ਪ੍ਰਸ਼ਾਸਨ ਵਲੋਂ ਸੁਚਾਰੂ ਤੇ ਨਿਰਵਿਘਨ ਕਣਕ ਦੇ ਖਰੀਦ ਸੀਜ਼ਨ ਨੂੰ ਯਕੀਨੀ ਬਣਾ ਕੇ ਨਵਾਂ ਮਾਪਦੰਡ ਤੈਅ ਕੀਤਾ – ਡਿਪਟੀ ਕਮਿਸ਼ਨਰ

Ludhiana Punjabi

DMT : ਲੁਧਿਆਣਾ : (12 ਮਈ 2023) : – ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਖਰੀਦ ਸੀਜ਼ਨ ਦੌਰਾਨ ਕਣਕ ਦੀ ਸੂਚਾਰੁ ਅਤੇ ਨਿਰਵਿਘਨ ਖਰੀਦ ਅਤੇ ਲਿਫਟਿੰਗ ਨੂੰ ਯਕੀਨੀ ਬਣਾ ਕੇ ਨਵਾਂ ਮਾਪਦੰਡ ਕਾਇਮ ਕੀਤਾ ਹੈ।

ਜ਼ਿਲ੍ਹੇ ਭਰ ਦੀਆਂ ਅਨਾਜ ਮੰਡੀਆਂ ਵਿੱਚ ਕਣਕ ਦੀ ਖਰੀਦ ਅਤੇ ਲਿਫਟਿੰਗ ਦੇ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਕਣਕ ਦੀ ਖਰੀਦ ਨੂੰ ਨੇਪਰੇ ਚਾੜ੍ਹਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਬਿਨ੍ਹਾਂ ਕਿਸੇ ਦੇਰੀ ਤੋਂ ਕਣਕ ਦੀ ਚੁਕਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਸਹੂਲਤ ਲਈ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ।

ਡਿਪਟੀ ਕਮਿਸ਼ਨਰ ਮਲਿਕ ਨੇ ਅਧਿਕਾਰੀਆਂ ਨੂੰ ਸਪੱਸ਼ਟ ਤੌਰ ‘ਤੇ ਕਿਹਾ ਕਿ ਜੇਕਰ ਕਿਸਾਨਾਂ ਦੀ ਅਦਾਇਗੀ ਵਿੱਚ ਕਿਸੇ ਵੀ ਤਰ੍ਹਾਂ ਦੀ ਦੇਰੀ ਹੁੰਦੀ ਹੈ ਤਾਂ ਸਬੰਧਤ ਅਧਿਕਾਰੀਆਂ ਨਾਲ ਕਰੜੇ ਹੱਥੀ ਨਜਿੱਠਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਨੀਤੀ ਅਨੁਸਾਰ ਕਿਸਾਨਾਂ ਨੂੰ ਤੁਰੰਤ ਅਦਾਇਗੀ ਅਤੇ ਖਰੀਦ ਦੇ 48 ਘੰਟਿਆਂ ਦੇ ਅੰਦਰ-ਅੰਦਰ ਉਪਜ ਦੀ ਚੁਕਾਈ ਹਰ ਹੀਲੇ ਯਕੀਨੀ ਬਣਾਈ ਗਈ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 808319 ਮੀਟ੍ਰਿਕ ਟਨ ਕਣਕ ਦੀ ਆਮਦ ਵਿੱਚੋਂ 808251 ਮੀਟ੍ਰਿਕ ਟਨ ਪਹਿਲਾਂ ਹੀ ਅਨਾਜ ਮੰਡੀਆਂ ਵਿੱਚੋਂ ਵੱਖ-ਵੱਖ ਏਜੰਸੀਆਂ ਵੱਲੋਂ ਖਰੀਦੀ ਜਾ ਚੁੱਕੀ ਹੈ। ਕੁੱਲ 757609 ਮੀਟਰਿਕ ਟਨ ਕਣਕ ਦੀ ਚੁਕਾਈ ਵੀ ਕੀਤੀ ਗਈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦੀ 1700.7 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ।

Leave a Reply

Your email address will not be published. Required fields are marked *