ਲੁਧਿਆਣਾ ਦੇ ਸਿਵਲ ਹਸਪਤਾਲ ਨੂੰ ਅਤਿ-ਆਧੁਨਿਕ ਸਿਹਤ ਸਹੂਲਤਾਂ ਨਾਲ ਲੈਸ ਕੀਤਾ ਜਾਵੇਗਾ – ਡਾ. ਬਲਬੀਰ ਸਿੰਘ

Ludhiana Punjabi
  • ਸਿਹਤ ਮੰਤਰੀ ਨੇ ਚੱਲ ਰਹੇ ਅਪਗ੍ਰੇਡੇਸ਼ਨ ਪ੍ਰੋਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸ਼ਹਿਰੀ ਕਮਿਊਨਿਟੀ ਹੈਲਥ ਸੈਂਟਰਾਂ ਅਤੇ ਸਿਵਲ ਹਸਪਤਾਲ ਦਾ ਕੀਤਾ ਦੌਰਾ
  • ਜ਼ਿਲ੍ਹਾ ਪੱਧਰ ‘ਤੇ ਮੈਨੇਜਮੈਂਟ ਦੇ ਮੁੱਦਿਆਂ ਨੂੰ ਹੱਲ ਕਰਨ ਲਈ ਚਾਰ ਮੈਂਬਰੀ ਕਮੇਟੀ ਗਠਿਤ ਕਰਨ ਦੇ ਵੀ ਦਿੱਤੇ ਨਿਰਦੇਸ਼
  • ਕਿਹਾ! ਇੱਕ ਨਵਾਂ ਐਮਰਜੈਂਸੀ, ਆਈ.ਸੀ.ਯੂ. ਵਾਰਡ ਅਤੇ ਰੋਗੀ ਸੁਵਿਧਾ ਕੇਂਦਰ ਜ਼ਿਲ੍ਹਾ ਹਸਪਤਾਲ ‘ਚ ਸਿਹਤ ਸੇਵਾਵਾਂ ਨੂੰ ਹੋਰ ਸੁਚਾਰੂ ਬਣਾਏਗਾ

DMT : ਲੁਧਿਆਣਾ : (11 ਅਕਤੂਬਰ 2023) : –

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ  ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸੂਬੇ ਦੇ ਲੋਕਾਂ ਨੂੰ ਅਤਿ-ਆਧੁਨਿਕ ਸੇਵਾਵਾਂ ਪ੍ਰਦਾਨ ਕਰਨ ਲਈ ਸਿਹਤ ਸੰਭਾਲ ਬੁਨਿਆਦੀ ਢਾਂਚੇ ਦਾ ਪੱਧਰ ਉੱਚਾ ਚੁੱਕਣ ਨੂੰ ਮੁੱਖ ਤਰਜੀਹ ਦੇ ਰਹੀ ਹੈ।

ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਵਲੋਂ, ਮੈਂਬਰ ਪਾਰਲੀਮੈਂਟ ਸੰਜੀਵ ਅਰੋੜਾ, ਵਿਧਾਇਕ ਦਲਜੀਤ ਸਿੰਘ ਗਰੇਵਾਲ, ਅਸ਼ੋਕ ਪਰਾਸ਼ਰ ਪੱਪੀ, ਰਜਿੰਦਰਪਾਲ ਕੌਰ ਛੀਨਾ, ਸਕੱਤਰ ਸਿਹਤ ਵਿਵੇਕ ਪ੍ਰਤਾਪ ਸਿੰਘ, ਡਿਪਟੀ ਕਮਿਸ਼ਨਰ ਸੁਰਭੀ ਮਲਿਕ, ਡਾਇਰੈਕਟਰ ਫੈਮਿਲੀ ਪਲੈਨਿੰਗ ਡਾ. ਹਤਿੰਦਰ ਕੌਰ ਦੇ ਨਾਲ ਅੱਜ ਸੁਭਾਸ਼ ਨਗਰ, ਗਿਆਸਪੁਰਾ, ਵਰਧਮਾਨ ਵਿਖੇ ਅਰਬਨ ਕਮਿਊਨਿਟੀ ਹੈਲਥ ਸੈਂਟਰਾਂ ਦਾ ਦੌਰਾ ਕੀਤਾ ਅਤੇ ਜ਼ਿਲ੍ਹਾ ਹਸਪਤਾਲ ਲੁਧਿਆਣਾ ਦੇ ਅਪਗ੍ਰੇਡੇਸ਼ਨ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਵੀ ਲਿਆ।

ਸਥਾਨਕ ਸਿਵਲ ਹਸਪਤਾਲ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਪਟਿਆਲਾ ਦੇ ਜ਼ਿਲ੍ਹਾ ਹਸਪਤਾਲ ਦੇ ਬਰਾਬਰ ਜ਼ਿਲ੍ਹਾ ਹਸਪਤਾਲਾਂ ਵਿੱਚ ਵੀ ਅਤਿ-ਆਧੁਨਿਕ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਇੱਕ ਡੂੰਘਾਈ ਨਾਲ ਮੁਹਿੰਮ ਸ਼ੁਰੂ ਕੀਤੀ ਗਈ ਹੈ ਜਿਸ ਨੂੰ ਹਾਲ ਹੀ ਵਿੱਚ ਸਰਕਾਰ ਦੁਆਰਾ ਅਪਗ੍ਰੇਡ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਿਵਲ ਹਸਪਤਾਲ ਨੂੰ ਇੱਕ ਨਵਾਂ ਐਮਰਜੈਂਸੀ, ਆਈ.ਸੀ.ਯੂ. ਵਾਰਡ ਅਤੇ ਮਰੀਜ਼ ਸੁਵਿਧਾ ਕੇਂਦਰ ਮਿਲੇਗਾ ਜੋ ਸਿਹਤ ਸੰਭਾਲ ਦੇ ਖੇਤਰ ਵਿੱਚ ਇੱਕ ਹੋਰ ਮੀਲ ਪੱਥਰ ਸਿੱਧ ਹੋਵੇਗਾ। ਉਨ੍ਹਾਂ ਕਿਹਾ ਕਿ ਮਰੀਜ਼ਾਂ ਨੂੰ ਇਸ ਸੁਵਿਧਾ ਡੈਸਕ ‘ਤੇ ਹਰ ਲੋੜੀਂਦੀ ਸਹਾਇਤਾ ਮਿਲੇਗੀ ਜਿੱਥੇ ਸਟਾਫ ਮਰੀਜ਼ਾਂ ਨੂੰ ਸਬੰਧਤ ਡਾਕਟਰਾਂ ਕੋਲ ਇਲਾਜ਼ ਲਈ ਲੈ ਕੇ ਜਾਵੇਗਾ. ਉਨ੍ਹਾਂ ਕਿਹਾ ਕਿ ਇਸ ਡੈਸਕ ‘ਤੇ ਮਰੀਜ਼ਾਂ ਦਾ ਰਿਕਾਰਡ ਡਿਜੀਟਲ ਕੀਤਾ ਜਾਵੇਗਾ ਜੋ ਡਾਕਟਰਾਂ ਵਲੋਂ ਜਾਂਚਿਆ ਜਾ ਸਕਦਾ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਆਈ.ਸੀ.ਯੂ. ਦੋ ਮਹੀਨਿਆਂ ਵਿੱਚ ਚਾਲੂ ਹੋ ਜਾਵੇਗਾ ਜਦਕਿ ਬਾਕੀ ਰਹਿੰਦੇ ਕੰਮ ਵੀ ਜੰਗੀ ਪੱਧਰ ‘ਤੇ ਚੱਲ ਰਹੇ ਹਨ। ਕੈਬਨਿਟ ਮੰਤਰੀ ਨੇ ਇਹ ਵੀ ਦੱਸਿਆ ਕਿ ਸਥਾਨਕ ਸਿਵਲ ਹਸਪਤਾਲ ਦੀਆਂ ਦੋਵੇਂ ਲਿਫਟਾਂ ਨੂੰ ਜਲਦ ਤੋਂ ਜਲਦ ਚਾਲੂ ਕਰ ਦਿੱਤਾ ਜਾਵੇਗਾ ਜਿਸ ਸਬੰਧੀ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਇਸੇ ਤਰ੍ਹਾਂ, ਨਵੀਂ ਬਣੀ ਇਮਾਰਤ ਵਿੱਚ ਵੀ ਨਵੀਂ ਲਿਫਟ ਵੀ ਸਥਾਪਿਤ ਕੀਤੀ ਜਾਵੇਗੀ।

ਸ਼ਹਿਰੀ ਕਮਿਊਨਿਟੀ ਹੈਲਥ ਸੈਂਟਰਾਂ ਦੇ ਅਪਗ੍ਰੇਡੇਸ਼ਨ ਬਾਰੇ ਬੋਲਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਇਨ੍ਹਾਂ ਕੇਂਦਰਾਂ ਨੂੰ ਜਲਦ ਹੀ ਮਾਹਿਰ ਡਾਕਟਰ ਮਿਲਣਗੇ ਤਾਂ ਜੋ ਮਰੀਜ਼ਾਂ ਨੂੰ ਵਿਸ਼ੇਸ਼ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ। ਇਨ੍ਹਾਂ ਸ਼ਹਿਰੀ ਸਿਹਤ ਕੇਂਦਰਾਂ ਵਿੱਚ ਬੁਨਿਆਦੀ ਜੀਵਨ ਸਹਾਇਤਾ ਪ੍ਰਣਾਲੀ, ਛੋਟੀਆਂ ਸਰਜਰੀਆਂ, ਅਲਟਰਾਸਾਊਂਡ, ਐਕਸ-ਰੇ, ਜਨਰਲ ਦਵਾਈਆਂ, ਬੱਚਿਆਂ ਦੀ ਦੇਖਭਾਲ, ਆਰਥੋਪੈਡਿਕ ਸੇਵਾਵਾਂ, ਸਿਜੇਰੀਅਨ ਡਿਲੀਵਰੀ, ਸਪੈਸ਼ਲਿਸਟ ਡਾਇਗਨੌਸਟਿਕਸ ਆਦਿ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ ਤਾਂ ਜੋ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਵੱਧ ਤੋਂ ਵੱਧ ਸਿਹਤ ਸੇਵਾਵਾਂ ਪ੍ਰਦਾਨ ਕਰਕੇ ਸਿਵਲ ਹਸਪਤਾਲਾਂ ਦਾ ਬੋਝ ਘਟਾਇਆ ਜਾ ਸਕੇ।

ਡਾ. ਬਲਬੀਰ ਸਿੰਘ ਨੇ ਅੱਗੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਖਾਲੀ ਅਸਾਮੀਆਂ ਦਾ ਇਸ਼ਤਿਹਾਰ ਪਹਿਲਾਂ ਹੀ ਜਾਰੀ ਕੀਤਾ ਜਾ ਚੁੱਕਾ ਹੈ ਅਤੇ 1880 ਦੇ ਕਰੀਬ ਖਾਲੀ ਅਸਾਮੀਆਂ ਨੂੰ ਜਲਦ ਹੀ ਭਰਿਆ ਜਾਵੇਗਾ। ਇਸੇ ਤਰ੍ਹਾਂ, ਨਿਯਮਤ ਅਧਾਰ ‘ਤੇ ਨਵੀਆਂ ਅਸਾਮੀਆਂ ਬਣਾਈਆਂ/ਮਨਜ਼ੂਰ ਕੀਤੀਆਂ ਜਾਣਗੀਆਂ ਤਾਂ ਜੋ ਇਨ੍ਹਾਂ ਸ਼ਹਿਰੀ ਸਿਹਤ ਸੰਭਾਲ ਕੇਂਦਰਾਂ ਨੂੰ ਹੋਰ ਮਜ਼ਬੂਤ ਕਰਨ ਲਈ ਮਾਹਿਰ ਡਾਕਟਰਾਂ/ਸਟਾਫ਼ ਦੀ ਘਾਟ ਨੂੰ ਪੂਰਾ ਕੀਤਾ ਜਾ ਸਕੇ. ਉਨ੍ਹਾਂ ਕਿਹਾ ਕਿ ਸਿਵਲ ਹਸਪਤਾਲ ਵਿੱਚ ਸਿਰਫ ਗੰਭੀਰ ਬਿਮਾਰੀਆਂ ਵਾਲੇ ਰੈਫਰਲ ਮਰੀਜ਼ਾਂ ਦਾ ਇਲਾਜ ਕੀਤਾ ਜਾਵੇਗਾ।

ਇਸ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਿਹਤ ਮੰਤਰੀ ਨੇ ਜ਼ਿਲ੍ਹਾ ਪੱਧਰ ‘ਤੇ ਸਿਹਤ ਅਧਿਕਾਰੀਆਂ ਦੀ ਚਾਰ ਮੈਂਬਰੀ ਕਮੇਟੀ ਬਣਾਉਣ ਦੇ ਨਿਰਦੇਸ਼ ਵੀ ਜਾਰੀ ਕੀਤੇ ਤਾਂ ਜੋ ਚੱਲ ਰਹੇ ਪ੍ਰੋਜੈਕਟਾਂ ਦੀ ਪ੍ਰਗਤੀ ਦੀ ਨਿਰੰਤਰ ਸਮੀਖਿਆ ਅਤੇ ਨਿਗਰਾਨੀ ਕੀਤੀ ਜਾ ਸਕੇ। ਇਹ ਕਮੇਟੀ ਮੈਨੇਜਮੈਂਟ ਨਾਲ ਸਬੰਧਤ ਮੁੱਦੇ ਵੀ ਉਠਾਏਗੀ ਅਤੇ ਲੋੜੀਂਦੀ ਕਾਰਵਾਈ ਕਰੇਗੀ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਨੇ ਸ਼ਹਿਰੀ ਸਿਹਤ ਕੇਂਦਰਾਂ ਦੇ ਦੌਰੇ ਦੌਰਾਨ ਮਰੀਜ਼ਾਂ ਨਾਲ ਗੱਲਬਾਤ ਵੀ ਕੀਤੀ ਅਤੇ ਡਾਕਟਰਾਂ ਵੱਲੋਂ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ‘ਤੇ ਤਸੱਲੀ ਵੀ ਪ੍ਰਗਟਾਈ ਹੈ।

Leave a Reply

Your email address will not be published. Required fields are marked *