DMT : ਲੁਧਿਆਣਾ : (14 ਅਪ੍ਰੈਲ 2023) : – ਐਸ.ਟੀ.ਐਫ ਦੀ ਪੁਲਿਸ ਨੇ ਨਸ਼ੀਲੀਆਂ ਦਵਾਈਆਂ ਦਾ ਧੰਦਾ ਕਰਨ ਵਾਲੇ ਦੋ ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ‘ਚੋਂ ਨਸ਼ੇ ਦੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਐਸ.ਟੀ.ਐਫ ਦੇ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਦੀ ਸ਼ਨਾਖ਼ਤ ਗੁਰਪ੍ਰੀਤ ਸਿੰਘ ਉਰਫ ਗੋਪੀ ਵਾਸੀ ਪਿੰਡ ਗਿੱਲ ਅਤੇ ਲਖਵੀਰ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਨਿਊ ਸਟਾਰ ਕਾਲੋਨੀ ਸ਼ਾਮਿਲ ਹਨ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਪਿਛਲੇ ਕਾਫ਼ੀ ਸਮੇਂ ਤੋਂ ਨਸ਼ੇ ਦੀਆਂ ਦਵਾਈਆਂ ਦਾ ਧੰਦਾ ਕਰ ਰਹੇ ਸਨ | ਕਥਿਤ ਦੋਸ਼ੀ ਦਾ ਲੁਹਾਰਾ ਰੋਡ ‘ਤੇ ਮਡਾਰੇ ਮੈਡੀਕਲ ਸਟੋਰ ਹੈ ਅਤੇ ਇਸ ਕਾਰੋਬਾਰ ਦੀ ਆੜ ਵਿਚ ਉਹ ਨਸ਼ੇ ਦੀਆਂ ਦਵਾਈਆਂ ਦਾ ਧੰਦਾ ਕਰ ਰਿਹਾ ਸੀ | ਉਨ੍ਹਾਂ ਦੱਸਿਆ ਕਿ ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਵਿਚੋਂ 9400 ਗੋਲੀਆਂ ਬਰਾਮਦ ਕੀਤੀਆਂ ਹਨ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਗੋਪੀ ਕਰਾਏ ‘ਤੇ ਲਾਈਸੰਸ ਲੈ ਕੇ ਮੈਡੀਕਲ ਸਟੋਰ ਚਲਾ ਰਿਹਾ ਸੀ | ਉਨ੍ਹਾਂ ਦੱਸਿਆ ਕਿ ਇਹ ਲਾਈਸੰਸ ਜਤਿੰਦਰ ਕੌਰ ਪਤਨੀ ਗੁਰਪ੍ਰੀਤ ਸਿੰਘ ਵਾਸੀ ਦੁੱਗਰੀ ਦੇ ਨਾਮ ‘ਤੇ ਹੈ | ਉਨ੍ਹਾਂ ਦੱਸਿਆ ਕਿ ਜੇਕਰ ਉਕਤ ਔਰਤ ਦੀ ਸ਼ਮੂਲੀਅਤ ਇਸ ਮਾਮਲੇ ਵਿਚ ਸਾਹਮਣੇ ਆਈ ਹੈ ਤਾਂ ਉਸ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਦੂਜੇ ਕਥਿਤ ਦੋਸ਼ੀ ਲਖਬੀਰ ਸਿੰਘ ਨੇ ਦੱਸਿਆ ਕਿ ਉਹ ਇਹ ਨਸ਼ੀਲੀਆਂ ਦਵਾਈਆਂ ਦਿੱਲੀ ਤੋਂ ਲੈ ਕੇ ਆਉਂਦਾ ਸੀ ਅਤੇ ਆਪਣੇ ਗ੍ਰਾਹਕਾਂ ਨੂੰ ਮਹਿੰਗੇ ਭਾਅ ‘ਤੇ ਵੇਚਦਾ ਸੀ | ਉਨ੍ਹਾਂ ਦੱਸਿਆ ਕਿ ਲਖਬੀਰ ਸਿੰਘ ਦੇ ਲੜਕੇ ਲਵਪ੍ਰੀਤ ਸਿੰਘ ਦੀ ਜ਼ਿਆਦਾ ਨਸ਼ਾ ਕਰਨ ਕਾਰਨ ਮੌਤ ਹੋ ਗਈ ਸੀ | ਕਥਿਤ ਦੋਸ਼ੀਆਂ ਪਾਸੋਂ ਹੋਰ ਵੀ ਪੁੱਛ-ਪੜਤਾਲ ਕੀਤੀ ਜਾ ਰਹੀ ਹੈ, ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ |