ਭਗਵੰਤ ਸਿੰਘ ਮਾਨ ਸਰਕਾਰ ਨੇ ਸੂਬੇ ਤੋਂ ਉਦਯੋਗ ਦੇ ਹਿਜਰਤ ਕਰਨ ਦੇ ਰੁਝਾਨ ਨੂੰ ਪੁੱਠਾ ਮੋੜ ਦਿੱਤਾ-ਅਰਵਿੰਦ ਕੇਜਰੀਵਾਲ

Ludhiana Punjabi
  • ਪਿਛਲੇ ਕੁਝ ਮਹੀਨਿਆਂ ਵਿੱਚ 450 ਉਦਯੋਗਿਕ ਯੂਨਿਟਾਂ ਨੇ ਆਪਣਾ ਕਾਰੋਬਾਰ ਹੋਰਨਾਂ ਸੂਬਿਆਂ ਤੋਂ ਪੰਜਾਬ ਵਿੱਚ ਸ਼ਿਫ਼ਟ ਕੀਤਾ
  • ਉਦਯੋਗਿਕ ਸੈਕਟਰ ਵਿੱਚ ਦੇਸ਼ ਭਰ ਵਿੱਚੋਂ ਸਿਰਫ਼ ਪੰਜਾਬੀ ਹੀ ਤੋੜ ਸਕਦੇ ਨੇ ਚੀਨ ਦੀ ਇਜਾਰੇਦਾਰੀ
  • ਸਨਅਤੀ ਵਿਕਾਸ ਨੂੰ ਹੁਲਾਰਾ ਦੇਣ ਲਈ ਸੈਕਟਰ ਅਧਾਰਿਤ ਟਾਸਕ ਫੋਰਸ ਦੇ ਗਠਨ ਦੀ ਵਕਾਲਤ ਕੀਤੀ

DMT : ਲੁਧਿਆਣਾ : (15 ਸਤੰਬਰ 2023) : –

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੰਤਰ ਯਤਨਾਂ ਸਦਕਾ ਹੁਣ ਪੰਜਾਬ ਵਿੱਚੋਂ ਦੂਜੇ ਸੂਬਿਆਂ ਵਿੱਚ ਇੰਡਸਟਰੀ ਦੇ ਹਿਜਰਤ  ਕਰਨ ਦੇ ਰੁਝਾਨ ਨੇ ਪੁੱਠਾ ਮੋੜ ਲੈਣਾ ਸ਼ੁਰੂ ਕਰ ਦਿੱਤਾ ਹੈ ਅਤੇ ਉਦਯੋਗਿਕ ਯੂਨਿਟ ਸੂਬੇ ਵਿੱਚ ਸ਼ਿਫ਼ਟ ਹੋਣ ਲੱਗੇ ਹਨ।
ਅੱਜ ਇੱਥੇ ‘ਸਰਕਾਰ-ਸਨਅਤਕਾਰ ਮਿਲਣੀ’ ਵਿਖੇ ਸਨਅਤਕਾਰਾਂ ਨੂੰ ਸੰਬੋਧਨ ਕਰਦਿਆਂ ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਦੌਰਾਨ 450 ਉਦਯੋਗ ਦੂਜੇ ਸੂਬਿਆਂ ਤੋਂ ਪੰਜਾਬ ਵਿੱਚ ਸ਼ਿਫਟ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਉਦਯੋਗ ਦਾ ਦੂਜੇ ਸੂਬਿਆਂ ਵਿੱਚ ਹਿਜਰਤ ਕਰ ਜਾਣ ਦਾ ਰੁਝਾਨ ਸੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਪੰਜਾਬ ਦੇ ਮੁੱਖ ਮੰਤਰੀ ਦੀ ਸਖ਼ਤ ਮਿਹਨਤ ਦਾ ਨਤੀਜਾ ਹੈ ਜੋ ਹਰੇਕ ਖੇਤਰ ਵਿੱਚ ਪੰਜਾਬ ਨੂੰ ਅੱਵਲ ਸੂਬਾ ਬਣਾਉਣ ਲਈ ਯਤਨ ਕਰ ਰਹੇ ਹਨ।
ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਸਰਕਾਰ ਨੂੰ ਸੱਤਾ ਵਿੱਚ ਆਉਣ ਉਤੇ ਉਦਯੋਗਿਕ ਖੇਤਰ ਵਿੱਚ ਅਜਿਹਾ ਮਾਹੌਲ ਮਿਲਿਆ ਸੀ ਜਿੱਥੇ ਉਦਯੋਗ ਦੂਜੇ ਸੂਬਿਆਂ ਵਿੱਚ ਸ਼ਿਫਟ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਹਕੂਮਤ ਦੌਰਾਨ ਉਦਯੋਗਪਤੀ ਫਿਰੌਤੀ ਮੰਗਣ ਦੇ ਸਿਸਟਮ ਤੋਂ ਬੁਰੀ ਤਰ੍ਹਾਂ ਅੱਕ ਚੁੱਕੇ ਸਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਅਮਨ-ਕਾਨੂੰਨ ਦੀ ਬਿਹਤਰ ਵਿਵਸਥਾ ਦੇਣ ਦੇ ਨਾਲ-ਨਾਲ ਸੁਖਾਵਾਂ ਮਾਹੌਲ ਦੇ ਕੇ ਸਨਅਤਕਾਰਾਂ ਦਾ ਭਰੋਸਾ ਬਹਾਲ ਕੀਤਾ ਹੈ।
ਦਿੱਲੀ ਦੇ ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸਨਅਤੀ ਖੇਤਰ ਵਿੱਚ ਦੇਸ਼ ਭਰ ਵਿੱਚੋਂ ਸਿਰਫ ਪੰਜਾਬੀ ਹੀ ਚੀਨ ਦੀ ਇਜਾਰੇਦਾਰੀ ਤੋੜ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬੀ ਸਨਅਤਕਾਰਾਂ ਦਾ ਕਿਸੇ ਹੋਰ ਸੂਬਾ ਨਾਲ ਕੋਈ ਮੁਕਾਬਲਾ ਨਹੀਂ ਸਗੋਂ ਉਨ੍ਹਾਂ ਨੂੰ ਉਦਯੋਗਿਕ ਤਰੱਕੀ ਵਿੱਚ ਚੀਨ ਨੂੰ ਪਛਾੜਣ ਲਈ ਯਤਨ ਕਰਨੇ ਚਾਹੀਦੇ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਯਤਨ ਕਰਨ ਦਾ ਹੁਣ ਸਭ ਤੋਂ ਮੁਨਾਸਬ ਮੌਕਾ ਹੈ ਕਿਉਂਜੋ ਪੰਜਾਬ ਦੀ ਸਰਕਾਰ ਹਰੇਕ ਤਰ੍ਹਾਂ ਦੀ ਮਦਦ ਲਈ ਤਿਆਰ ਹੈ।
ਦਿੱਲੀ ਦੇ ਮੁੱਖ ਮੰਤਰੀ ਨੇ ਸਨਅਤੀ ਵਿਕਾਸ ਨੂੰ ਹੁਲਾਰਾ ਦੇਣ ਲਈ ਸੈਕਟਰ ਅਧਾਰਿਤ ਟਾਸਕ ਫੋਰਸ ਦਾ ਗਠਨ ਕਰਨ ਦੀ ਵਕਾਲਤ ਕੀਤੀ। ਉਨ੍ਹਾਂ ਕਿਹਾ ਕਿ ਉਦਯੋਗ ਦੇ ਨੁਮਾਇੰਦਿਆਂ ਤੋਂ ਇਲਾਵਾ ਇਸ ਟਾਸਤ ਫੋਰਸ ਸੂਬਾ ਸਰਕਾਰ ਦੇ ਅਧਿਕਾਰੀ ਵੀ ਹੋਣੇ ਚਾਹੀਦੇ ਹਨ ਤਾਂ ਕਿ ਇਨ੍ਹਾਂ ਸੈਕਟਰਾਂ ਦੀ ਤਰੱਕੀ ਲਈ ਢੁਕਵੀਂ ਯੋਜਨਾਬੰਦੀ ਤੇ ਰਣਨੀਤੀ ਉਲੀਕੀ ਜਾ ਸਕੇ। ਅਰਵਿੰਦ ਕੇਜਰੀਵਾਲ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਕਦਮ ਸੂਬੇ ਵਿਚ ਸਨਅਤ ਦੇ ਵਿਆਪਕ ਵਿਕਾਸ ਨੂੰ ਯਕੀਨੀ ਬਣਾਉਣ ਵਿੱਚ ਸਹਾਈ ਹੋਵੇਗਾ।
ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਸੰਜੀਦਾ ਯਤਨਾਂ ਸਦਕਾ ਸੂਬੇ ਵਿੱਚ 50840 ਕਰੋੜ ਰੁਪਏ ਦਾ ਨਿਵੇਸ਼ ਆਇਆ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਵੱਡਾ ਨਿਵੇਸ਼ ਕਰਨ ਲਈ ਸਨਅਤੀ ਦਿੱਗਜ਼ ਆ ਰਹੇ ਹਨ ਜਿਨ੍ਹਾਂ ਦਾ ਸੂਬਾ ਸਰਕਾਰ ਜ਼ੋਰਦਾਰ ਸਵਾਗਤ ਕਰ ਰਹੀ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਸ ਉਪਰਾਲੇ ਨਾਲ ਸੂਬੇ ਵਿਚ ਰੋਜ਼ਗਾਰ ਦੇ 2.25 ਲੱਖ ਮੌਕੇ ਪੈਦਾ ਹੋਣਗੇ।
ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਹੁਣ ਤੱਕ ਦੇ ਸਭ ਤੋਂ ਕਾਬਲ ਤੇ ਬਿਹਤਰ ਮੁੱਖ ਮੰਤਰੀ ਹਨ ਕਿਉਂ ਜੋ ਸੂਬਾ ਹਰੇਕ ਸੈਕਟਰ ਵਿੱਚ ਤਰੱਕੀ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਨੇ ਸਿੱਖਿਆ ਤੇ ਸਿਹਤ ਖੇਤਰ ਵਿਚ ਕ੍ਰਾਂਤੀ ਲਿਆਂਦੀ ਗਈ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਅਤੇ ਇੱਥੋਂ ਲੋਕਾਂ ਦੇ ਵਡੇਰੇ ਹਿੱਤ ਵਿੱਚ ਕਈ ਲੋਕ-ਪੱਖੀ ਤੇ ਵਿਕਾਸ ਮੁਖੀ ਉਪਰਾਲੇ ਕੀਤੇ ਹਨ।
ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਮਿਲਣੀ ਵੋਟਾਂ ਮੰਗਣ ਲਈ ਨਹੀਂ ਹੈ ਸਗੋਂ ਇਹ ਭਰੋਸਾ ਦਿਵਾਉਣ ਲਈ ਕੀਤੀ ਗਈ ਹੈ ਕਿ ਅਸੀਂ ਉਦਯੋਗ ਦੇ ਨਾਲ ਖੜ੍ਹੇ ਹਾਂ। ਉਨ੍ਹਾਂ ਕਿਹਾ ਕਿ ਇਸ ਮਿਲਣੀ ਦਾ ਉਦੇਸ਼ ਸੂਬੇ ਦੇ ਸਥਾਨਕ ਉਦਯੋਗ ਦਾ 10 ਗੁਣਾ ਵਿਸਥਾਰ ਕਰਨਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਦੇ ਸਹਿਯੋਗ ਨਾਲ ਉਦਯੋਗਪਤੀਆਂ ਦਾ ਏਜੰਡਾ ਸੂਬੇ ਵਿੱਚ ਸਨਅਤ ਨੂੰ ਹੁਲਾਰਾ ਦੇਣ ਵਿੱਚ ਸਹਾਈ ਹੋਵੇਗਾ।  
—-

Leave a Reply

Your email address will not be published. Required fields are marked *