ਜ਼ਿਲ੍ਹਾ ਲੁਧਿਆਣਾ ‘ਚ ਝੋਨੇ ਦੀ ਬਿਜਾਈ 19 ਜੂਨ ਤੋਂ ਸ਼ੁਰੂ ਕੀਤੀ ਜਾਣੀ ਹੈ – ਮੁੱਖ ਖੇਤੀਬਾੜੀ ਅਫ਼ਸਰ

Ludhiana Punjabi
  • ਕਿਸਾਨ ਵੀਰਾਂ ਨੂੰ ਅਪੀਲ ਕਰਦਿਆਂ ਕਿਹਾ! ਪਨੀਰੀ ਦੀ ਬਿਜਾਈ ਨਿਰਧਾਰਿਤ ਸਮੇਂ ਨੂੰ ਧਿਆਨ ‘ਚ ਰੱਖਦਿਆਂ ਹੀ ਕੀਤੀ ਜਾਵੇ
  • ਕਿਸਾਨ ਕਣਕ ਦੀ ਨਾੜ ਨੂੰ ਅੱਗ ਨਾ ਲਗਾਉਣ, ਵਾਤਾਵਰਣ ਪਲੀਤ ਹੋਣ ਦੇ ਨਾਲ ਮਿੱਟੀ ਦੀ ਸਿਹਤ ‘ਤੇ ਵੀ ਪੈਂਦਾ ਹੈ ਮਾੜਾ ਪ੍ਰਭਾਵ – ਨਰਿੰਦਰ ਸਿੰਘ ਬੈਨੀਪਾਲ

DMT : ਲੁਧਿਆਣਾ : (17 ਮਈ 2023) : – ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ, ਡਾ. ਨਰਿੰਦਰ ਸਿੰਘ ਬੈਨੀਪਾਲ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਬਿਜਾਈ ਲਈ ਪੰਜਾਬ ਨੂੰ ਚਾਰ ਭਾਗਾਂ ਵਿੱਚ ਵੰਡਿਆਂ ਗਿਆ ਹੈ। ਜ਼ਿਲ੍ਹਾ ਲੁਧਿਆਣਾ ਵਿੱਚ ਝੋਨੇ ਦੀ ਬਿਜਾਈ 19 ਜੂਨ ਤੋਂ ਸ਼ੁਰੂ ਕੀਤੀ ਜਾਣੀ ਹੈ। ਸੋ ਕਿਸਾਨ ਵੀਰ ਇਸ ਗੱਲ ਦਾ ਧਿਆਨ ਰੱਖਣ ਅਤੇ ਪਨੀਰੀ ਦੀ ਬਿਜਾਈ ਇਸ ਤਾਰੀਕ ਨੂੰ ਧਿਆਨ ਵਿੱਚ ਰੱਖਦੇ ਹੋਏ ਹੀ ਕਰਨ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜ਼ਮੀਨਦੋਜ਼ ਪਾਣੀ ਦੀ ਬੱਚਤ ਲਈ ਘੱਟ ਸਮਾਂ ਲੈਣ ਵਾਲੀਆਂ ਕਿਸਮਾਂ ਜਿਵੇਂ ਪੀ.ਆਰ-126 ਦੀ ਕਾਸ਼ਤ ਕੀਤੀ ਜਾਵੇ ਅਤੇ ਇਸ ਕਿਸਮ ਦੀ ਪਨੀਰੀ ਦੀ ਬਿਜਾਈ 25 ਮਈ ਤੋਂ ਸ਼ੁਰੂ ਕੀਤੀ ਜਾਵੇ ਅਤੇ ਬਾਕੀ ਕਿਸਮਾਂ ਜਿਵੇਂ ਕਿ ਪੀ.ਆਰ-121, ਪੀ.ਆਰ-122, ਪੀ.ਆਰ-129 ਅਤੇ ਪੀ.ਆਰ-131 ਦੀ ਪਨੀਰੀ ਦੀ ਬਿਜਾਈ 20 ਮਈ ਤੋਂ ਸ਼ੁਰੂ ਕੀਤੀ ਜਾਵੇ। ਸਹੀ ਸਮੇਂ ‘ਤੇ ਬੀਜੀ ਝੋਨੇ ਦੀ ਫਸਲ ਦਾ ਮਿਆਰ ਵੀ ਵਧੀਆ ਹੁੰਦਾ ਹੈ ਅਤੇ ਤਣੇ ਦੇ ਗੜੂੰਏ ਦਾ ਹਮਲਾ ਵੀ ਘੱਟ ਹੁੰਦਾ ਹੈ। ਝੋਨੇ ਦੀ ਫਸਲ ਨੂੰ ਵੱਖ-ਵੱਖ ਬਿਮਾਰੀਆਂ ਤੋਂ ਅਗਾਊ ਬਚਾਉਣ ਲਈ ਬੀਜ ਦੀ ਸੋਧ 3 ਗ੍ਰਾਮ ਸਪਰਿੰਟ 75ws ਨਾਲ ਕੀਤੀ ਜਾਵੇ। ਉਨ੍ਹਾਂ ਖਾਸ ਤੌਰ ‘ਤੇ ਕਿਸਾਨਾਂ ਨੂੰ ਪੂਸ਼ਾ-44 ਦੀ ਕਾਸ਼ਤ ਕਰਨ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ।
ਉਨ੍ਹਾਂ ਪਾਣੀ ਅਤੇ ਬਿਜਲੀ ਦੀ ਬੱਚਤ ਲਈ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਅਪਨਾੳਣ ਲਈ ਬੇਨਤੀ ਕੀਤੀ ਅਤੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਪਿਛਲੇ ਸਾਲ ਦੀ ਤਰ੍ਹਾਂ 1500 ਰੁਪਏ ਪ੍ਰਤੀ ਏਕੜ ਸਬਸਿਡੀ ਦਿੱਤੀ ਜਾਵੇਗੀ। ਸਬਸਿਡੀ ਦਾ ਲਾਹਾ ਲੈਣ ਲਈ ਕਿਸਾਨ agrimachinerypb.com ‘ਤੇ ਰਜਿਸਟਰੇਸ਼ਨ ਕਰਵਾਉਣ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਤਸਦੀਕ ਹੋਣ ਉਪਰੰਤ ਰਾਸ਼ੀ ਜਾਰੀ ਕੀਤੀ ਜਾਵੇਗੀ। ਸਰਕਾਰ ਦੇ ਨੋਟੀਫਿਕੇਸ਼ਨ ਅਨੁਸਾਰ ਝੋਨੇ ਦੀ ਸਿੱਧੀ ਬਿਜਾਈ ਮਿਤੀ 20 ਮਈ ਤੋਂ ਹੀ ਸ਼ੁਰੂ ਕੀਤੀ ਜਾਵੇ। ਉਨ੍ਹਾਂ ਕਿਸਾਨਾਂ ਨੂੰ ਕਣਕ ਦੀ ਨਾੜ ਨੂੰ ਅੱਗ ਨਾ ਲਗਾਉਣ ਦੀ ਅਪੀਲ ਵੀ ਕੀਤੀ ਅਤੇ ਕਿਹਾ ਕਿ ਅੱਗ ਨਾਲ ਜਿੱਥੇ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ ਉਥੇ ਮਿੱਟੀ ਦੀ ਸਿਹਤ ‘ਤੇ ਵੀ ਬਹੁਤ ਬੁਰਾ ਪ੍ਰਭਾਵ ਪੈਂਦਾ ਹੈ।

Leave a Reply

Your email address will not be published. Required fields are marked *