- ਸ਼ਹੀਦੀ ਦਿਹਾੜੇ ਮੌਕੇ ਸ਼ਹੀਦ ਸੁਖਦੇਵ ਜੀ ਨੂੰ ਦਿੱਤੀ ਸਰਧਾਂਜਲੀ
- ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਵਧੀਕ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਕੀਤੇ ਸ਼ਰਧਾ ਦੇ ਫੁੱਲ ਭੇਂਟ
DMT : ਲੁਧਿਆਣਾ : (23 ਮਾਰਚ 2023) : – ਸ਼ਹੀਦ ਕਿਸੇ ਧਰਮ, ਫਿਰਕੇ ਜਾਂ ਖੇਤਰ ਤੱਕ ਸੀਮਤ ਨਹੀਂ ਹੁੰਦੇ, ਸਗੋਂ ਉਹ ਪੂਰੀ ਕੌਮ ਦਾ ਮਾਣ, ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਣਾ ਸਰੋਤ ਅਤੇ ਦੇਸ਼ ਦਾ ਸ਼ਰਮਾਇਆ ਹੁੰਦੇ ਹਨ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਲੁਧਿਆਣਾ ਕੇਂਦਰੀ ਤੋਂ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਵਲੋਂ ਅੱਜ ਸਹੀਦ ਸੁਖਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸਥਾਨਕ ਮੁਹੱਲਾ ਨੌਂਘਰਾ ਵਿਖੇ ਸ਼ਹੀਦ ਦੇ ਜੱਦੀ ਘਰ ਵਿਖੇ ਸ਼ਰਧਾਂਜਲੀ ਭੇਟ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰਾਹੁਲ ਚਾਬਾ ਤੋਂ ਇਲਾਵਾ ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਦੇ ਸੀਨੀਅਰ ਅਧਿਕਾਰੀਆਂ ਵਲੋਂ ਵੀ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ।
ਵਿਧਾਇਕ ਪਰਾਸ਼ਰ ਨੇ ਕਿਹਾ ਕਿ ਸ਼ਹੀਦ ਸੁਖਦੇਵ ਜੀ ਨੇ ਸ਼ਹੀਦ ਭਗਤ ਸਿੰਘ ਅਤੇ ਸ਼ਹੀਦ ਰਾਜਗੁਰ ਜੀ ਦੇ ਨਾਲੇ ਦੇਸ਼ ਦੀ ਖਾਤਰ ਵਿਦੇਸ਼ੀ ਹਕੂਮਤ ਨਾਲ ਡੱਟ ਕੇ ਮੁਕਾਬਲਾ ਕੀਤਾ ਅਤੇ ਦੇਸ਼ ਵਾਸੀ ਹਮੇਸ਼ਾ ਉਨ੍ਹਾਂ ਦੇ ਰਿਣੀ ਰਹਿਣਗੇ। ਉਨ੍ਹਾਂ ਅੱਗੇ ਕਿਹਾ ਕਿ ਧਰਤੀ ਦੇ ਇਨ੍ਹਾਂ ਮਹਾਨ ਸਪੂਤਾਂ ਨੇ ਦੇਸ਼ ਨੂੰ ਵਿਦੇਸ਼ੀ ਸਾਮਰਾਜਵਾਦ ਦੀਆਂ ਜੰਜੀਰਾਂ ਤੋਂ ਮੁਕਤ ਕਰਵਾਉਣ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਹਨ।
ਉਨ੍ਹਾਂ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਸ਼ਹੀਦਾਂ ਦਾ ਮਾਣ ਸਨਮਾਨ ਬਰਕਰਾਰ ਰੱਖਣ ਲਈ ਵਚਨਬੱਧ ਹੈ ਜਿਸਦੇ ਤਹਿਤ ਬੀਤੀ 6 ਮਾਰਚ ਦੇ ਵਿਧਾਨ ਸਭਾ ਬਜਟ ਸੈਸ਼ਨ ਦੌਰਾਨ ਸਥਾਨਕ ਨੌਘਾਰਾ ਮੁਹੱਲਾ ਵਿਖੇ ਸ਼ਹੀਦ ਸੁਖਦੇਵ ਥਾਪਰ ਦੇ ਜੱਦੀ ਘਰ ਤੱਕ ਸਿੱਧੀ ਪਹੁੰਚ ਨੂੰ ਯਕੀਨੀ ਬਣਾਉਣ ਦਾ ਮੁੱਦਾ ਵੀ ਜ਼ੋਰਾਂ-ਸ਼ੋਰਾਂ ਨਾਲ ਚੁੱਕਿਆ ਸੀ।