- ਪੰਜਾਬ ਸਰਕਾਰ ਲੋਕਾਂ ਨੂੰ ਵੱਖ-ਵੱਖ ਸੇਵਾਵਾਂ ਘਰ-ਘਰ ਪਹੁੰਚਾਉਣ ਲਈ ਵਚਨਬੱਧ – ਸੁਰਭੀ ਮਲਿਕ
- ਡਿਪਟੀ ਕਮਿਸ਼ਨਰ ਵਲੋਂ ਸਰਕਾਰੀ ਸਕੂਲ ਅਤੇ ਆਮ ਆਦਮੀ ਕਲੀਨਿਕ ਦਾ ਵੀ ਨਿਰੀਖਣ
DMT : ਬੱਸੀਆਂ (ਲੁਧਿਆਣਾ) : (06 ਮਾਰਚ 2023) : – ਲੋਕਾਂ ਦੀਆਂ ਸ਼ਿਕਾਇਤਾਂ ਨੂੰ ਘਰ-ਘਰ ਜਾ ਕੇ ਮੌਕੇ ‘ਤੇ ਹੀ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਅਤੇ ਲੁਧਿਆਣਾ ਦਿਹਾਤੀ ਦੇ ਐਸ.ਐਸ.ਪੀ. ਨਵਨੀਤ ਸਿੰਘ ਬੈਂਸ ਵਲੋਂ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਨਿਵੇਕਲੇ ਉਪਰਾਲੇ ‘ਸਰਕਾਰ ਤੁਹਾਡੇ ਦੁਆਰ’ ਤਹਿਤ ਵਿਸ਼ੇਸ਼ ਕੈਂਪ ਲਗਾਇਆ ਗਿਆ।
ਕੈਂਪ ਵਿੱਚ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਤੋਂ ਲੈ ਕੇ ਮਲਿਕ ਅਤੇ ਬੈਂਸ ਵਲੋਂ ਲੋਕਾਂ ਦੀਆਂ ਮੁਸ਼ਕਿਲਾਂ ਅਤੇ ਸਮੱਸਿਆਵਾਂ ਨੂੰ ਠਰ੍ਹਮੇ ਨਾਲ ਸੁਣਿਆ ਅਤੇ ਵਧੇਰੇ ਸ਼ਿਕਾਇਤਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕੀਤਾ ਗਿਆ।
ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਮੁਖੀ ਵੀ ਹਾਜ਼ਰ ਸਨ ਅਤੇ ਉਨ੍ਹਾਂ ਆਪਣੇ ਵਿਭਾਗਾਂ ਨਾਲ ਸਬੰਧਤ ਲੋਕਾਂ ਦੇ ਸਵਾਲਾਂ ਅਤੇ ਸ਼ਿਕਾਇਤਾਂ ਦੇ ਜਵਾਬ ਵੀ ਦਿੱਤੇ।
ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਮਲਿਕ ਨੇ ਕਿਹਾ ਕਿ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਤਹਿਤ ਜ਼ਿਲ੍ਹੇ ਦੇ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਅਜਿਹੇ ਕੈਂਪ ਲਗਾਏ ਜਾਣਗੇ ਤਾਂ ਜੋ ਲੋਕਾਂ ਨੂੰ ਆਪਣੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਵਾਉਣ ਲਈ ਸਰਕਾਰੀ ਦਫ਼ਤਰਾਂ ਵਿੱਚ ਖੱਜਲ ਖੁਆਰ ਨਾ ਹੋਣਾ ਪਵੇ। ਉਨ੍ਹਾਂ ਕਿਹਾ ਕਿ ਸਰਕਾਰੀ ਵਿਭਾਗਾਂ ਦੇ ਅਧਿਕਾਰੀ ਹਰ ਹਫਤੇ ਲੋਕਾਂ ਦੇ ਘਰ-ਘਰ ਜਾ ਕੇ ਉਨ੍ਹਾਂ ਦੇ ਮਸਲਿਆਂ ਦਾ ਹੱਲ ਕਰਨਗੇ।
ਇਸ ਤੋਂ ਇਲਾਵਾ ਉਨ੍ਹਾਂ ਅੱਗੇ ਕਿਹਾ ਕਿ ਇਸ ਪ੍ਰੋਗਰਾਮ ਤਹਿਤ ਪੰਜਾਬ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਨੂੰ ਵੀ ਲੋਕਾਂ ਤੱਕ ਪਹੁੰਚਾਇਆ ਜਾਵੇਗਾ ਅਤੇ ਕੈਂਪ ਵਿੱਚ ਹੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਆਮ ਲੋਕਾਂ ਨੂੰ ਦਿੱਤਾ ਜਾਵੇਗਾ ਤਾਂ ਜੋ ਕੋਈ ਵੀ ਲਾਭਪਾਤਰੀ ਇਸ ਦਾ ਲਾਭ ਲੈਣ ਤੋਂ ਵਾਂਝਾ ਨਾ ਰਹੇ।
ਉਨ੍ਹਾਂ ਕਿਹਾ ਕਿ ਇਸ ਸਮਾਗਮ ਰਾਹੀਂ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਸਾਰੀਆਂ ਸਕੀਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਵੀ ਦਿੱਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਾਂ ਵੱਲੋਂ ਦਿੱਤੀਆਂ ਸ਼ਿਕਾਇਤਾਂ ਦੀ ਡੂੰਘਾਈ ਨਾਲ ਪਾਲਣਾ ਕੀਤੀ ਜਾਵੇਗੀ ਅਤੇ ਉਸ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
ਬਾਅਦ ਵਿੱਚ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵਲੋਂ ਸ਼ਹੀਦ ਗੁਰਿੰਦਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬੱਸੀਆਂ ਦਾ ਵੀ ਦੌਰਾ ਕੀਤਾ ਅਤੇ ਖਾਣਾ ਚੱਖ ਕੇੇ ਮਿਡ-ਡੇ-ਮੀਲ ਦੀ ਗੁਣਵੱਤਾ ਦੀ ਜਾਂਚ ਕੀਤੀ। ਉਨ੍ਹਾਂ ਰਸੋਈਆਂ ਅਤੇ ਉਸ ਸਥਾਨ ਦਾ ਵੀ ਦੌਰਾ ਕੀਤਾ ਜਿੱਥੇ ਵਿਦਿਆਰਥੀਆਂ ਨੂੰ ਭੋਜਨ ਪਰੋਸਿਆ ਜਾਂਦਾ ਸੀ ਅਤੇ ਉਨ੍ਹਾਂ ਭਾਂਡਿਆਂ ਦੀ ਵੀ ਜਾਂਚ ਕੀਤੀ ਜਿਸ ਵਿੱਚ ਭੋਜਨ ਤਿਆਰ ਕੀਤਾ ਗਿਆ ਸੀ। ਉਨ੍ਹਾਂ ਭੋਜਨ ਤਿਆਰ ਕਰਨ ਵਾਲੇ ਸਟਾਫ਼ ਨਾਲ ਵੀ ਵਿਸਥਾਰਪੂਰਵਕ ਗੱਲਬਾਤ ਕੀਤੀ ਅਤੇ ਉਹਨਾਂ ਨੂੰ ਵਧੇਰੇ ਚੌਕਸ ਰਹਿਣ ਲਈ ਕਿਹਾ ਤਾਂ ਜੋ ਚੰਗਾ ਖਾਣਾ ਪਕਾਇਆ ਜਾ ਸਕੇ ਅਤੇ ਵਿਦਿਆਰਥੀਆਂ ਨੂੰ ਸਵੱਛ ਵਾਤਾਵਰਣ ਵਿੱਚ ਪਰੋਸਿਆ ਜਾ ਸਕੇ। ਉਨ੍ਹਾਂ ਸਕੂਲ ਦੇ ਪਖ਼ਾਨਿਆਂ ਅਤੇ ਕੰਪਿਊਟਰ ਲੈਬ ਦਾ ਨਿਰੀਖਣ ਕਰਨ ਤੋਂ ਇਲਾਵਾ ਵਿਦਿਆਰਥੀਆਂ ਨਾਲ ਗੱਲਬਾਤ ਵੀ ਕੀਤੀ।
ਡਿਪਟੀ ਕਮਿਸ਼ਨਰ ਨੇ ਪਿੰਡ ਬੱਸੀਆਂ ਵਿੱਚ ਆਮ ਆਦਮੀ ਕਲੀਨਿਕ ਦੀ ਵੀ ਜਾਂਚ ਕੀਤੀ ਅਤੇ ਮਰੀਜ਼ਾਂ ਨਾਲ ਗੱਲਬਾਤ ਕੀਤੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਮਿਤ ਕੁਮਾਰ ਪੰਚਾਲ, ਐਸ.ਡੀ.ਐਮ. ਗੁਰਬੀਰ ਸਿੰਘ ਕੋਹਲੀ, ਸੀਨੀਅਰ ਆਪ ਆਗੂ ਗੁਰਦੇਵ ਸਿੰਘ ਬਾਵਾ ਅਤੇ ਹੋਰ ਹਾਜ਼ਰ ਸਨ।