ਪੰਜਾਬ-ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝੇ ਫਰੰਟ ਵੱਲੋਂ ਪੰਜਾਬ ਸਰਕਾਰ ਦੇ ਖ਼ਿਲਾਫ ਅਗਲੇ ਸੰਘਰਸ਼ਾਂ ਦਾ ਐਲਾਨ

Ludhiana Punjabi
  • 5 ਮੰਤਰੀਆਂ ਦੇ ਘਰਾਂ ਦੇ ਘਿਰਾਓ ਕਰਨ ਦਾ ਫੈਸਲਾ
  • 10 ਜੁਲਾਈ ਤੱਕ ਕੀਤੀਆਂ ਜਾਣਗੀਆਂ ਜ਼ਿਲ੍ਹਾ ਪੱਧਰੀ ਮੀਟਿੰਗਾਂ

DMT : ਲੁਧਿਆਣਾ : (03 ਜੁਲਾਈ 2023)(ਗਰੋਵਰ) : – ਪੰਜਾਬ ਅੰਦਰ ਕੰਮ ਕਰਦੇ ਮਾਣ-ਭੱਤਾ ਵਰਕਰਾਂ, ਪੈਨਸ਼ਨਰਾਂ, ਕੱਚੇ ਮੁਲਾਜ਼ਮਾਂ ਅਤੇ ਰੈਗੂਲਰ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਸੰਬੰਧੀ ‘ਆਪ’ ਸਰਕਾਰ ਵੱਲੋਂ ਕੀਤੀ ਜਾ ਰਹੀ ਟਾਲਮਟੋਲ ਦੇ ਖਿਲਾਫ਼ ‘ਪੰਜਾਬ-ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝੇ ਫਰੰਟ’ ਵੱਲੋਂ ਈਸੜੂ ਭਵਨ ਲੁਧਿਆਣਾ ਵਿਖੇ ਕੀਤੀ ਗਈ ਸੂਬਾਈ ਮੀਟਿੰਗ ਵਿੱਚ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਾਂਝੇ ਫਰੰਟ ਦੇ ਕਨਵੀਨਰ ਸਾਥੀ ਠਾਕੁਰ ਸਿੰਘ ਅਤੇ ਪ੍ਰੇਮ ਸਾਗਰ ਸ਼ਰਮਾਂ ਜੀ ਨੂੰ ਸ਼ਰਧਾਂਜਲੀ ਭੇਂਟ ਕੀਤੀਆਂ ਗਈਆਂ। ਮੀਟਿੰਗ ਵਿੱਚ ਸਾਂਝੇ ਫਰੰਟ ਦੇ ਕਨਵੀਨਰਾਂ ਰਣਜੀਤ ਸਿੰਘ ਰਾਣਵਾਂ, ਕਰਮ ਸਿੰਘ ਧਨੋਆ, ਸਤੀਸ਼ ਰਾਣਾ, ਜਰਮਨਜੀਤ ਸਿੰਘ, ਐਨ.ਕੇ.ਕਲਸੀ, ਬਾਜ ਸਿੰਘ ਖਹਿਰਾ, ਭਜਨ ਸਿੰਘ ਗਿੱਲ, ਗਗਨਦੀਪ ਸਿੰਘ, ਹਰਭਜਨ ਸਿੰਘ ਪਿਲਖਣੀ, ਧਨਵੰਤ ਸਿੰਘ ਭੱਠਲ, ਸੁਖਦੇਵ ਸਿੰਘ ਸੈਣੀ, ਜਸਵੀਰ ਤਲਵਾੜਾ, ਰਾਧੇ ਸ਼ਿਆਮ, ਗੁਰਮੇਲ ਸਿੰਘ ਮੈਲਡੇ ਅਤੇ ਬੋਬਿੰਦਰ ਸਿੰਘ ਨੇ 1 ਜੁਲਾਈ ਨੂੰ ਸੰਗਰੂਰ ਵਿਖੇ ਕੱਚੇ ਅਧਿਆਪਕਾਂ ‘ਤੇ ਕੀਤੇ ਗਏ ਪੁਲੀਸ ਤਸ਼ੱਦਦ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਸਬੰਧੀ ਪੰਜਾਬ ਸਰਕਾਰ ਦਾ ਵਤੀਰਾ ਬਿਲਕੁਲ ਵੀ ਗੰਭੀਰ ਨਹੀਂ ਹੈ। ਉਹਨਾ ਨੇ ਦੱਸਿਆ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵੱਲੋਂ ਸਾਂਝੇ ਫਰੰਟ ਨੂੰ ਤਿੰਨ ਵਾਰ ਮੀਟਿੰਗ ਦਾ ਸਮਾਂ ਦੇਕੇ ਵੀ ਮੀਟਿੰਗ ਨਹੀਂ ਕੀਤੀ ਗਈ ਅਤੇ ਵਿੱਤ ਮੰਤਰੀ ਸ੍ਰੀ ਚੀਮਾਂ ਨਾਲ ਹੋਈਆਂ ਤਿੰਨ ਮੀਟਿੰਗਾਂ ਲਿੰਬਾ ਪੋਚੀ ਤੱਕ ਹੀ ਮਹਿਦੂਦ ਸਨ।
ਸਾਂਝੇ ਫਰੰਟ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਭਰੋਸਾ ਦਿੱਤਾ ਗਿਆ ਸੀ ਕਿ ਮਾਣਭੱਤਾ ਵਰਕਰਾਂ ਦੀਆਂ ਉਜਰਤਾਂ ਵਿੱਚ ਤੁਰੰਤ ਵਾਧਾ ਕੀਤਾ ਜਾਵੇਗਾ, ਪਹਿਲੀ ਕੈਬਨਿਟ ਮੀਟਿੰਗ ਵਿੱਚ ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣਗੇ, ਛੇਵੇਂ ਤਨਖਾਹ ਕਮਿਸ਼ਨ ਨੂੰ ਸੋਧ ਕੇ ਮੁਲਾਜ਼ਮ ਤੇ ਪੈਨਸ਼ਨਰ ਪੱਖੀ ਬਣਾਇਆ ਜਾਵੇਗਾ, ਪੈਨਸ਼ਨਰਾਂ ਦੀ ਪੈਨਸ਼ਨ ਦੁਹਰਾਈ 2.59 ਦੇ ਗੁਣਾਂਕ ਨਾਲ ਕੀਤੀ ਜਾਵੇਗੀ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇਗੀ, ਪਰਖ ਕਾਲ ਸੰਬੰਧੀ 15-01-2015 ਦਾ ਨੋਟੀਫਿਕੇਸ਼ਨ ਰੱਦ ਕੀਤਾ ਜਾਵੇਗਾ, 17 ਜੁਲਾਈ 2020 ਤੋਂ ਬਾਅਦ ਭਰਤੀ ਮੁਲਾਜ਼ਮਾਂ ‘ਤੇ ਵੀ ਪੰਜਾਬ ਦੇ ਸਕੇਲ ਲਾਗੂ ਕੀਤੇ ਜਾਣਗੇ, ਪੇਂਡੂ ਭੱਤਾ, ਸਫਰੀ ਭੱਤਾ, ਤੇਲ ਭੱਤਾ ਅਤੇ ਬਾਰਡਰ ਏਰੀਆ ਭੱਤੇ ਸਮੇਤ ਕੱਟੇ ਗਏ 37 ਕਿਸਮਾਂ ਦੇ ਭੱਤੇ ਅਤੇ ਏ.ਸੀ.ਪੀ. ਆਦਿ ਬਹਾਲ ਕੀਤੇ ਜਾਣਗੇ। ਪ੍ਰੰਤੂ ਇਹਨਾ ਦਾ ਹੱਲ ਕਰਨ ਦੀ ਬਜਾਏ ਪੈਨਸ਼ਨਰਾਂ ‘ਤੇ ਵੀ 200 ਰੁਪਏ ਪ੍ਰਤੀ ਮਹੀਨਾ ਜਬਰੀ ਵਿਕਾਸ ਟੈਕਸ ਥੋਪ ਦਿੱਤਾ ਹੈ। ਜਿਸ ਕਾਰਨ ਪੰਜਾਬ ਦੇ ਮੁਲਾਜ਼ਮਾਂ, ਪੈਨਸ਼ਨਰਾਂ, ਕੱਚੇ ਮੁਲਾਜ਼ਮਾਂ ਅਤੇ ਮਾਣਭੱਤਾ ਵਰਕਰਾਂ ਵਿੱਚ ਪੰਜਾਬ ਸਰਕਾਰ ਦੇ ਖਿਲਾਫ ਰੋਸ ਅਤੇ ਗੁੱਸਾ ਹੈ।
ਉਹਨਾ ਨੇ ਕਿਹਾ ਕਿ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ 01-01-2016 ਤੋਂ ਪੈਨਸ਼ਨਰਾਂ ਲਈ 113% ਡੀ.ਏ. ਦੀ ਬਜਾਏ 119% ਡੀ.ਏ. ਦੇ ਅਧਾਰ ‘ਤੇ ਪੈਨਸ਼ਨ ਦੁਹਰਾਈ ਕਰਨ ਦੇ ਫੈਸਲੇ ਨੂੰ ਸਮੂਹ ਮੁਲਾਜ਼ਮਾਂ ਅਤੇ ਪੈਨਸ਼ਨਰਾਂ ‘ਤੇ ਤੁਰੰਤ ਲਾਗੂ ਕਰਨਾ ਬਣਦਾ ਹੈ ਜਦਕਿ ਸਾਂਝੇ ਫਰੰਟ ਵੱਲੋਂ ਛੇਵੇਂ ਤਨਖਾਹ ਕਮਿਸ਼ਨ ਲਈ 01-01-2016 ਨੂੰ 125% ਡੀ.ਏ. ਅਨੁਸਾਰ ਗੁਣਾਂਕ ਤਹਿ ਕਰਨ ਦੀ ਮੰਗ ਕੀਤੀ ਗਈ ਹੈ।
ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਜੇਕਰ ਵਿੱਤ ਮੰਤਰੀ ਪੰਜਾਬ ਦੀ ਅਗਵਾਈ ਹੇਠ ਕੈਬਨਿਟ ਮੰਤਰੀਆਂ ਦੀ ਸਬ ਕਮੇਟੀ ਵੱਲੋਂ 18 ਜੁਲਾਈ ਨੂੰ ਸਾਂਝੇ ਫਰੰਟ ਨਾਲ ਕੀਤੀ ਜਾ ਰਹੀ ਮੀਟਿੰਗ ਦੇ ਕੋਈ ਸਾਰਥਕ ਸਿੱਟੇ ਨਾ ਨਿਕਲੇ ਤਾਂ ਪੰਜ ਕੈਬਨਿਟ ਮੰਤਰੀਆਂ ਦੇ ਘਰਾਂ ਦੇ ਘਿਰਾਓ ਕੀਤੇ ਜਾਣਗੇ। ਜਿਸ ਤਹਿਤ 23 ਜੁਲਾਈ ਨੂੰ ਸੰਗਰੂਰ ਵਿਖੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾਂ ਦੇ ਘਰ ਦਾ ਘਿਰਾਓ, 30 ਜੁਲਾਈ ਨੂੰ ਪੱਟੀ ਵਿਖੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਘਰ ਦਾ ਘਿਰਾਓ, 6 ਅਗਸਤ ਨੂੰ ਪਟਿਆਲਾ ਵਿਖੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਘਰ ਦਾ ਘਿਰਾਓ, 13 ਅਗਸਤ ਨੂੰ ਕਰਤਾਰਪੁਰ ਵਿਖੇ ਕੈਬਨਿਟ ਮੰਤਰੀ ਬਲਕਾਰ ਸਿੰਘ ਦੇ ਘਰ ਦਾ ਘਿਰਾਓ ਅਤੇ 20 ਅਗਸਤ ਨੂੰ ਸੰਗਰੂਰ ਵਿਖੇ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਘਰ ਦਾ ਘਿਰਾਓ ਕੀਤਾ ਜਾਵੇਗਾ। ਇਹਨਾ ਐਕਸ਼ਨਾਂ ਦੀ ਤਿਆਰੀ ਲਈ ਸਾਂਝੇ ਫਰੰਟ ਵੱਲੋਂ 10 ਜੁਲਾਈ ਤੱਕ ਜ਼ਿਲ੍ਹਾ ਪੱਧਰੀ ਮੀਟਿੰਗਾਂ ਕਰਨ ਦਾ ਸੱਦਾ ਦਿੱਤਾ ਗਿਆ।
ਮੀਟਿੰਗ ਵਿੱਚ ਚਰਨ ਸਿੰਘ ਸਰਾਭਾ, ਤੀਰਥ ਸਿੰਘ ਬਾਸੀ, ਸੁਰਿੰਦਰ ਰਾਮ ਕੁੱਸਾ, ਸ਼ਿਵ ਕੁਮਾਰ ਤਿਵਾੜੀ, ਰੁਪਿੰਦਰਪਾਲ ਗਿੱਲ, ਜਗਦੀਸ਼ ਸਿੰਘ ਸਰਾਓ, ਕੁਲਦੀਪ ਸਿੰਘ ਵਾਲੀਆ, ਅਮਰੀਕ ਸਿੰਘ ਮਸੀਤਾਂ, ਰਜਿੰਦਰ ਸਿੰਘ ਬਾਬਾ, ਰਣਵੀਰ ਸਿੰਘ ਉੱਪਲ, ਕਰਤਾਰ ਸਿੰਘ ਪਾਲ, ਬੀ.ਐਸ.ਸੈਣੀ ਅਤੇ ਦੁਆਰਕਾ ਪ੍ਰਸ਼ਾਦ ਆਦਿ ਵੀ ਹਾਜਰ ਸਨ।

Leave a Reply

Your email address will not be published. Required fields are marked *