- ਬਾਬਾ ਬੰਦਾ ਸਿੰਘ ਬਹਾਦਰ ਜੀ ਦੇ 353ਵੇਂ ਜਨਮ ਉਤਸਵ ‘ਤੇ 16 ਅਕਤੂਬਰ ਨੂੰ ਰਕਬਾ ਭਵਨ ਵਿਖੇ ਕੁਲਤਾਰ ਸਿੰਘ ਸੰਧਵਾ ਸਪੀਕਰ ਅਤੇ ਹਰਿਆਣਾ ਦੇ ਕੈਬਨਿਟ ਮੰਤਰੀ ਚੌਧਰੀ ਰਣਜੀਤ ਸਿੰਘ ਚੌਟਾਲਾ ਨੂੰ ਆਉਣ ਦਾ ਸੱਦਾ ਦਿੱਤਾ
DMT : ਲੁਧਿਆਣਾ : (11 ਅਕਤੂਬਰ 2023) : –
ਮਹਾਨ ਯੋਧੇ ਜਰਨੈਲ, ਕਿਸਾਨੀ ਦੇ ਮੁਕਤੀਦਾਤਾ, ਸ਼੍ਰੋਮਣੀ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ 353ਵੇਂ ਜਨਮ ਉਤਸਵ ‘ਤੇ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਦੇ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ, ਫਾਊਂਡੇਸ਼ਨ ਚੰਡੀਗੜ੍ਹ ਦੇ ਪ੍ਰਧਾਨ ਹਰਿੰਦਰ ਸਿੰਘ ਹੰਸ, ਹਰਿਆਣਾ ਫਾਊਂਡੇਸ਼ਨ ਦੇ ਪ੍ਰਧਾਨ ਉਮਰਾਓ ਸਿੰਘ ਛੀਨਾ, ਫਾਊਂਡੇਸ਼ਨ ਪੰਜਾਬ ਦੇ ਜਨਰਲ ਸਕੱਤਰ ਨਵਦੀਪ ਸਿੰਘ ਨਵੀ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਅਤੇ ਪੁਰਾਣੇ ਮਿੱਤਰ ਹਰਿਆਣਾ ਦੇ ਕੈਬਨਿਟ ਮੰਤਰੀ ਚੌਧਰੀ ਰਣਜੀਤ ਸਿੰਘ ਚੌਟਾਲਾ ਨੂੰ ਮਿਲ ਕੇ 16 ਅਕਤੂਬਰ ਨੂੰ ਬਾਬਾ ਬੰਦਾ ਸਿੰਘ ਬਹਾਦਰ ਭਵਨ ਆਉਣ ਦਾ ਸੱਦਾ ਦਿੱਤਾ। ਇਸ ਸਮੇਂ ਬਾਵਾ ਨੇ ਚੰਡੀਗੜ੍ਹ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦੇ ਦਫ਼ਤਰ ਜਾ ਕੇ ਸੱਦਾ ਦਿੱਤਾ ਜਦਕਿ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁਡੀਆ, ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਜਿਨ੍ਹਾਂ ਨੇ ਰਕਬਾ ਭਵਨ ਵਿਖੇ ਬਣੀ ਲਾਇਬ੍ਰੇਰੀ ਦੀ ਬਿਲਡਿੰਗ ਲਈ 2010 ‘ਚ 5 ਲੱਖ ਰੁਪਏ ਭੇਜੇ ਸਨ ਜਦਕਿ ਰਵਨੀਤ ਸਿੰਘ ਬਿੱਟੂ ਮੈਂਬਰ ਪਾਰਲੀਮੈਂਟ, ਗੁਰਕੀਰਤ ਸਿੰਘ ਕੋਟਲੀ ਸਾਬਕਾ ਮੰਤਰੀ ਅਤੇ ਸੁਖਜਿੰਦਰ ਸਿੰਘ ਰੰਧਾਵਾ ਨੂੰ ਵੀ ਸੱਦਾ ਦਿੱਤਾ ਹੈ।
ਬਾਵਾ ਨੇ ਦੱਸਿਆ ਕਿ 16 ਅਕਤੂਬਰ ਨੂੰ 11 ਵਜੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਸਪੁੱਤਰ ਬਾਬਾ ਅਜੈ ਸਿੰਘ ਦਾ ਬੁੱਤ ਰਕਬਾ ਭਵਨ ਵਿਖੇ ਸਥਾਪਿਤ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਮੂੰਹ ਵਿਚ 9 ਜੂਨ 1716 ਨੂੰ ਦਿੱਲੀ ਮਹਿਰੋਲੀ ਵਿਖੇ ਬਾਬਾ ਅਜੈ ਸਿੰਘ ਦਾ ਕਲੇਜਾ ਕੱਢ ਕੇ ਪਾਇਆ ਸੀ, ਜੋ ਵਿਲੱਖਣ ਸ਼ਹਾਦਤ ਦੀ ਮਿਸਾਲ ਹੈ।
ਬਾਵਾ ਨੇ ਕਿਹਾ ਕਿ ਇਹ ਸਮਾਗਮ ਨਿਰੋਲ ਧਾਰਮਿਕ ਹੈ ਪਰ ਸਿਆਸੀ ਹੱਦਾਂ ਤੋਂ ਉਪਰ ਹੈ। ਸਭ ਨੂੰ ਆਉਣ ਦਾ ਹਾਰਦਿਕ ਸੱਦਾ ਹਮੇਸ਼ਾ ਦਿੱਤਾ ਜਾਂਦਾ ਹੈ।