ਲੁਧਿਆਣਾ ਤੋਂ ਮਸ਼ਾਲ ਰਿਲੇਅ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

Ludhiana Punjabi
  • ਵਿਧਾਇਕ ਗੋਗੀ ਦੇ ਨਾਲ ਉੱਘੀਆਂ ਖੇਡ ਸ਼ਖਸੀਅਤਾਂ ਵਲੋਂ ਸਮਾਗਮ ਮੌਕੇ ਸ਼ਮੂਲੀਅਤ
  • ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ‘ਖੇਡਾਂ ਵਤਨ ਪੰਜਾਬ ਦੀਆਂ’ ਉਤਪ੍ਰੇਰਕ ਸਿੱਧ ਹੋ ਰਹੀਆਂ ਹਨ ਫ਼ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ

DMT : ਲੁਧਿਆਣਾ : (22 ਅਗਸਤ 2023) : – ਪੰਜਾਬ ਦੇ ਸਭ ਤੋਂ ਵੱਡੇ ਖੇਡ ਮੇਲੇ ‘ਖੇਡਾਂ ਵਤਨ ਪੰਜਾਬ ਦੀਆ ਸੀਜ਼ਨ-2’ ਦੀ ਸ਼ੁਰੂਆਤ ਮੌਕੇ ਸਥਾਨਕ ਗੁਰੂ ਨਾਨਕ ਸਟੇਡੀਅਮ ਲੁਧਿਆਣਾ ਤੋਂ ਇੱਕ ਮਸ਼ਾਲ ਰਿਲੇਅ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਵਲੋਂ ਜ਼ਿਲ੍ਹੇ ਦੀਆਂ ਉੱਘੀਆਂ ਖੇਡ ਸ਼ਖ਼ਸੀਅਤਾਂ ਨਾਲ ਰਿਲੇਅ ਨੂੰ ਹਰੀ ਝੰਡੀ ਦਿੰਦਿਆਂ ਕਿਹਾ ਕਿ ਇਹ ਸਮਾਗਮ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਵਿੱਚ ਇੱਕ ਉਤਪ੍ਰੇਰਕ ਸਾਬਤ ਹੋਇਆ ਹੈ।

ਵਿਧਾਇਕ ਗੋਗੀ ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਭਰ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਕੇ ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆ ਦੇ ਸੀਜ਼ਨ-1 ਨੂੰ ਵੱਡੀ ਸਫਲਤਾ ਮਿਲੀ ਹੈ ਅਤੇ ਹੁਣ ਸੂਬਾ ਇਸ ਵੱਡੇ ਖੇਡ ਮੇਲੇ ਦੇ ਦੂਸਰੇ ਸੀਜਨ ਲਈ ਪੂਰੀ ਤਰ੍ਹਾਂ ਤਿਆਰ ਹੈ।

ਸ੍ਰੀ ਗੋਗੀ ਨੇ ਦੱਸਿਆ ਕਿ ਇਸ ਸਾਲ ਸਰਕਾਰ ਵਲੋਂ ਇਸ ਸਮਾਗਮ ਦੀ ਸ਼ੁਰੂਆਤ ਮੌਕੇ ਇੱਕ ਮਸ਼ਾਲ ਰਿਲੇਅ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ ਤਾਂ ਜੋ ਆਗਾਮੀ ਸਮਾਗਮ ਬਾਰੇ ਲੋਕਾਂ ਵਿੱਚ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਰਿਲੇਅ ਸਾਰੇ ਜ਼ਿਲ੍ਹਾ ਹੈੱਡਕੁਆਰਟਰਾਂ ਵਿੱਚੋਂ ਲੰਘੇਗੀ, ਇਸ ਤਰ੍ਹਾਂ ਇਸ ਆਗਾਮੀ ਸਮਾਗਮ ਦਾ ਸੰਦੇਸ਼ ਫੈਲਾਇਆ ਜਾ ਰਿਹਾ ਹੈ ਤਾਂ ਜੋ ਵੱਡੀ ਗਿਣਤੀ ਵਿੱਚ ਲੋਕ ਇਸ ਵਿੱਚ ਹਿੱਸਾ ਲੈ ਸਕਣ।

ਵਿਧਾਇਕ ਗੋਗੀ ਨੇ ਦੱਸਿਆ ਕਿ ਖੇਡਾਂ ਦੀ ਰਵਾਇਤ ਅਨੁਸਾਰ ਖੇਡਾਂ ਵਤਨ ਪੰਜਾਬ ਦੀਆਂ ਦੇ ਸੀਜ਼ਨ-2 ਦੇ ਉਦਘਾਟਨੀ ਸਮਾਰੋਹ ਤੋਂ ਪਹਿਲਾਂ ਮਸ਼ਾਲ ਰਿਲੇਅ ਲੁਧਿਆਣਾ ਤੋਂ ਸ਼ੁਰੂ ਹੋ ਕੇ ਇੱਕ ਹਫ਼ਤੇ ਤੱਕ ਪੰਜਾਬ ਦੇ ਹਰ ਜ਼ਿਲ੍ਹਾ ਹੈੱਡਕੁਆਰਟਰ ਤੱਕ ਚੱਲੇਗੀ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਨੇ ਦੱਸਿਆ ਕਿ ਪਿਛਲੇ ਸਾਲ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਪਹਿਲਾ ਸੀਜ਼ਨ ਲੁਧਿਆਣਾ ਵਿਖੇ ਸਮਾਪਨ ਹੋਇਆ ਸੀ, ਜਿਸ ਕਾਰਨ ਮਸ਼ਾਲ ਦੀ ਸ਼ੁਰੂਆਤ ਲੁਧਿਆਣਾ ਤੋਂ ਕੀਤੀ ਜਾਵੇਗੀ ਅਤੇ ਪੰਜਾਬ ਭਰ ਵਿੱਚ ਮਾਰਚ ਕਰਨ ਤੋਂ ਬਾਅਦ ਇਹ ਮਸ਼ਾਲ 29 ਅਗਸਤ ਨੂੰ ਬਠਿੰਡਾ ਪਹੁੰਚੇਗੀ ਜਿੱਥੇ ਖੇਡਾਂ ਦੇ ਦੂਜੇ ਸੀਜ਼ਨ ਦਾ ਉਦਘਾਟਨ ਕੀਤਾ ਜਾਵੇਗਾ। ਹਰੇਕ ਜ਼ਿਲ੍ਹਾ ਹੈੱਡਕੁਆਰਟਰ ‘ਤੇ ਮਸ਼ਾਲ ਰਿਲੇਅ ਵਿੱਚ ਸਥਾਨਕ ਉੱਘੇ ਖਿਡਾਰੀ, ਖੇਡ ਵਿਭਾਗ ਦੇ ਕਰਮਚਾਰੀ, ਸਥਾਨਕ ਨੁਮਾਇੰਦੇ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਸ਼ਾਮਲ ਹੋਣਗੇ।

ਜ਼ਿਕਰਯੋਗ ਹੈ ਕਿ ਇਹ ਰਿਲੇਅ 22 ਅਗਸਤ ਨੂੰ ਲੁਧਿਆਣਾ ਤੋਂ ਮੋਗਾ, 23 ਅਗਸਤ ਨੂੰ ਫਿਰੋਜ਼ਪੁਰ, ਤਰਨਤਾਰਨ ਅਤੇ ਅੰਮ੍ਰਿਤਸਰ, 24 ਅਗਸਤ ਨੂੰ ਗੁਰਦਾਸਪੁਰ, ਪਠਾਨਕੋਟ ਅਤੇ ਹੁਸ਼ਿਆਰਪੁਰ, 25 ਅਗਸਤ ਨੂੰ ਜਲੰਧਰ, ਸ਼ਹੀਦ ਭਗਤ ਸਿੰਘ ਨਗਰ ਅਤੇ ਰੂਪਨਗਰ, 25 ਅਗਸਤ ਨੂੰ ਐਸ.ਏ.ਐਸ.ਨਗਰ, ਸ੍ਰੀ ਫਤਿਹਗੜ੍ਹ ਸਾਹਿਬ ਅਤੇ ਮਲੇਰਕੋਟਲਾ, 27 ਅਗਸਤ ਨੂੰ ਪਟਿਆਲਾ, ਸੰਗਰੂਰ ਅਤੇ ਮਾਨਸਾ, 28 ਅਗਸਤ ਨੂੰ ਬਰਨਾਲਾ, ਫਰੀਦਕੋਟ ਅਤੇ ਫਾਜ਼ਿਲਕਾ ਅਤੇ 29 ਅਗਸਤ ਨੂੰ ਸ੍ਰੀ ਮੁਕਤਸਰ ਸਾਹਿਬ ਅਤੇ ਬਠਿੰਡਾ ਵਿਖੇ ਜਾਵੇਗੀ।

ਇਸ ਮੌਕੇ ਦਰੋਣਾਚਾਰੀਆ ਐਵਾਰਡੀ ਅਥਲੈਟਿਕਸ ਕੋਚ ਸੁਖਦੇਵ ਸਿੰਘ ਪੰਨੂ, ਹਾਕੀ ਓਲੰਪੀਅਨ ਹਰਦੀਪ ਸਿੰਘ ਗਰੇਵਾਲ, ਉੱਘੇ ਖੇਡ ਪ੍ਰਸ਼ਾਸਕ ਤੇਜਾ ਸਿੰਘ ਧਾਲੀਵਾਲ, ਐਸ.ਡੀ.ਐਮ. ਗੁਰਸਿਮਰਨ ਸਿੰਘ ਢਿੱਲੋਂ, ਜ਼ਿਲ੍ਹਾ ਖੇਡ ਅਫ਼ਸਰ ਰੁਪਿੰਦਰ ਸਿੰਘ ਬਰਾੜ ਵੀ ਹਾਜ਼ਰ ਸਨ। ਉਨ੍ਹਾਂ ਇਸ ਉੱਚ ਪੱਧਰੀ ਖੇਡ ਮੇਲੇ ਰਾਹੀਂ ਸੂਬੇ ਦੀ ਅਮੀਰ ਖੇਡ ਵਿਰਾਸਤ ਨੂੰ ਅੱਗੇ ਵਧਾਉਣ ਲਈ ਪੰਜਾਬ ਸਰਕਾਰ ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਇਸ ਸਮਾਗਮ ਵਿੱਚ ਹਰ ਉਮਰ ਵਰਗ ਦੇ ਲੋਕਾਂ ਦੀ ਸ਼ਮੂਲੀਅਤ ਵੇਖੀ ਗਈ ਹੈ; ਜੋ ਇਸ ਖੇਡ ਸਮਾਗਮ ਦੀ ਵਿਸ਼ੇਸ਼ਤਾ ਵੀ ਹੈ।

Leave a Reply

Your email address will not be published. Required fields are marked *