ਸੰਸਦ ਮੈਂਬਰ ਸੰਜੀਵ ਅਰੋੜਾ ਨੇ ਐਨਐਚਏਆਈ ਅਧਿਕਾਰੀਆਂ ਨੂੰ ਫਿਰੋਜ਼ਪੁਰ ਰੋਡ ਐਲੀਵੇਟਿਡ ਰੋਡ ਪ੍ਰੋਜੈਕਟ 30 ਜੂਨ ਤੱਕ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼

Ludhiana Punjabi
  • ਐਨ.ਐਚ.ਏ.ਆਈ ਦੇ ਹੋਰ ਪ੍ਰੋਜੈਕਟਾਂ ਦੀ ਤੇਜ਼ੀ ਨਾਲ ਉਸਾਰੀ ਨੂੰ ਯਕੀਨੀ ਬਣਾਉਣ ਲਈ ਕਿਹਾ
  • ਹਾਈਵੇਅ ’ਤੇ ਸਾਈਨੇਜ ਲਗਾਉਣ ਅਤੇ ਨਾਜਾਇਜ਼ ਕੱਟਾਂ ਨੂੰ ਪਹਿਲ ਦੇ ਆਧਾਰ ’ਤੇ ਹਟਾਉਣ ਲਈ ਕਿਹਾ
  • ਫੈਕਟਰੀਆਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਉਨ੍ਹਾਂ ਦੇ ਕਰਮਚਾਰੀ ਆਪਣੇ ਵਾਹਨਾਂ ‘ਤੇ ਹੈਲਮੇਟ ਅਤੇ ਰਿਫਲੈਕਟਰ ਪਹਿਨਣ

DMT : ਲੁਧਿਆਣਾ : (23 ਜਨਵਰੀ 2023) : – ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਸੋਮਵਾਰ ਨੂੰ ਲੁਧਿਆਣਾ-ਫ਼ਿਰੋਜ਼ਪੁਰ ਹਾਈਵੇਅ ‘ਤੇ ਐਲੀਵੇਟਿਡ ਰੋਡ ਪ੍ਰੋਜੈਕਟ ‘ਤੇ ਕੰਮ ਕਰ ਰਹੇ  ਐਨਐਚਏਆਈ ਅਧਿਕਾਰੀਆਂ ਨੂੰ 30 ਜੂਨ, 2023 ਤੱਕ ਪ੍ਰੋਜੈਕਟ ਨੂੰ ਪੂਰਾ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ  ਐਨਐਚਏਆਈ ਦੇ ਸੀਨੀਅਰ ਅਧਿਕਾਰੀਆਂ ਨੇ ਉਨ੍ਹਾਂ ਨੂੰ ਨਿੱਜੀ ਤੌਰ ‘ਤੇ ਭਰੋਸਾ ਦਿੱਤਾ ਹੈ ਕਿ ਇਹ ਪ੍ਰੋਜੈਕਟ 30 ਜੂਨ, 2023 ਤੱਕ ਪੂਰਾ ਕਰ ਲਿਆ ਜਾਵੇਗਾ।

ਜ਼ਿਲ੍ਹਾ ਲੁਧਿਆਣਾ ਵਿੱਚ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ.) ਅਧੀਨ ਚੱਲ ਰਹੇ ਵੱਖ-ਵੱਖ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਮੇਂਬਰ ਪਾਰਲੀਮੈਂਟ (ਰਾਜਸਭਾ) ਅਰੋੜਾ ਨੇ ਕਿਹਾ ਕਿ ਲੁਧਿਆਣਾ-ਫਿਰੋਜ਼ਪੁਰ ਹਾਈਵੇ ‘ਤੇ ਉਸਾਰੀ ਅਧੀਨ ਐਲੀਵੇਟਿਡ ਰੋਡ ਪ੍ਰੋਜੈਕਟ ਟ੍ਰੈਫਿਕ ਜਾਮ ਦਾ ਵੱਡਾ ਕਾਰਨ ਬਣ ਗਿਆ ਹੈ ਅਤੇ ਐਨ.ਐਚ.ਏ.ਆਈ. ਨੂੰ ਉਸਾਰੀ ਦਾ ਕੰਮ ਜਲਦੀ ਤੋਂ ਜਲਦੀ ਮੁਕੰਮਲ ਕਰਨ ਲਈ ਪ੍ਰਮੁੱਖ ਤਰਜੀਹ ਦੇਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਆਰਤੀ ਚੌਕ ਨੇੜੇ 66 ਕੇਵੀ ਦੀ ਜ਼ਮੀਨਦੋਜ਼ ਕੇਬਲ ਵਿਛਾਉਣ ਦਾ ਟੈਂਡਰ ਪਹਿਲਾਂ ਹੀ ਲੱਗ ਚੁੱਕਾ ਹੈ ਅਤੇ ਸ਼ਹਿਰ ਦੀ ਲਾਈਫ ਲਾਈਨ ’ਤੇ ਆਉਣ-ਜਾਣ ਵਾਲੇ ਯਾਤਰੀਆਂ ਦੀ ਸਹੂਲਤ ਲਈ ਇਹ ਕੰਮ ਮਿੱਥੇ ਸਮੇਂ ਤੋਂ ਪਹਿਲਾਂ ਮੁਕੰਮਲ ਕਰ ਲਿਆ ਜਾਵੇ।

ਅਰੋੜਾ ਨੇ ਦੱਸਿਆ ਕਿ ਸ਼ੇਰਪੁਰ ਚੌਕ ਨੇੜੇ ਆਰ.ਓ.ਬੀ. ਦਾ 90 ਫੀਸਦੀ ਕੰਮ ਮੁਕੰਮਲ ਹੋ ਚੁੱਕਾ ਹੈ ਅਤੇ ਤਾਜਪੁਰ ਫਲਾਈਓਵਰ ਨੂੰ ਫਰਵਰੀ ਦੇ ਪਹਿਲੇ ਹਫ਼ਤੇ ਲੋਕਾਂ ਲਈ ਖੋਲ੍ਹ ਦਿੱਤਾ ਜਾਵੇਗਾ।

ਰਾਜ ਸਭਾ ਮੈਂਬਰ ਨੇ ਇਹ ਵੀ ਕਿਹਾ ਕਿ ਸੜਕ ਸੁਰੱਖਿਆ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾਣੀ ਚਾਹੀਦੀ ਹੈ ਅਤੇ ਅਧਿਕਾਰੀਆਂ ਨੂੰ ਹਾਈਵੇਅ ‘ਤੇ ਸਹੀ ਟਰੈਫਿਕ ਸੰਕੇਤ ਲਗਾਉਣ ਅਤੇ ਕੀਮਤੀ ਜਾਨਾਂ ਬਚਾਉਣ ਲਈ ਸਾਰੇ ਗੈਰ-ਕਾਨੂੰਨੀ ਕੱਟਾਂ ਨੂੰ ਹਟਾਉਣ ਲਈ ਕਿਹਾ ਹੈ।

ਇਸ ਤੋਂ ਇਲਾਵਾ ਸੰਸਦ ਮੈਂਬਰ ਨੇ ਉਦਯੋਗਿਕ ਘਰਾਣਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਵਾਹਨਾਂ ‘ਤੇ ਹੈਲਮੇਟ ਅਤੇ ਰਿਫਲੈਕਟਰ ਪਾਉਣਾ ਯਕੀਨੀ ਬਣਾਉਣ ਜਿਸ ਨਾਲ ਸੜਕ ਹਾਦਸਿਆਂ ਨੂੰ ਘੱਟ ਕਰਨ ‘ਚ ਮਦਦ ਮਿਲੇਗੀ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਦਿੱਲੀ-ਕਟੜਾ ਐਕਸਪ੍ਰੈਸ ਵੇਅ ਅਤੇ ਲੁਧਿਆਣਾ-ਰੋਪੜ ਨੂੰ ਚਹੁੰ ਮਾਰਗੀ ਬਣਾਉਣ ਲਈ ਜ਼ਮੀਨ ਜਲਦੀ ਐਕੁਆਇਰ ਕੀਤੀ ਜਾਵੇ।

ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੇ ਕਿਹਾ ਕਿ ਪ੍ਰਸ਼ਾਸਨ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਸੜਕਾਂ ‘ਤੇ ਸੁਚਾਰੂ ਢੰਗ ਨਾਲ ਆਉਣ-ਜਾਣ ਦੀ ਸਹੂਲਤ ਦੇਣ ਲਈ ਵਚਨਬੱਧ ਹੈ।

ਮੀਟਿੰਗ ਵਿੱਚ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਦੇ ਨਾਲ-ਨਾਲ ਐਨਜੀਓਜ਼ ਦੇ ਨੁਮਾਇੰਦੇ ਵੀ ਹਾਜ਼ਰ ਸਨ।

Leave a Reply

Your email address will not be published. Required fields are marked *