- ਮੋਬਾਇਲ ਵੈਨ/ਕਲੀਨਿਕ ਦੇ ਨਾਲ ਵਾਰਡ ਨੰਬਰ 38 ਦਾ ਕੀਤਾ ਦੌਰਾ
DMT : ਲੁਧਿਆਣਾ : (17 ਮਾਰਚ 2023) : – ਜ਼ਮੀਨੀ ਪੱਧਰ ‘ਤੇ ਹਲਕਾ ਆਤਮ ਨਗਰ ਦੇ ਵਸਨੀਕਾਂ ਦੀਆਂ ਸੇਵਾਵਾਂ ਨੂੰ ਯਕੀਨੀ ਬਣਾਉਣ ਦੇ ਮੰਤਵ ਨਾਲ ਸ਼ੁਰੂ ਕੀਤੀ ਗਈ ਮੋਬਾਇਲ ਵੈਨ ਅਤੇ ਮੋਬਾਇਲ ਕਲੀਨਿਕ ਦਾ ਲੋਕਾਂ ਵਲੋਂ ਭਰਪੂਰ ਲਾਹਾ ਲਿਆ ਜਾ ਰਿਹਾ ਹੈ ਜਿੱਥੇ ਡਾਕਟਰਾਂ ਵਲੋਂ ਘਰ-ਘਰ ਜਾ ਕੇ ਲੋਕਾਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਅਤੇ ਮੌਕੇ ‘ਤੇ ਹੀ ਮੁਸ਼ਕਿਲਾਂ ਦਾ ਨਿਪਟਾਰਾ ਵੀ ਕੀਤਾ ਜਾ ਰਿਹਾ ਹੈ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋਂ ਵਾਰਡ ਨੰਬਰ 38 ਅਧੀਨ ਗੋਬਿੰਦ ਨਗਰ ਦਾ ਦੌਰਾ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਅਤੇ ਪਾਰਦਰਸ਼ੀ ਪ੍ਰਸ਼ਾਸ਼ਕੀ ਸੇਵਾਵਾਂ ਪ੍ਰਦਾਨ ਕਰਨ ਲਈ ਸੁਹਿਰਦ ਯਤਨ ਕਰ ਰਹੀ ਹੈ।
ਇਸ ਮੌਕੇ ਉਨ੍ਹਾਂ ਦੇ ਨਾਲ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ, ਜਿਨ੍ਹਾਂ ਵਲੋਂ ਮੌਕੇ ‘ਤੇ ਹੀ ਸਮੱਸਿਆਵਾਂ ਦਾ ਨਿਪਟਾਰਾ ਵੀ ਕੀਤਾ ਗਿਆ।
ਵਿਧਾਇਕ ਸਿੱਧੂ ਨੇ ਦੁਹਰਾਇਆ ਕਿਹਾ ਕਿ ‘ਮੋਬਾਇਲ ਦਫ਼ਤਰ ਵੈਨ’ ਚਲਾਉਣ ਦਾ ਮੁੱਖ ਮੰਤਵ ਇਹ ਹੈ ਕਿ ਜੇਕਰ ਹਲਕਾ ਆਤਮ ਨਗਰ ਦਾ ਕੋਈ ਵੀ ਵਸਨੀਕ ਉਨ੍ਹਾਂ ਦੇ ਦਫ਼ਤਰ ਜਾਂ ਕਿਸੇ ਵੀ ਸਰਕਾਰੀ ਦਫ਼ਤਰ ਵਿਖੇ ਪਹੁੰਚ ਕਰਨ ਤੋਂ ਅਸਮਰੱਥ ਹੈ ਤਾਂ 24 ਘੰਟੇ ਕਿਸੇ ਵੀ ਸਮੇਂ ਉਨ੍ਹਾਂ ਦੇ ਮੋਬਾਇਲ ਨੰਬਰ 97818-00002 ‘ਤੇ ਆਪਣੀ ਸਮੱਸਿਆ ਦੱਸ ਸਕਦਾ ਹੈ ਅਤੇ ਮੋਬਾਇਲ ਵੈਨ ਰਾਹੀਂ ਤੁਰੰਤ ਲੋੜਵੰਦ ਵਿਅਕਤੀ ਤੱਕ ਪਹੁੰਚ ਕੀਤੀ ਜਾਵੇਗੀ ਅਤੇ ਉਨ੍ਹਾਂ ਦੀ ਮੁਸ਼ਕਿਲ ਦਾ ਜਲਦ ਨਿਪਟਾਰਾ ਕੀਤਾ ਜਾਵੇਗਾ।