ਡੀ ਸੀ ਦਫ਼ਤਰ ਲੁਧਿਆਣਾ ਵਿਖੇ ਬਾਲ ਮਜ਼ਦੂਰੀ ਰੋਕਣ ਲਈ ਜਾਗਰੂਕਤਾ ਮੁਹਿੰਮ

Ludhiana Punjabi
  • ਆਓ ਬਾਲ ਮਜ਼ਦੂਰੀ ਰੋਕਣ ਲਈ ਯੋਗਦਾਨ ਪਾਈਏ –  ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਰਸ਼ਮੀ  ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ

DMT : ਲੁਧਿਆਣਾ : (10 ਜੂਨ 2023) : – ਪੰਜਾਬ ਸਰਕਾਰ ਦੇ ਆਦੇਸ਼ ਅਤੇ ਡਿਪਟੀ ਕਮਿਸ਼ਨਰ ਲੁਧਿਆਣਾ ਸ਼੍ਰੀਮਤੀ ਸੁਰਭੀ ਮਲਿਕ ਦੀ ਅਗਵਾਈ ਹੇਠ ਬੀਤੇ ਕੱਲ੍ਹ ਬਾਲ ਮਜ਼ਦੂਰੀ ਰੋਕਣ ਲਈ ਜਾਗਰੂਕਤਾ ਮੀਟਿੰਗ ਕੀਤੀ ਗਈ। ਸ਼੍ਰੀਮਤੀ ਰਸ਼ਮੀ ਸੈਣੀ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਦੀ ਟੀਮ ਵੱਲੋਂ  ਡੀਸੀ ਦਫ਼ਤਰ ਲੁਧਿਆਣਾ ਅਤੇ ਆਸ ਪਾਸ ਦੀਆਂ ਸਾਰੀਆਂ ਦੁਕਾਨਾਂ ਤੇ ਬਾਲ ਮਜ਼ਦੂਰੀ ਰੋਕਣ ਲਈ  ਜਾਗਰੂਕ ਕੀਤਾ ਗਿਆ। ਪੰਜਾਬ ਵਿੱਚ ਬਾਲ ਮਜ਼ਦੂਰੀ ਬਾਰੇ ਜਾਗਰੂਕਤਾ ਲਈ ਪਹਿਲੀ ਵਾਰ ਇਹ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ।ਲੁਧਿਆਣਾ ਜ਼ਿਲ੍ਹੇ ਵਿਚ ਜਾਗਰੂਕਤਾ ਲਈ 5 ਟੀਮਾਂ ਬਣਾਈਆਂ ਗਈਆਂ ਹਨ ਜੋ ਹਰੇਕ ਪਿੰਡ ਤੇ ਸ਼ਹਿਰ ਵਿੱਚ ਜਾ ਕੇ ਜਾਗਰੂਕ ਕਰ ਰਹੀਆਂ ਹਨ। ਇੱਕ 1 ਜੂਨ ਤੋਂ 9 ਜੂਨ ਤੱਕ ਦੁਕਾਨਦਾਰਾਂ, ਫੈਕਟਰੀਆਂ, ਕਾਰਖਾਨਿਆਂ ਅਤੇ ਸਮਾਜ ਦੇ ਸਾਰੇ ਵਰਗਾਂ ਨੂੰ ਦੱਸਿਆ ਜਾ ਰਿਹਾ ਹੈ ਕਿ 18 ਸਾਲ ਤੋਂ ਘੱਟ ਉਮਰ ਦੇ ਕਿਸੇ ਵੀ ਬੱਚੇ ਨੂੰ ਕੰਮ ਤੇ ਰੱਖਣਾ ਗੈਰ ਕਾਨੂੰਨੀ ਹੈ। ਜੇਕਰ ਅਸੀਂ ਸੱਚਮੁੱਚ ਇਨ੍ਹਾਂ ਬੱਚਿਆਂ ਦੀ ਸਹਾਇਤਾ ਕਰਨੀ ਚਾਹੁੰਦੇ ਹਾਂ ਤਾਂ ਇਹਨਾਂ ਨੂੰ ਸਕੂਲਾਂ ਵਿੱਚ ਦਾਖਲ ਕਰਵਾਈਏ। ਸਾਂਭ ਸੰਭਾਲ਼ ਐਕਟ ਸਾਲ 2000 ਤਹਿਤ ਬੱਚੇ ਤੋਂ ਕੰਮ ਕਰਾਉਣ ਵਾਲਿਆਂ ਤੇ ਕਾਰਵਾਈ ਕੀਤੀ ਜਾਂਦੀ ਹੈ। ਸਮਾਜ ਦੇ ਹਰ ਵਰਗ ਨੂੰ ਬਾਲ ਮਜ਼ਦੂਰੀ ਰੋਕਣ ਲਈ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।  ਸ.ਬਲਦੇਵ ਸਿੰਘ ਜੋਧਾਂ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਟਰੀ ਸਿੱਖਿਆ) ਲੁਧਿਆਣਾ ਨੇ ਕਿਹਾ ਕਿ ਹਰੇਕ ਬੱਚੇ ਨੂੰ ਸਿੱਖਿਆ ਦੇਣਾ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਹੈ। ਸਿੱਖਿਆ ਵਿਭਾਗ ਵੱਲੋਂ ਕਰਮਜੀਤ ਸਿੰਘ ਗਰੇਵਾਲ ਸਟੇਟ/ਨੈਸ਼ਨਲ ਅਵਾਰਡੀ ,  ਹਰਮਿੰਦਰ ਸਿੰਘ ਰੋਮੀ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ, ਪੀ.ਐਲ.ਵੀ ਤੇਜਪਾਲ ਸਿੰਘ  ਅਤੇ ਕਿਰਤ ਵਿਭਾਗ ਵੱਲੋਂ ਅਨਿਲ ਕੁਮਾਰ, ਹਰਦੀਪ ਸਿੰਘ  ਨੇ ਦੱਸਿਆ ਕਿ ਜੇਕਰ 18 ਸਾਲ ਤੋਂ ਘੱਟ ਉਮਰ ਦਾ ਬੱਚਾ ਕੰਮ ਕਰਦਾ ਫੜਿਆ ਗਿਆ ਤਾਂ ਬਾਲ ਮਜ਼ਦੂਰੀ ਐਕਟ 1986 ਤਹਿਤ ਸਬੰਧਤ ਮਾਲਕ ਤੇ ਚਲਾਨ ਕਰਕੇ ਹਲਕੇ ਦੇ ਸਹਾਇਕ ਕਮਿਸ਼ਨਰ ਦੀ ਪ੍ਰਵਾਨਗੀ ਤੋਂ ਬਾਅਦ ਕੇਸ ਮਾਣਯੋਗ ਅਦਾਲਤ ਵਿੱਚ ਦਾਇਰ ਕੀਤਾ ਜਾਂਦਾ ਹੈ ਜਿਸ ਨਾਲ਼ ਸਜਾ ਅਤੇ ਜ਼ੁਰਮਾਨਾ ਦੋਵੇਂ ਹੋ ਸਕਦੇ ਹਨ। ਜਾਗਰੂਕਤਾ ਅਭਿਆਨ ਦੌਰਾਨ ਦੁਕਾਨਦਾਰਾਂ ਨੇ ਭਰੋਸਾ ਦਿਵਾਇਆ ਕਿ ਬਾਲ ਮਜ਼ਦੂਰੀ ਰੋਕਣ ਲਈ ਉਹ ਪੂਰਾ ਸਹਿਯੋਗ ਦੇਣਗੇ ਅਤੇ ਬੱਚਿਆਂ ਨੂੰ ਪੜ੍ਹਨ ਲਈ ਪ੍ਰੇਰਿਤ ਵੀ ਕਰਨਗੇ।

Leave a Reply

Your email address will not be published. Required fields are marked *