ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਬਣਨ ਤੋਂ ਬਾਅਦ ਮਾਲ ਵਿਭਾਗ `ਚ ਸੁਧਾਰ ਲਈ ਲਗਾਤਾਰ ਯਤਨ ਜਾਰੀ : ਮਾਲ ਮੰਤਰੀ ਪੰਜਾਬ

Ludhiana Punjabi
  • ਮਾਲ ਮੰਤਰੀ ਪੰਜਾਬ ਸ੍ਰੀ ਬ੍ਰਹਮ ਸ਼ੰਕਰ ਸ਼ਰਮਾ (ਜਿੰਪਾ) ਵਿਸ਼ੇਸ਼ ਤੌਰ ਤੇ ਪੰਜਾਬ ਸਰਕਾਰ ਦੀ ਤਰਫੋਂ ਖੰਨਾ ਵਿਖੇ 7ਵੀਂ ਭਗਵਾਨ ਜਗਨਨਾਥ ਰੱਥ ਯਾਤਰਾ ਵਿੱਚ ਸ਼ਾਮਲ ਹੋਣ ਲਈ ਪਹੁੰਚੇ
  • ਗੁਰਬਾਣੀ ਦਾ ਪ੍ਰਸਾਰਣ ਬਿਲਕੁਲ ਮੁਫ਼ਤ ਹੋਣਾ ਚਾਹੀਦਾ ਹੈ : ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਸ਼ਰਮਾ (ਜਿੰਪਾ)

DMT : ਖੰਨਾ, ਲੁਧਿਆਣਾ : (22 ਜੂਨ 2023) : – ਪੰਜਾਬ ਦੇ ਮਾਲ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਸ੍ਰੀ ਬ੍ਰਹਮ ਸ਼ੰਕਰ ਸ਼ਰਮਾ (ਜਿੰਪਾ) ਨੇ ਖੰਨਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਿਛਲੇ 30-35 ਸਾਲਾਂ ਤੋਂ ਮਾਲ ਵਿਭਾਗ ਸਭ ਤੋਂ ਵੱਧ ਬਦਨਾਮ ਰਿਹਾ ਹੈ। ਇਸ ਵਿਭਾਗ `ਚ ਭ੍ਰਿਸ਼ਟਾਚਾਰ ਚਰਮ ਸੀਮਾ ਤੱਕ ਪਹੁੰਚ ਗਿਆ ਸੀ। ਉਨ੍ਹਾਂ ਕਿਹਾ ਕਿ ਪੰਜਾਬ `ਚ ਆਮ ਆਦਮੀ ਪਾਰਟੀ ਦੀ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਬਣਨ ਤੋਂ ਬਾਅਦ ਇਸ ਵਿਭਾਗ `ਚ ਸੁਧਾਰ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਨਿੱਤ ਨਵੀਆਂ ਤਬਦੀਲੀਆਂ ਕੀਤੀਆਂ ਜਾ ਰਹੀਆਂ ਹਨ। ਮਾਲ ਵਿਭਾਗ ਬਾਰੇ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਮਾਨ ਵੱਲੋਂ ਵਿਸ਼ੇਸ਼ ਤੌਰ `ਤੇ ਇੱਕ ਵਟਸਐਪ ਨੰਬਰ ਜਾਰੀ ਕੀਤਾ ਗਿਆ ਹੈ। ਇਸ ਨੰਬਰ `ਤੇ ਹੁਣ ਤੱਕ 1200 ਦੇ ਕਰੀਬ ਸਿ਼ਕਾਇਤਾਂ ਮਿਲ ਚੁੱਕੀਆਂ ਹਨ। ਇਨ੍ਹਾਂ ਸਿ਼ਕਾਇਤਾਂ ਵਿੱਚੋਂ 600 ਤੋਂ ਵੱਧ ਸਿ਼ਕਾਇਤਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਇਸ ਨੰਬਰ ਦਾ ਹੀ ਨਤੀਜਾ ਹੈ ਕਿ ਮਾਲ ਮਹਿਕਮੇ ਦੇ ਭ੍ਰਿਸ਼ਟ ਅਧਿਕਾਰੀਆਂ ਦੇ ਨਾਂ ਪੋਟਲੀ ਵਿੱਚੋਂ ਬਾਹਰ ਨਿਕਲੇ ਹਨ।  

ਮਾਲ ਮੰਤਰੀ ਪੰਜਾਬ ਸ੍ਰੀ ਬ੍ਰਹਮ ਸ਼ੰਕਰ ਸ਼ਰਮਾ (ਜਿੰਪਾ) ਵਿਸ਼ੇਸ਼ ਤੌਰ ਤੇ ਪੰਜਾਬ ਸਰਕਾਰ ਦੀ ਤਰਫੋਂ ਖੰਨਾ ਵਿਖੇ 7ਵੀਂ ਭਗਵਾਨ ਜਗਨਨਾਥ ਰੱਥ ਯਾਤਰਾ ਵਿੱਚ ਸ਼ਾਮਲ ਹੋਣ ਲਈ ਪਹੁੰਚੇ। ਇਸ ਮੌਕੇ ਉਹਨਾਂ ਦੇ ਨਾਲ ਵਿਧਾਨ ਸਭਾ ਹਲਕਾ ਖੰਨਾ ਦੇ ਵਿਧਾਇਕ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਵੀ ਹਾਜ਼ਰ ਸਨ।
ਪੰਜਾਬ ਮਾਲ ਵਿਭਾਗ ਦੇ ਕਈ ਭ੍ਰਿਸ਼ਟ ਅਧਿਕਾਰੀਆਂ ਦੀ ਜਾਰੀ ਹੋਈ ਸੂਚੀ ਨੂੰ ਲੈ ਕੇ ਮਾਲ ਮੰਤਰੀ ਸ੍ਰੀ ਬ੍ਰਹਮ ਸ਼ੰਕਰ ਜਿੰਪਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਨ੍ਹਾਂ ਅਧਿਕਾਰੀਆਂ ਦੀਆਂ ਸਿ਼ਕਾਇਤਾਂ ਵਿਜੀਲੈਂਸ ਕੋਲ ਆਈਆਂ ਸਨ, ਜਿਸ ਦੇ ਆਧਾਰ `ਤੇ ਵਿਜੀਲੈਂਸ ਨੇ ਮੁੱਢਲੀ ਜਾਂਚ `ਚ ਇਨ੍ਹਾਂ ਦੇ ਨਾਵਾਂ ਦੀ ਸੂਚੀ ਬਣਾ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।ਉਹਨਾਂ ਕਿਹਾ ਕਿ ਕੇਸ ਨੂੰ ਮਜ਼ਬੂਤ ਕਰਨ ਲਈ ਸਿ਼ਕਾਇਤਾਂ ਦੇ ਨਾਲ-ਨਾਲ ਸਬੂਤ ਵੀ ਜ਼ਰੂਰੀ ਹੁੰਦੇ ਹਨ। ਮੰਤਰੀ ਨੇ ਕਿਹਾ ਕਿ ਹੁਣ ਵਿਜੀਲੈਂਸ ਸਬੂਤ ਇਕੱਠੇ ਕਰ ਰਹੀ ਹੈ। ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ।

ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਗੁਰਬਾਣੀ ਦੇ ਪ੍ਰਸਾਰਣ ਸਬੰਧੀ ਪਾਸ ਕੀਤੇ ਮਤੇ ਖਿਲਾਫ਼ ਸ਼੍ਰੋਮਣੀ ਕਮੇਟੀ ਦੇ ਵਫ਼ਦ ਦੀ ਰਾਜਪਾਲ ਨਾਲ ਮੁਲਾਕਾਤ ਸਬੰਧੀ ਮੰਤਰੀ ਜਿੰਪਾ ਨੇ ਕਿਹਾ ਕਿ ਦੇਸ਼-ਵਿਦੇਸ਼ `ਚ ਬੈਠੀ ਸਿੱਖ ਸੰਗਤ ਪੰਜਾਬ ਸਰਕਾਰ ਦੇ ਇਸ ਕਦਮ ਤੋਂ ਬਹੁਤ ਖੁਸ਼ ਹੈ। ਗੁਰਬਾਣੀ ਦਾ ਪ੍ਰਸਾਰਣ ਬਿਲਕੁਲ ਮੁਫ਼ਤ ਹੋਣਾ ਚਾਹੀਦਾ ਹੈ। ਸ਼੍ਰੋਮਣੀ ਕਮੇਟੀ ਨੂੰ ਸਿਆਸਤ ਦੀ ਬਜਾਏ ਸਰਕਾਰ ਦੇ ਫ਼ੈਸਲੇ ਦਾ ਸੁਆਗਤ ਕਰਨਾ ਚਾਹੀਦਾ ਹੈ ਤਾਂ ਕਿ ਉਨ੍ਹਾਂ ਦਾ ਲੋਕਾਂ ਵਿੱਚ ਵਜੂਦ ਬਣਿਆ ਰਹੇ। ਪੰਜਾਬ ਵਿਧਾਨ ਸਭਾ `ਚ ਸੁਖਬੀਰ ਬਾਦਲ ਦੀ ਦਾੜ੍ਹੀ `ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਟਿੱਪਣੀ `ਤੇ ਹੋਏ ਵਿਵਾਦ ਨੂੰ ਲੈ ਕੇ ਕੈਬਨਿਟ ਮੰਤਰੀ ਬੋਲੇ ਕਿ ਵਿਰੋਧੀ ਇਸ ਮਾਮਲੇ ਨੂੰ ਜਾਣ-ਬੁੱਝ ਕੇ ਉਛਾਲ ਰਹੇ ਹਨ।
ਮੁੱਖ ਮੰਤਰੀ ਦੇ ਕਹਿਣ ਦਾ ਸਿਰਫ ਇੰਨਾ ਮਤਲਬ ਸੀ ਕਿ ਇਨਸਾਨ ਨੂੰ ਦਿਖਾਵਾ ਨਹੀਂ ਕਰਨਾ ਚਾਹੀਦਾ ਅਤੇ ਆਪਣੀ ਅੰਤਰ ਆਤਮਾ ਨੂੰ ਸਾਫ਼ ਰੱਖਣਾ ਚਾਹੀਦਾ ਹੈ।

Leave a Reply

Your email address will not be published. Required fields are marked *