ਵੈਟਨਰੀ ਯੂਨੀਵਰਸਿਟੀ ਵਿਖੇ ‘ਪਸ਼ੂ ਪਾਲਣ ਮੇਲਾ’ ਆਰੰਭ

Ludhiana Punjabi

DMT : ਲੁਧਿਆਣਾ : (24 ਮਾਰਚ 2023) : – ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਵਿਖੇ ਪਸ਼ੂ ਪਾਲਣ ਮੇਲੇ ਦਾ ਉਦਘਾਟਨ ਡਾ. ਸਤਬੀਰ ਸਿੰਘ ਗੋਸਲ, ਉੁਪ-ਕੁਲਪਤੀ, ਪੀ ਏ ਯੂ ਨੇ ਆਪਣੇ ਕਰ ਕਮਲਾਂ ਨਾਲ ਕੀਤਾ।ਇਸ ਮੌਕੇ ਸ. ਕੁਲਦੀਪ ਸਿੰਘ ਜੱਸੋਵਾਲ, ਨਿਰਦੇਸ਼ਕ ਡੇਅਰੀ ਵਿਕਾਸ ਵਿਭਾਗ, ਪੰਜਾਬ ਅਤੇ ਹੋਰ ਪਤਵੰਤੇ ਮਹਿਮਾਨਾਂ ਨੇ ਵੀ ਸਮਾਗਮ ਦੀ ਸੋਭਾ ਵਧਾਈ।

ਉਨ੍ਹਾਂ ਨੇ ਵਿਭਿੰਨ ਸਟਾਲਾਂ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਡਾ. ਪਰਕਾਸ਼ ਸਿੰਘ ਬਰਾੜ, ਨਿਰਦੇਸ਼ਕ ਪਸਾਰ ਸਿੱਖਿਆ, ਡਾ. ਜਤਿੰਦਰ ਪਾਲ ਸਿੰਘ ਗਿੱਲ, ਨਿਰਦੇਸ਼ਕ ਖੋਜ ਅਤੇ ਯੂਨੀਵਰਸਿਟੀ ਦੇ ਅਧਿਕਾਰੀ ਸ਼ਾਮਿਲ ਸਨ। ਡਾ. ਗੋਸਲ ਨੇ ਕਿਹਾ ਕਿ ਵਿਸ਼ਾਣੂ ਬਿਮਾਰੀਆਂ ਮਨੁੱਖਾਂ, ਪਸ਼ੂਆਂ ਅਤੇ ਪੌਦਿਆਂ ’ਤੇ ਘਾਤਕ ਅਸਰ ਕਰ ਰਹੀਆਂ ਹਨ। ਇਸ ਲਈ ਸਾਨੂੰ ਇਨ੍ਹਾਂ ਨੂੰ ਕਾਬੂ ਕਰਨ ਅਤੇ ਬਚਾਅ ਹਿਤ ਹੋਰ ਕੇਂਦਰਿਤ ਖੋਜ ਕਰਨ ਦੀ ਜਰੂਰਤ ਹੈ। ਉਨ੍ਹਾਂ ਕਿਹਾ ਕਿ ਵੈਟਨਰੀ ਯੂਨੀਵਰਸਿਟੀ ਵੱਲੋਂ ਵਿਦੇਸ਼ੀ ਯੂਨੀਵਰਸਿਟੀਆਂ ਨਾਲ ਕੀਤੇ ਜਾ ਰਹੇ ਦੁਵੱਲੇ ਵਿਗਿਆਨਕ ਆਦਾਨ ਪ੍ਰਦਾਨ ਵਿਗਿਆਨੀ ਅਤੇ ਕਿਸਾਨੀ ਭਾਈਚਾਰੇ ਲਈ ਬੜੇ ਚੰਗੇ ਨਤੀਜੇ ਲਿਆ ਰਹੇ ਹਨ।

ਡਾ. ਇੰਦਰਜੀਤ ਸਿੰਘ, ਉਪ-ਕੁਲਪਤੀ, ਵੈਟਨਰੀ ਯੂਨੀਵਰਸਿਟੀ ਨੇ ਕਿਹਾ ਕਿ ਚੌਗਿਰਦਾ ਅਨੁਕੂਲ ਪਸ਼ੂ ਪਾਲਣ ਅਪਣਾਅ ਕੇ ਜਿਥੇ ਅਸੀਂ ਦੂਸਰੇ ਜੀਵਾਂ ਨੂੰ ਬਰਾਬਰ ਦਾ ਜੀਣ ਦਾ ਮੌਕਾ ਦਿੰਦੇ ਹਾਂ ਉਥੇ ਇਕ ਦੂਸਰੇ ਦੇ ਪੂਰਕ ਵੀ ਬਣਦੇ ਹਾਂ, ਇਸ ਲਈ ਸਾਨੂੰ ਆਪਣੇ ਕਿੱਤਿਆਂ ਨੂੰ ਚੌਗਿਰਦੇ ਅਨੁਸਾਰ ਵਿਉਂਤਬੱਧ ਕਰਨਾ ਲੋੜੀਂਦਾ ਹੈ।

          ਮਾਰਚ ਅਤੇ ਸਿਤੰਬਰ ਦੇ ਮਹੀਨੇ, ਸਾਲ ਵਿੱਚ ਦੋ ਵਾਰ ਲਗਾਇਆ ਜਾਂਦਾ ਇਹ ਮੇਲਾ ਪਸ਼ੂ ਪਾਲਕਾਂ, ਵਿਗਿਆਨੀਆਂ, ਪਸਾਰ ਕਰਮਚਾਰੀਆਂ, ਡੇਅਰੀ ਅਫਸਰਾਂ, ਪਸ਼ੂ ਆਹਾਰ ਮਾਹਿਰਾਂ, ਮੱਛੀ ਪਾਲਣ ਅਧਿਕਾਰੀਆਂ ਅਤੇ ਪਸ਼ੂ ਇਲਾਜ ਅਤੇ ਤਕਨੀਕੀ ਸੰਦਾਂ ਨਾਲ ਜੁੜੀਆਂ ਵੱਖ-ਵੱਖ ਕੰਪਨੀਆਂ ਨੂੰ ਇਕ ਸਾਂਝਾ ਮੰਚ ਮੁਹੱਈਆ ਕਰਦਾ ਹੈ। ਇਸ ਮੰਚ ’ਤੇ ਜਿੱਥੇ ਨਵੀਆਂ ਸੂਚਨਾਵਾਂ, ਤਕਨੀਕਾਂ ਅਤੇ ਸਕੀਮਾਂ ਸਾਂਝੀਆਂ ਕੀਤੀਆਂ ਜਾਂਦੀਆਂ ਹਨ, ਉਥੇ ਕਈ ਤਰ੍ਹਾਂ ਦੇ ਤਜਰਬੇ ਵੀ ਵਿਚਾਰੇ ਜਾਂਦੇ ਹਨ। 

ਮੇਲੇ ਸਬੰਧੀ ਦੱਸਦਿਆਂ ਡਾ. ਪਰਕਾਸ਼ ਸਿੰਘ ਬਰਾੜ, ਨਿਰਦੇਸ਼ਕ ਪਸਾਰ ਸਿੱਖਿਆ ਨੇ ਜਾਣਕਾਰੀ ਦਿੱਤੀ ਕਿ ਕਾਫੀ ਵੱਡੀ ਗਿਣਤੀ ਵਿੱਚ ਲੋਕ ਬੱਕਰੀ, ਸੂਰ ਤੇ ਮੱਛੀਆਂ ਪਾਲਣ ਦੇ ਧੰਦੇ ਅਪਨਾਉਣ ਸੰਬੰਧੀ ਗਿਆਨ ਲੈ ਰਹੇ ਸਨ। ਕੋਰੋਨਾ ਪਾਬੰਦੀਆਂ ਕਾਰਣ ਤਿੰਨ ਸਾਲ ਬਾਅਦ ਇਹ ਮੇਲਾ ਅਸਲ ਮੇਲੇ ਦੇ ਰੂਪ ਵਿਚ ਕਰਾਇਆ ਜਾ ਰਿਹਾ ਹੈ ਇਸ ਲਈ ਕਿਸਾਨਾਂ ਵਿਚ ਬਹੁਤ ਉਤਸਾਹ ਵੇਖਣ ਨੂੰ ਮਿਲਿਆ। ਉਹ ਯੂਨੀਵਰਸਿਟੀ ਵੱਲੋਂ ਭਵਿੱਖ ਵਿੱਚ ਕਰਵਾਏ ਜਾ ਰਹੇ ਸਿਖਲਾਈ ਕੋਰਸਾਂ ਬਾਰੇ ਜਾਣਕਾਰੀ ਲੈਣ ਲਈ ਵੀ ਜਗਿਆਸੂ ਸਨ।ਯੂਨੀਵਰਸਿਟੀ ਵੱਲੋਂ ਪਸ਼ੂ ਪਾਲਕਾਂ ਲਈ ਪ੍ਰਕਾਸ਼ਿਤ ਕੀਤੀਆਂ ਜਾਂਦੀਆਂ ਪੁਸਤਕਾਂ ਜਿਵੇਂ ਡੇਅਰੀ ਫਾਰਮਿੰਗ, ਪਸ਼ੂਆਂ ਦੀ ਸਿਹਤ ਸੰਭਾਲ ਅਤੇ ਪਾਲਣ ਸਬੰਧੀ ਸਮੱਸਿਆਵਾਂ ਅਤੇ ਮਹੀਨੇਵਾਰ ਰਸਾਲੇ ‘ਵਿਗਿਆਨਕ ਪਸ਼ੂ ਪਾਲਣ’ ਨੂੰ ਵੀ ਪਸ਼ੂ ਪਾਲਕਾਂ ਅਤੇ ਨੌਜਵਾਨਾਂ ਨੇ ਬਹੁਤ ਪਸੰਦ ਕੀਤਾ।ਯੂਨੀਵਰਸਿਟੀ ਵੱਲੋਂ ਦਿੱਤੀਆਂ ਜਾ ਰਹੀਆਂ ਸਹੁੂਲਤਾਂ ਅਤੇ ਵਿਸ਼ੇਸ਼ਤਾਵਾਂ ਬਾਰੇ ਪਰਚੇ ਵੀ ਵੰਡੇ ਗਏ। ਸੰਯੁਕਤ ਪਸ਼ੂ ਪਾਲਣ ਨੂੰ ਉਤਸਾਹਿਤ ਕਰਨ ਅਤੇ ਕਿਸਾਨਾਂ ਦਾ ਮੁਨਾਫ਼ਾ ਵਧਾਉਣ ਹਿਤ ਵਿਭਿੰਨ ਮਾਡਲ ਪ੍ਰਦਰਸ਼ਿਤ ਕੀਤੇ ਗਏ ਸਨ। ਇਨ੍ਹਾਂ ਰਾਹੀਂ ਸਾਡੇ ਵਾਤਾਵਰਣ ’ਤੇ ਪੈ ਰਹੇ ਪ੍ਰਭਾਵਾਂ ਨੂੰ ਵੀ ਦਰਸਾਇਆ ਗਿਆ ਸੀ। ਮੇਲੇ ਨੂੰ ਪੰਜ ਵੱਖੋ-ਵੱਖਰੇ ਉਦੇਸ਼ ਆਧਾਰਿਤ ਖੇਤਰਾਂ ਵਿਚ ਦਰਸਾਇਆ ਗਿਆ ਸੀ। ਜਿਸ ਵਿਚ ਪਸ਼ੂ ਸਿਹਤ, ਨਿਰੀਖਣ, ਭੋਜਨ ਪ੍ਰਾਸੈਸਿੰਗ, ਪਸ਼ੂ ਉਤਪਾਦਨ ਅਤੇ ਮੰਡੀਕਾਰੀ ਤੇ ਪਸਾਰ ਸ਼ਾਮਿਲ ਸਨ। ਇਸ ਦਾ ਉਦੇਸ਼ ਇਕੋ ਮੰਚ ’ਤੇ ਕਿਸਾਨਾਂ ਨੂੰ ਸਾਰਾ ਗਿਆਨ ਉਪਲਬਧ ਕਰਾਉਣਾ ਸੀ।

ਯੂਨੀਵਰਸਿਟੀ ਦੇ ਵੈਟਨਰੀ ਕਾਲਜ ਦੇ ਵਿਭਿੰਨ ਵਿਭਾਗਾਂ ਨੇ ਪਸ਼ੂ ਪਾਲਕਾਂ ਦੇ ਫਾਇਦੇ ਹਿੱਤ ਪਸ਼ੂਆਂ ਨੂੰ ਹੋਣ ਵਾਲੀਆਂ ਬਿਮਾਰੀਆਂ ਅਤੇ ਸਮੱਸਿਆਵਾਂ ਸਬੰਧੀ ਵਿਸ਼ੇਸ਼ ਜਾਣਕਾਰੀ ਦਿੱਤੀ। ਵਿਭਾਗਾਂ ਨੇ ਆਪਣੇ ਵੱਖ-ਵੱਖ ਸਟਾਲ ਲਗਾ ਕੇ ਪਸ਼ੂਆਂ ਦੀ ਹਰ ਉਲਝਣ ਤੇ ਰੋਸ਼ਨੀ ਪਾਈ।ਦੁੱਧ ਦੀ ਜਾਂਚ ਕਿੱਟ, ਲੇਵੇ ਦੀ ਸੋਜ ਤੋਂ ਬਚਾਉ ਕਿੱਟ, ਥਣਾਂ ਦੀ ਸੰਭਾਲ ਦੀ ਜਾਣਕਾਰੀ ਅਤੇ ਚਿੱਚੜਾਂ, ਮਲੱਪਾਂ ਤੋਂ ਬਚਾਅ ਵਾਸਤੇ ਵੀ ਪ੍ਰਦਰਸ਼ਨੀ ਲਾਈ ਗਈ ਸੀ ਜਿਸ ਦਾ ਪਸ਼ੂ ਪਾਲਕਾਂ ਨੇ ਕਾਫੀ ਫਾਇਦਾ ਪ੍ਰਾਪਤ ਕੀਤਾ।

ਯੂਨੀਵਰਸਿਟੀ ਦੇ ਫਿਸ਼ਰੀਜ ਕਾਲਜ ਨੇ ਜਿੱਥੇ ਕਾਰਪ ਮੱਛੀਆਂ ਅਤੇ ਸਜਾਵਟੀ ਮੱਛੀਆਂ ਦਾ ਪ੍ਰਦਰਸ਼ਨ ਕੀਤਾ, ਉਥੇ ਉਨਾਂ ਨੇ ਖਾਰੇ ਪਾਣੀ ਵਿੱਚ ਮੱਛੀ ਪਾਲਣ ਅਤੇ ਝੀਂਗਾ ਪਾਲਣ ਸਬੰਧੀ ਵੀ ਜਾਣਕਾਰੀ ਪ੍ਰਦਾਨ ਕੀਤੀ। ਡਕਵੀਡ ਅਤੇ ਅਜ਼ੋਲਾ ਨੂੰ ਮੱਛੀ ਦੀ ਫੀਡ ਅਤੇ ਪਸ਼ੂ ਆਹਾਰ ਦੇ ਤੌਰ ’ਤੇ ਕਿਵੇਂ ਵਰਤਿਆ ਜਾ ਸਕਦਾ ਹੈ ਉਸ ਸਬੰਧੀ ਉਨ੍ਹਾਂ ਨੂੰ ਪੂਰਨ ਜਾਣਕਾਰੀ ਦਿੱਤੀ ਗਈ।ਪਸ਼ੂ ਆਹਾਰ ਵਿਭਾਗ ਵੱਲੋਂ ਤਿਆਰ ਕੀਤੇ ਗਏ ਇਲਾਕਾ ਆਧਾਰਿਤ ਧਾਤਾਂ ਦੇ ਮਿਸ਼ਰਣ, ਬਾਈ-ਪਾਸ ਫੈਟ ਅਤੇ ਪਸ਼ੂ ਚਾਟ ਸਬੰਧੀ ਪਸ਼ੂ ਪਾਲਕ ਵਿਸ਼ੇਸ਼ ਖਿੱਚ ਰੱਖਦੇ ਸਨ।ਉਨਾਂ ਵੱਡੀ ਮਾਤਰਾ ਵਿੱਚ ਇਨਾਂ ਪਦਾਰਥਾਂ ਨੂੰ ਖਰੀਦਣ ਵਿਚ ਰੁਚੀ ਵਿਖਾਈ।

ਕਾਲਜ ਆਫ ਡੇਅਰੀ ਸਾਇੰਸ ਅਤੇ ਤਕਨਾਲੋਜੀ ਦੇ ਡੇਅਰੀ ਪਲਾਂਟ ਵਿੱਚ ਤਿਆਰ ਕੀਤੀ ਭਿੰਨ-ਭਿੰਨ ਤਰ੍ਹਾਂ ਦੀ ਮਿੱਠੀ ਅਤੇ ਨਮਕੀਨ ਲੱਸੀ, ਦੁੱਧ, ਪਨੀਰ, ਢੋਡਾ ਬਰਫੀ, ਅਤੇ ਹੋਰ ਕਈ ਉਤਪਾਦਾਂ ਦਾ ਪ੍ਰਦਰਸ਼ਨ ਕੀਤਾ ਗਿਆ ਅਤੇ ਮੇੇਲੇ ਵਿੱਚ ਆਏ ਲੋਕਾਂ ਨੇ ਇਸ ਦਾ ਭਰਪੂਰ ਆਨੰਦ ਮਾਣਿਆ।ਪਸ਼ੂਧਨ ਉਤਪਾਦ ਵਿਭਾਗ ਵੱਲੋਂ ਤਿਆਰ ਕੀਤੇ ਗਏ ਉਤਪਾਦ ਜਿਵੇਂ ਮੀਟ ਦੀਆਂ ਪੈਟੀਆਂ, ਮੀਟ ਤੇ ਆਂਡਿਆਂ ਦਾ ਆਚਾਰ ਖਰੀਦਣ ਅਤੇ ਉਨਾਂ ਨੂੰ ਬਨਾਉੇਣ ਦੀਆਂ ਵਿਧੀਆਂ ਜਾਨਣ ਲਈ ਵੀ ਜਗਿਆਸਾ ਜ਼ਾਹਰ ਕੀਤੀ।ਇਸ ਵਿਭਾਗ ਨੇ ਮੀਟ ਕਟਲੈਟ ਅਤੇ ਹੋਰ ਕਈ ਵਸਤਾਂ ਪੇਸ਼ ਕੀਤੀਆਂ ਸਨ।ਮਾਹਿਰਾਂ ਨੇ ਇਹ ਵੀ ਦੱਸਿਆ ਕਿ ਇਸ ਕਿੱਤੇ ਨੰੂ ਸ਼ੁਰੂ ਕਰਨ ਲਈ ਯੂਨੀਵਰਸਿਟੀ ਨਾਲ ਰਾਬਤਾ ਰੱਖ ਕੇ ਸਿਖਲਾਈ ਵੀ ਲੈ ਸਕਦੇ ਹਨ।

ਯੂਨੀਵਰਸਿਟੀ ਦੇ ਵੱਖੋ ਵੱਖਰੇ ਵਿਭਾਗ, ਮਿਲਕਫੈਡ, ਦਵਾਈਆਂ, ਟੀਕਿਆਂ ਦੀਆਂ ਫਰਮਾਂ ਅਤੇ ਦੁੱਧ ਪ੍ਰਾਸੈਸਿੰਗ ਮਸ਼ੀਨਰੀ ਵਾਲੀਆਂ ਕੰਪਨੀਆਂ ਨੇ ਆਪਣੇ ਸਟਾਲ ਲਗਾਏ ਹੋਏ ਸਨ।ਯੂਨੀਵਰਸਿਟੀ ਦੀ ਦੇਖ ਰੇਖ ਵਿੱਚ ਸਥਾਪਿਤ ਜਥੇਬੰਦੀਆਂ ਨੇ ਵੀ ਆਪਣੇ ਸਟਾਲ ਲਗਾ ਕੇ ਨਵੇਂ ਮੈਂਬਰਾਂ ਦੀ ਭਰਤੀ ਕੀਤੀ।ਯੂਨੀਵਰਸਿਟੀ ਦੇ ਪ੍ਰਬੰਧਕੀ ਬੋਰਡ ਦੇ ਮੈਂਬਰਾਂ, ਅਧਿਕਾਰੀਆਂ, ਅਧਿਆਪਕ ਸਾਹਿਬਾਨ, ਮੁਲਾਜ਼ਮਾਂ ਤੇ ਵਿਦਿਆਰਥੀਆਂ ਨੇ ਪੂਰੇ ਆਨੰਦ ਨਾਲ ਮੇਲੇ ਨੂੰ ਵੇਖਿਆ।ਪਸ਼ੂ ਪਾਲਕਾਂ ਨੇ ਮੇਲੇ ਵਿੱਚ ਭਰਵੀਂ ਹਾਜ਼ਰੀ ਲਗਵਾਈ, ਜਿਸ ਨਾਲ ਪਸ਼ੂ ਪਾਲਣ ਦੇ ਧੰਦਿਆਂ ਨੂੰ ਅਪਨਾਉਣ ਦੀ ਕਿਸਾਨਾਂ ਦੀ ਰੁਚੀ ਦਾ ਪਤਾ ਲਗਦਾ ਹੈ।ਮੇਲਾ 25 ਮਾਰਚ ਨੂੰ ਵੀ ਜਾਰੀ ਰਹੇਗਾ।

Leave a Reply

Your email address will not be published. Required fields are marked *