵੇਰਵਿਆਂ ਅਨੁਸਾਰ ਜ਼ਿਲੇ ਵਿੱਚ ਕੱਲ ਇੱਕੋ ਦਿਨ ਵਿੱਚ ਐੱਲ.ਕੇ.ਜੀ. ਅਤੇ ਯੂ.ਕੇ.ਜੀ. ਜਮਾਤ ਵਿੱਚ 4056, ਪਹਿਲੀ ਤੋਂ ਪੰਜਵੀਂ ਜਮਾਤ ਵਿੱਚ 3510, ਛੇਵੀਂ ਤੋਂ ਅੱਠਵੀਂ ਜਮਾਤ ਵਿੱਚ 195, ਨੌਂਵੀਂ ਤੋਂ ਦਸਵੀਂ ਜਮਾਤ ਵਿੱਚ 627, ਅਤੇ ਗਿਆਰਵੀਂ ਤੋਂ ਬਾਰਵੀਂ ਜਮਾਤ ਵਿੱਚ 1766 ਵਿਦਿਆਰਥੀਆਂ ਨੇ ਨਵੇਂ ਦਾਖਲੇ ਹੋਏ।

ਸੈਕੰਡਰੀ ਤੇ ਐਲੀਮੈਂਟਰੀ ਦੇ ਉਪ ਜ਼ਿਲਾ ਸਿੱਖਿਆ ਅਫਸਰਾਂ ਸ੍ਰੀ ਅਸ਼ੀਸ਼ ਕੁਮਾਰ ਅਤੇ ਸ. ਜਸਵਿੰਦਰ ਸਿੰਘ ਨੇ ਦੱਸਿਆ ਕਿ ਜ਼ਿਲੇ ਦੇ ਸਾਰੇ 19 ਵਿੱਦਿਅਕ ਬਲਾਕਾਂ ਵਿੱਚ ਦਾਖਲਿਆਂ ਨੂੰ ਲੈ ਕੇ ਤਿਓਹਾਰ ਵਰਗਾ ਮਾਹੌਲ ਬਣਿਆ ਰਿਹਾ। ਬਲਾਕ ਲੁਧਿਆਣਾ-1 ਨੇ ਰਿਕਾਰਡ ਕਾਇਮ ਕਰਦਿਆਂ 1405 ਦਾਖਲੇ ਕਰਕੇ ਜਿਲੇ ਵਿੱਚੋਂ ਪਹਿਲਾ ਸਥਾਨ ਹਾਸਿਲ ਕੀਤਾ।

ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਗਿਆਸਪੁਰਾ, ਬਲਾਕ ਲੁਧਿਆਣਾ-1 ਦੇ ਮੁੱਖ ਅਧਿਆਪਕ ਨੇ ਦੱਸਿਆ ਕਿ ਉਹਨਾਂ ਦੇ ਸਕੂਲ ਵਿੱਚ ਕੱਲ 440 ਨਵੇਂ ਦਾਖਲੇ ਹੋਏ ਹਨ। ਪ੍ਰਾਇਮਰੀ ਸਕੂਲ ਢੰਡਾਰੀ ਖੁਰਦ ਦੇ ਮੁੱਖ ਅਧਿਆਪਕ ਨੇ 198 ਨਵੇਂ ਦਾਖਲੇ ਕਰਨ ਬਾਰੇ ਦੱਸਿਆ।
 ਬਹੁਤ ਸਾਰੇ ਅਧਿਆਪਕਾਂ ਨੇ ਇੱਟਾਂ ਦੇ ਭੱਠਿਆਂ ਅਤੇ ਉਦਯੋਗਿਕ ਅਦਾਰਿਆਂ ਤੱਕ ਪਹੁੰਚ ਕਰਕੇ ਸਰਕਾਰੀ ਸਕੂਲਾਂ ਵਿੱਚ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਦੇ ਕੇ ਦਾਖਲਿਆਂ ਸਬੰਧੀ ਪ੍ਰੇਰਿਤ ਵੀ ਕੀਤਾ।

ਲੁਧਿਆਣਾ ਨਿਵਾਸੀਆਂ ਅਨੁਸਾਰ ਸਿੱਖਿਆ ਵਿਭਾਗ ਦੇ ਇਸ ਨਿਵੇਕਲੇ ਉਪਰਾਲੇ ਨੇ ਵਿਦਿਆਰਥੀਆਂ ਦੇ ਸਿਰਫ ਨਵੇਂ ਦਾਖਲੇ ਹੀ ਨਹੀਂ ਕੀਤੇ ਸਗੋਂ ਨਵੀਂ ਰੂਹ ਵੀ ਫੂਕੀ ਹੈ ਜਿਸਦੇ ਬਹੁਤ ਸਾਰਥਕ ਨਤੀਜੇ ਮਿਲਣਗੇ।

ਪ੍ਰਾਪਤ ਜਾਣਕਾਰੀ ਅਨੁਸਾਰ ਦਾਖ਼ਲਾ ਮੁਹਿੰਮ ਨੂੰ ਹੋਰ ਅਸਰਦਾਰ ਬਣਾਉਣ ਵਾਸਤੇ ਸਿੱਖਿਆ ਵਿਭਾਗ ਵੱਲੋਂ 31 ਮਾਰਚ ਤੱਕ ਪੰਜਾਬ ਦੇ ਹਰੇਕ ਸਰਕਾਰੀ ਸਕੂਲ ਦੇ ਬਾਹਰ ਮੇਨ ਗੇਟ ਤੇ ਦਾਖਲਾ ਬੂਥ ਲਾਉਣ ਬਾਰੇ ਵੀ ਹਦਾਇਤਾਂ ਦਿੱਤੀਆਂ ਗਈਆਂ ਹਨ ਜਿੱਥੇ ਸਕੂਲ ਖੁੱਲ੍ਹਣ ਦੇ ਸਮੇਂ ਤੋਂ ਲੈ ਕੇ ਸਾਰੀ ਛੁੱਟੀ ਹੋਣ ਤੱਕ ਟੀਚਿੰਗ/ਨਾਨ ਟੀਚਿੰਗ ਸਟਾਫ਼ ਰੋਜ਼ਾਨਾ ਡਿਊਟੀ ਤੇ ਬੈਠੇਗਾ ਅਤੇ ਰਜਿਸਟਰ ਤੇ ਦਾਖਲਿਆਂ ਸਬੰਧੀ ਰਜਿਸਟਰੇਸ਼ਨ ਕਰੇਗਾ।

Leave a Reply

Your email address will not be published. Required fields are marked *