ਲੁਧਿਆਣਾ ਜ਼ਿਲ੍ਹੇ ਨੂੰ ਸਾਫ਼-ਸੁਥਰਾ, ਹਰਿਆ ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਠੋਸ ਉਪਰਾਲੇ ਕੀਤੇ ਜਾਣਗੇ – ਕਟਾਰੂਚੱਕ

Ludhiana Punjabi
  • ਕੈਬਨਿਟ ਮੰਤਰੀ ਵੱਲੋਂ ਬੁੱਢਾ ਦਰਿਆ ਕਾਇਆ ਕਲਪ, ਪੌਦੇ ਲਗਾਉਣ ਅਤੇ ਹੋਰ ਮਹੱਤਵਪੂਰਨ ਪ੍ਰੋਜੈਕਟਾਂ ਦੀ ਸਮੀਖਿਆ
  • ਕਿਹਾ! ਹਰੇਕ ਵਿਧਾਨ ਸਭਾ ਹਲਕੇ ‘ਚ 50 ਹਜ਼ਾਰ ਪੌਦੇ ਲਗਾ ਕੇ ਹਰਿਆਵਲ ਵਧਾਉਣ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਜਾਵੇਗਾ
  • ਅਧਿਕਾਰੀਆਂ ਨੂੰ ਸਰਕਾਰ ਅਤੇ ਜਨਤਾ ਦਰਮਿਆਨ ਪਾੜੇ ਨੂੰ ਪੂਰਾ ਕਰਨ ਲਈ ਲੋਕਾਂ ਤੱਕ ਪਹੁੰਚ ਕਰਨ ਦੇ ਵੀ ਦਿੱਤੇ ਨਿਰਦੇਸ਼

DMT : ਲੁਧਿਆਣਾ : (03 ਅਗਸਤ 2023) : –

ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਵਲੋਂ ਜ਼ੋਰ ਦੇ ਕੇ ਕਿਹਾ ਗਿਆ ਕਿ ਲੁਧਿਆਣਾ ਜ਼ਿਲ੍ਹੇ ਨੂੰ ਸਾਫ਼-ਸੁਥਰਾ, ਹਰਿਆ ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਠੋਸ ਉਪਰਾਲੇ ਕੀਤੇ ਜਾਣਗੇ. ਇਸ ਮਿਸ਼ਨ ਦੀ ਪ੍ਰਾਪਤੀ ਤਹਿਤ ਜ਼ਿਲ੍ਹੇ ਵਿੱਚ ਪਹਿਲਾਂ ਹੀ ਵੱਖ-ਵੱਖ ਪ੍ਰੋਜੈਕਟ ਚੱਲ ਰਹੇ ਹਨ।

ਸਥਾਨਕ ਬੱਚਤ ਭਵਨ ਵਿਖੇ ਵਿਧਾਇਕਾਂ ਅਤੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਮੁਖੀਆਂ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਲਈ ਪ੍ਰਦੂਸ਼ਣ ਮੁਕਤ ਵਾਤਾਵਰਣ ਸਿਰਜਣ ‘ਤੇ ਜ਼ੋਰ ਦੇ ਰਹੀ ਹੈ। ਇਸ ਮਿਸ਼ਨ ਤਹਿਤ ਲੁਧਿਆਣਾ ਵਿੱਚ ਹਰੇਕ ਵਿਧਾਨ ਸਭਾ ਹਲਕੇ ਵਿੱਚ 50,000 ਦੇ ਕਰੀਬ ਬੂਟੇ ਲਗਾਏ ਜਾਣਗੇ ਤਾਂ ਜੋ ਜ਼ਿਲ੍ਹੇ ਦੇ ਜੰਗਲਾਤ ਵਿੱਚ ਵਾਧਾ ਕੀਤਾ ਜਾ ਸਕੇ। ਇਸੇ ਤਰ੍ਹਾਂ ਤਿੰਨ ਰੁੱਖ ਪ੍ਰਤੀ ਟਿਊਬਵੈੱਲ ਸਕੀਮ ਵੀ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਹਰੇਕ ਟਿਊਬਵੈੱਲ ਦੇ ਆਲੇ-ਦੁਆਲੇ ਤਿੰਨ ਬੂਟੇ ਲਗਾਏ ਜਾਣਗੇ, ਇਸ ਮਿਸ਼ਨ ਤਹਿਤ ਜ਼ਿਲ੍ਹੇ ਦੇ ਹਰੇਕ ਪਿੰਡ ਵਿੱਚ 75 ਬੂਟੇ ਲਗਾਏ ਜਾਣਗੇ। ਉਨ੍ਹਾਂ ਇਹ ਵੀ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸੁੰਦਰੀਕਰਨ ਪ੍ਰੋਜੈਕਟ ਤਹਿਤ ਲੁਧਿਆਣਾ-ਚੰਡੀਗੜ੍ਹ ਰੋਡ ‘ਤੇ 5000 ਤੋਂ ਵੱਧ ਬੂਟੇ ਲਗਾਏ ਜਾਣਗੇ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸਾਲ ਪੂਰੇ ਸੂਬੇ ਵਿੱਚ 1.25 ਕਰੋੜ ਤੋਂ ਵੱਧ ਬੂਟੇ ਲਗਾਏ ਜਾਣਗੇ ਤਾਂ ਜੋ ਪੰਜਾਬ ਵਿੱਚ ਜੰਗਲਾਤ ਦਾ ਘੇਰਾ ਵਧਾਇਆ ਜਾ ਸਕੇ।

ਇਸ ਮੌਕੇ ਕੈਬਨਿਟ ਮੰਤਰੀ ਵਲੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ, ਮਦਨ ਲਾਲ ਬੱਗਾ, ਗੁਰਪ੍ਰੀਤ ਬੱਸੀ ਗੋਗੀ, ਹਰਦੀਪ ਸਿੰਘ ਮੁੰਡੀਆਂ, ਕੁਲਵੰਤ ਸਿੰਘ ਸਿੱਧੂ, ਤਰੁਨਪ੍ਰੀਤ ਸਿੰਘ ਸੌਂਦ, ਜਗਤਾਰ ਸਿੰਘ ਦਿਆਲਪੁਰਾ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ਼ਰਨਪਾਲ ਸਿੰਘ ਮੱਕੜ, ਲੁਧਿਆਣਾ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਤਰਸੇਮ ਸਿੰਘ ਭਿੰਡਰ, ਚੇਅਰਮੈਨ ਨਵਜੋਤ ਸਿੰਘ ਜਰਗ ਅਤੇ ਸੁਰੇਸ਼ ਗੋਇਲ, ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਯਾਦਵਿੰਦਰ ਸਿੰਘ ਜੰਡਿਆਲੀ, ਸੀਨੀਅਰ ਆਪ ਆਗੂ ਡਾ.ਕੇ.ਐਨ.ਐਸ. ਕੰਗ ਤੋਂ ਇਲਾਵਾ ਹੋਰ ਸੀਨੀਅਰ ਅਧਿਕਾਰੀਆਂ ਦੇ ਨਾਲ ਬੁੱਢਾ ਦਰਿਆ ਦੇ ਚੱਲ ਰਹੇ ਕਾਇਆ ਕਲਪ ਪ੍ਰਾਜੈਕਟ ਦੀ ਸਮੀਖਿਆ ਕਰਦਿਆਂ ਜ਼ਿਲ੍ਹੇ ਵਿੱਚ ਸੀਵਰੇਜ ਟਰੀਟਮੈਂਟ ਪਲਾਂਟਾਂ ਦੀ ਉਸਾਰੀ ਦਾ ਜਾਇਜ਼ਾ ਲਿਆ। ਕੈਬਨਿਟ ਮੰਤਰੀ ਨੇ ਦੱਸਿਆ ਕਿ ਮੌਜੂਦਾ ਸਮੇਂ ਵਿੱਚ ਬੁੱਢਾ ਦਰਿਆ ਵਿੱਚ ਕੁੱਲ 765 ਐਮ.ਐਲ.ਡੀ. ਵੇਸਟ ਛੱਡਿਆ ਜਾ ਰਿਹਾ ਹੈ ਜਿਸ ਵਿੱਚ ਘਰੇਲੂ ਅਤੇ ਉਦਯੋਗਿਕ ਰਹਿੰਦ-ਖੂੰਹਦ ਵੀ ਸ਼ਾਮਲ ਹੈ। ਮੌਜੂਦਾ ਸੀਵਰੇਜ ਟਰੀਟਮੈਂਟ ਪਲਾਂਟਾਂ ਨੂੰ ਅਪਗ੍ਰੇਡ ਕਰਨ ਦੇ ਨਾਲ, ਜ਼ਿਲ੍ਹਾ ਲਗਭਗ 846 ਐਮ.ਐਲ.ਡੀ. ਰਹਿੰਦ-ਖੂੰਹਦ ਨੂੰ ਟ੍ਰੀਟ ਕਰਨ ਦੇ ਯੋਗ ਹੋ ਜਾਵੇਗਾ, ਜੋ ਕਿ ਕੁੱਲ ਡਿਸਚਾਰਜ ਤੋਂ ਕਾਫੀ ਜ਼ਿਆਦਾ ਹੈ. ਇਸ ਪ੍ਰੋਜੈਕਟ ‘ਤੇ 650 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ।

ਉਨ੍ਹਾਂ ਅੱਗੇ ਕਿਹਾ ਕਿ ਇਸ ਨਾਲ ਜ਼ਿਲ੍ਹਾ ਲੁਧਿਆਣਾ ਵਿੱਚ ਪ੍ਰਦੂਸ਼ਣ ਰਹਿਤ ਮਾਹੌਲ ਸਿਰਜਿਆ ਜਾਵੇਗਾ। ਕੈਬਨਿਟ ਮੰਤਰੀ ਵਲੋਂ ਪੀ.ਪੀ.ਸੀ.ਬੀ. ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਉਹ ਲੋਕਾਂ ਦੀਆਂ ਸ਼ਿਕਾਇਤਾਂ ਮਿਲਣ ‘ਤੇ ਪ੍ਰਦੂਸ਼ਣ ਫੈਲਾਉਣ ਵਾਲਿਆਂ ਵਿਰੁੱਧ ਤੁਰੰਤ ਕਾਰਵਾਈ ਕਰਨ ਲਈ ਇੱਕ ਸੁਚਾਰੂ ਢੰਗ ਵਿਕਸਤ ਕਰਨ ਤਾਂ ਜੋ ਕੋਈ ਵੀ ਬੁੱਢਾ ਦਰਿਆ ਨੂੰ ਪ੍ਰਦੂਸ਼ਿਤ ਕਰਨ ਦੀ ਹਿੰਮਤ ਨਾ ਕਰ ਸਕੇ। ਇਸ ਤੋਂ ਪਹਿਲਾਂ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਵਿੱਚ ਚੱਲ ਰਹੇ ਸਾਰੇ ਪ੍ਰੋਜੈਕਟਾਂ ਨੂੰ ਨਿਰਧਾਰਿਤ ਸਮਾਂ ਸੀਮਾ ਵਿੱਚ ਮੁਕੰਮਲ ਕੀਤਾ ਜਾਵੇ ਤਾਂ ਜੋ ਸਵੱਛ, ਹਰਿਆ ਭਰਿਆ ਅਤੇ ਪ੍ਰਦੂਸ਼ਣ ਮੁਕਤ ਵਾਤਾਵਰਨ ਦਾ ਸੁਪਨਾ ਜਲਦ ਸਾਕਾਰ ਕੀਤਾ ਜਾ ਸਕੇ।

ਆਮ ਆਦਮੀ ਕਲੀਨਿਕਾਂ ਦੇ ਕੰਮਕਾਜ ਦਾ ਜਾਇਜ਼ਾ ਲੈਂਦਿਆਂ ਸ੍ਰੀ ਕਟਾਰੂਚੱਕ ਨੇ ਦੱਸਿਆ ਕਿ ਇਸ ਪ੍ਰੋਜੈਕਟ ਦੇ ਫੇਜ਼-1 ਅਤੇ ਫੇਜ਼-2 ਅਧੀਨ ਕੁੱਲ 46 ਕਲੀਨਿਕ ਸਥਾਪਤ ਕੀਤੇ ਗਏ ਹਨ ਜਦੋਂਕਿ ਲੁਧਿਆਣਾ ਜ਼ਿਲ੍ਹੇ ਵਿੱਚ ਅਗਲੇ ਪੜਾਅ ਤਹਿਤ 31 ਨਵੇਂ ਕਲੀਨਿਕਾਂ ਦੀ ਤਜਵੀਜ਼ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਕਲੀਨਿਕ ਲੋਕਾਂ ਨੂੰ ਮੁਫਤ ਓ.ਪੀ.ਡੀ. ਅਤੇ ਲੈਬ ਟੈਸਟਿੰਗ ਸੁਵਿਧਾਵਾਂ ਪ੍ਰਦਾਨ ਕਰਕੇ ਜ਼ਿਲ੍ਹੇ ਵਿੱਚ ਸਿਹਤ ਸੇਵਾਵਾਂ ਨੂੰ ਹੋਰ ਹੁਲਾਰਾ ਦੇਣਗੇ. ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਵਿੱਚ ਵੱਧ ਤੋਂ ਵੱਧ ਓ.ਪੀ.ਡੀ. ਮੁਹੱਈਆ ਕਰਵਾਉਣ ਦੇ ਮਾਮਲੇ ਵਿੱਚ ਲੁਧਿਆਣਾ ਜ਼ਿਲ੍ਹੇ ਨੇ ਸੂਬੇ ਵਿੱਚ ਪਹਿਲੇ ਸਥਾਨ ਦਾ ਦਾਅਵਾ ਕੀਤਾ ਹੈ।

ਕੈਬਨਿਟ ਮੰਤਰੀ ਜੋ ਕਿ ਲੁਧਿਆਣਾ ਜ਼ਿਲੇ ਦੇ ਇੰਚਾਰਜ ਵੀ ਹਨ, ਨੇ ਨਸ਼ਾ ਛੁਡਾਊ ਪ੍ਰੋਗਰਾਮ, ਸਮਾਰਟ ਸਿਟੀ ਪ੍ਰੋਜੈਕਟ, ਅਮਰੂਤ ਸਕੀਮ, ਪੌਦੇ ਲਗਾਉਣ ਦੀ ਮੁਹਿੰਮ, ਹੜ੍ਹ ਪ੍ਰਬੰਧਨ, ਵਿਕਾਸ ਪ੍ਰੋਜੈਕਟਾਂ, ਉੱਘੇ ਸਕੂਲਾਂ ਦੀ ਸਥਾਪਨਾ, ਰੁਜ਼ਗਾਰ ਪ੍ਰੋਗਰਾਮ ਅਤੇ ਮਿਡ-ਡੇ-ਮੀਲ ਸਕੀਮ ਸਮੇਤ ਵੱਖ-ਵੱਖ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ।

ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸੂਬਾ ਸਰਕਾਰ ਦੀਆਂ ਲੋਕ ਪੱਖੀ ਸਕੀਮਾਂ ਨੂੰ ਲੋਕਾਂ ਤੱਕ ਪਹੁੰਚਾਉਣ। ਉਨ੍ਹਾਂ ਕਿਹਾ ਕਿ ਇਹ ਜਨਤਾ ਅਤੇ ਸਰਕਾਰ ਦਰਮਿਆਨ ਪਾੜੇ ਨੂੰ ਵੀ ਪੂਰਾ ਕਰੇਗਾ ਕਿਉਂਕਿ ਮੁੱਖ ਮੰਤਰੀ ਨੇ ਇਸ ਟੀਚੇ ਦੀ ਪ੍ਰਾਪਤੀ ਲਈ ਪਹਿਲਾਂ ਹੀ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਹੈ।

ਇਸ ਮੌਕੇ ਡਿਪਟੀ ਕਮਿਸ਼ਨਰ ਸੁਰਭੀ ਮਲਿਕ, ਲੁਧਿਆਣਾ ਰੇਂਜ ਦੇ ਆਈਜੀ ਡਾ. ਕੌਸਤੁਭ ਸ਼ਰਮਾ, ਨਗਰ ਨਿਗਮ ਕਮਿਸ਼ਨਰ ਡਾ. ਸ਼ੇਨਾ ਅਗਰਵਾਲ, ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ, ਐਸ.ਐਸ.ਪੀਜ਼ ਅਮਨੀਤ ਕੋਂਡਲ ਅਤੇ ਨਵਨੀਤ ਸਿੰਘ ਬੈਂਸ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਮੁਖੀ ਵੀ ਹਾਜ਼ਰ ਸਨ।

Leave a Reply

Your email address will not be published. Required fields are marked *