ਲੁਧਿਆਣਾ ਵਾਸੀਆਂ ਨੇ ਨਸ਼ਾ ਮੁਕਤ ਸਮਾਜ ਬਣਾਉਣ  ਦਾ ਲਿਆ ਪ੍ਰਣ  

Ludhiana Punjabi
  • 1000 ਤੋਂ ਵੱਧ ਵਿਅਕਤੀਆਂ ਨੇ ਕੀਤੀ ਸ਼ਮੂਲੀਅਤ
  • ਸਾਂਝੇ ਯਤਨਾਂ ਨਾਲ ਸਮਾਜ ਵਿੱਚੋਂ  ਨਸ਼ਾਖੋਰੀ ਦਾ ਖਾਤਮਾ ਕੀਤਾ ਜਾ ਸਕਦਾ ਹੈ:   ਏ.ਡੀ.ਸੀ ਸੰਦੀਪ ਕੁਮਾਰ
  • ਨਸ਼ਾ ਛੱਡ ਚੁੱਕੇ ਲੋਕਾਂ ਨੇ ਆਪਣੀਆਂ ਕਹਾਣੀਆਂ ਸਾਂਝੀਆਂ ਕੀਤੀਆਂ ਅਤੇ ਦੂਜਿਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਪ੍ਰੇਰਨਾ ਦਿੱਤੀ

DMT : ਲੁਧਿਆਣਾ : (26 ਜੂਨ 2023) : – ਨਸ਼ਾਖੋਰੀ ਅਤੇ ਨਾਜਾਇਜ਼ ਤਸਕਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ ਮਨਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ  ਵੱਲੋਂ ਸੋਮਵਾਰ ਨੂੰ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਵਿਖੇ 5 ਕਿਲੋਮੀਟਰ ਦੀ ਮੈਰਾਥਨ ਦੌੜ ਕਰਵਾਈ ਗਈ।

ਇਸ ਮੈਰਾਥਨ ਵਿੱਚ 1000 ਤੋਂ ਵੱਧ ਲੋਕਾਂ ਨੇ ਭਾਗ ਲਿਆ ਜਿਸ ਨੂੰ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਸੰਦੀਪ ਕੁਮਾਰ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ।ਬਾਅਦ ਵਿੱਚ ਪਾਲ ਆਡੀਟੋਰੀਅਮ, ਪੀ.ਏ.ਯੂ ਵਿੱਚ ਇੱਕ ਸੱਭਿਆਚਾਰਕ ਸਮਾਗਮ ਵੀ ਕਰਵਾਇਆ ਗਿਆ ਜਿੱਥੇ ਇਸ਼ਮੀਤ ਸਿੰਘ ਸੰਗੀਤ ਸੰਸਥਾ ਵੱਲੋਂ ਕੋਰੀਓਗ੍ਰਾਫੀ ਅਤੇ ਗੀਤਾਂ ਸਮੇਤ ਵੱਖ-ਵੱਖ ਆਈਟਮਾਂ ਪੇਸ਼ ਕੀਤੀਆਂ ਗਈਆਂ।

ਇਸ ਸਮਾਗਮ ਦੌਰਾਨ, ਨਸ਼ਾ ਛੱਡ ਚੁੱਕੇ ਵਿਅਕਤੀਆਂ ਨੇ ਆਪਣੀਆਂ ਕਹਾਣੀਆਂ ਸਾਂਝੀਆਂ ਕੀਤੀਆਂ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਦਾ ਸ਼ਿਕਾਰ ਨਾ ਹੋਣ ਕਿਉਂਕਿ ਨਸ਼ੇ ਸਭ ਕੁਝ ਤਬਾਹ ਕਰ ਦਿੰਦੇ ਹਨ।  ਇਸ ਮੌਕੇ ਹਾਜ਼ਰੀਨ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਸਹੁੰ ਵੀ ਚੁਕਾਈ ਗਈ।

ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਨੇ ਦੁਹਰਾਇਆ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨਸ਼ਿਆਂ ਦੇ ਖਾਤਮੇ ਲਈ ਵਚਨਬੱਧ ਹੈ ਅਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਜ਼ੀਰੋ ਟੋਲਰੈਂਸ ਵਾਲਾ ਰਵੱਈਆ ਅਪਣਾਇਆ ਗਿਆ ਹੈ।

ਸ੍ਰੀ ਸੰਦੀਪ ਕੁਮਾਰ ਨੇ ਕਿਹਾ, “ਰਾਜ ਸਰਕਾਰ ਇਸ ਦਿਸ਼ਾ ਵਿੱਚ ਪਹਿਲਾਂ ਹੀ ਸਖ਼ਤ ਯਤਨ ਕਰ ਰਹੀ ਹੈ ਪਰ ਇਹ ਸਮਝਣਾ ਚਾਹੀਦਾ ਹੈ ਕਿ ਇਹ ਸਿਰਫ਼ ਪ੍ਰਸ਼ਾਸਨ ਦੀ ਲੜਾਈ ਨਹੀਂ ਹੈ, ਸਗੋਂ ਲੋਕਾਂ ਦੀ ਲੜਾਈ ਹੈ ਅਤੇ ਸਾਰਿਆਂ ਨੂੰ ਇਸ ਨੂੰ ਬਰਾਬਰ ਦੇ ਜਜ਼ਬੇ ਨਾਲ ਲੜਨਾ ਪਵੇਗਾ” ਅਤੇ ਉਹਨਾਂ  ਕਿਹਾ ਕਿ  ਪੰਜਾਬ ਸਰਕਾਰ ਵੱਲੋਂ  ਨਸ਼ਾ ਤਸਕਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾ ਰਿਹਾ ਹੈ।

ਏ.ਡੀ.ਸੀ. ਨੇ ਮੁੜ ਵਸੇਬਾ ਅਤੇ ਓ.ਓ.ਏ.ਟੀ ਕੇਂਦਰਾਂ ਸਮੇਤ ਸਰਕਾਰੀ ਪਹਿਲਕਦਮੀਆਂ ਬਾਰੇ ਬੋਲਦਿਆਂ ਕਿਹਾ ਕਿ ਨਸ਼ੇ ਦੀ ਸਮੱਸਿਆ ਨਾਲ ਨਜਿੱਠਣ ਲਈ ਜ਼ਿਲਾ ਪ੍ਰਸ਼ਾਸਨ ਵੱਲੋਂ ਵੱਧ ਤੋਂ ਵੱਧ ਯਤਨ ਕਰਕੇ ਨਸ਼ੇ ਤੋਂ ਪ੍ਰਭਾਵਿਤ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ।

ਸ੍ਰੀ ਕੁਮਾਰ ਨੇ ਇਹ ਵੀ ਉਮੀਦ ਜ਼ਾਹਰ ਕੀਤੀ ਕਿ ਇਹ ਮੈਰਾਥਨ ਅਤੇ ਸਮਾਗਮ ਨੌਜਵਾਨਾਂ ‘ਤੇ ਅਮਿੱਟ ਛਾਪ ਛੱਡੇਗਾ ਅਤੇ ਉਨ੍ਹਾਂ ਨੂੰ ਨਸ਼ਿਆਂ ਵਿਰੁੱਧ ਜ਼ੋਰਦਾਰ ਢੰਗ ਨਾਲ ਲੜਨ ਲਈ ਪ੍ਰੇਰਿਤ ਕਰੇਗਾ।ਉਨ੍ਹਾਂ ਵਿਦਿਆਰਥੀਆਂ ਨੂੰ ਸਿਹਤਮੰਦ ਜੀਵਨ ਲਈ ਸਰੀਰਕ ਕਸਰਤ ਨੂੰ ਆਪਣੀ ਜੀਵਨ ਸ਼ੈਲੀ ਦਾ ਲਾਜ਼ਮੀ ਹਿੱਸਾ ਬਣਾਉਣ ਦਾ ਸੱਦਾ ਵੀ ਦਿੱਤਾ।

ਇਸ ਮੌਕੇ ਗਲਾਡਾ ਦੇ ਸੀ.ਏ ਸ਼੍ਰੀ ਸਾਗਰ ਸੇਤੀਆ, ਏ.ਸੀ.ਏ ਗਲਾਡਾ ਸ੍ਰੀ ਅਮਰਜੀਤ ਬੈਂਸ, ਐਸ.ਡੀ.ਐਮ ਸ਼੍ਰੀ ਗੁਰਬੀਰ ਸਿੰਘ ਕੋਹਲੀ, ਸ਼੍ਰੀ ਗੁਰਸਿਮਰਨ ਸਿੰਘ ਢਿੱਲੋਂ, ਸਹਾਇਕ ਕਮਿਸ਼ਨਰ ਉਪਿੰਦਰਜੀਤ ਕੌਰ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।

Leave a Reply

Your email address will not be published. Required fields are marked *