ਨਸ਼ਾਖੋਰੀ ਅਤੇ ਨਾਜਾਇਜ਼ ਤਸਕਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ ਮੌਕੇ ਪ੍ਰਸ਼ਾਸਨ ਵੱਲੋਂ ਮੈਰਾਥਨ ਦਾ ਆਯੋਜਨ ਕੀਤਾ ਜਾਵੇਗਾ – ਸੁਰਭੀ ਮਲਿਕ

Ludhiana Punjabi
  • ਡਿਪਟੀ ਕਮਿਸ਼ਨਰ ਵਲੋਂ ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਵੱਖ-ਵੱਖ ਵਿਭਾਗਾਂ ਨੂੰ ਸੌਂਪੀ ਜਿੰਮੇਵਾਰੀ

DMT : ਲੁਧਿਆਣਾ : (16 ਜੂਨ 2023) : – ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 26 ਜੂਨ ਨੂੰ ਨਸ਼ਾਖੋਰੀ ਅਤੇ ਨਾਜਾਇਜ਼ ਤਸਕਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ ਮਨਾਇਆ ਜਾਵੇਗਾ।

ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਵਲੋਂ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਸਬੰਧੀ ਰੱਖੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦੱਸਿਆ ਕਿ 26 ਜੂਨ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕੈਂਪਸ ਵਿੱਚ ਮੈਰਾਥਨ ਦਾ ਆਯੋਜਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਮਾਗਮ ਦਾ ਮੁੱਖ ਮੰਤਵ ਨਸ਼ੇ ਦੇ ਆਦੀ ਲੋਕਾਂ ਨੂੰ ਇਸ ਕੋਹੜ ਤੋਂ ਛੁਟਕਾਰਾ ਦਿਵਾਉਣਾ ਅਤੇ ਪੰਜਾਬ ਸਰਕਾਰ ਦੁਆਰਾ ਚਲਾਏ ਜਾ ਰਹੇ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰਾਂ ਵਿੱਚ ਡਾਕਟਰੀ ਇਲਾਜ ਦੀ ਉਪਲਬਧਤਾ ਬਾਰੇ ਜਾਗਰੂਕ ਕਰਨਾ ਹੈ।

ਸ੍ਰੀਤੀ ਮਲਿਕ ਵਲੋਂ ਸਿਹਤ, ਖੇਡਾਂ, ਪੁਲਿਸ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਪਬਲਿਕ ਹੈਲਥ, ਵੇਰਕਾ, ਮਾਰਕਫੈੱਡ, ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਸਮਾਗਮ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਸੁਹਿਰਦ ਯਤਨ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਪਹਿਲਾਂ ਹੀ ਨਸ਼ਿਆਂ ਵਿਰੁੱਧ ਜੰਗ ਛੇੜੀ ਹੋਈ ਹੈ ਅਤੇ ਹੁਣ ਇਸ ਅੰਦੋਲਨ ਦਾ ਸਮਰਥਨ ਕਰਕੇ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਲੋਕਾਂ ਦੇ ਸਹਿਯੋਗ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਨਸ਼ੇ ਦੇ ਆਦੀ ਲੋਕਾਂ ਨੂੰ ਇਲਾਜ ਲਈ ਪ੍ਰੇਰਿਆ ਜਾਣਾ ਚਾਹੀਦਾ ਹੈ ਤਾਂ ਜੋ ਉਹ ਮੁੜ ਤੰਦਰੁਸਤ ਹੋ ਕੇ ਸੂਬੇ ਦੀ ਤਰੱਕੀ ਵਿੱਚ ਬਣਦਾ ਯੋਗਦਾਨ ਪਾ ਸਕਣ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਕੇਂਦਰ ਨਸ਼ੇ ਦੇ ਆਦੀ ਨੌਜਵਾਨਾਂ ਦੀ ਜ਼ਿੰਦਗੀ ਨੂੰ ਬਦਲ ਰਹੇ ਹਨ ਜਿੱਥੇ ਚੰਗੇ ਇਲਾਜ ਰਾਹੀਂ ਪੀੜ੍ਹਤਾਂ ਨੂੰ ਨਸ਼ਿਆਂ ਤੋਂ ਛੁਟਕਾਰਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਪ੍ਰਤੀ ਜਾਗਰੂਕਤਾ ਫੈਲਾਈ ਜਾ ਰਹੀ ਹੈ, ਜਿਸ ਕਾਰਨ ਵੱਡੀ ਗਿਣਤੀ ਵਿੱਚ ਨੌਜਵਾਨ ਨਸ਼ਾ ਛੱਡ ਕੇ ਇਲਾਜ ਲਈ ਕੇਂਦਰਾਂ ਵਿੱਚ ਜਾ ਰਹੇ ਹਨ।

ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਖੰਨਾ ਪਰਮਵੀਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਮੁਖੀ ਵੀ ਹਾਜ਼ਰ ਸਨ।

Leave a Reply

Your email address will not be published. Required fields are marked *