ਵਧੀਕ ਡਿਪਟੀ ਕਮਿਸ਼ਨਰ ਰੁਪਿੰਦਰ ਪਾਲ ਸਿੰਘ ਦੀ ਅਗਵਾਈ ‘ਚ ਜ਼ਿਲ੍ਹਾ ਪੱਧਰੀ ਡੇਂਗੂ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਆਯੋਜਿਤ

Ludhiana Punjabi
  • ਡੇਂਗੂ, ਚਿਕਨਗੁਣੀਆ ਤੋਂ ਬਚਾਅ ਸਬੰਧੀ ਜਾਰੀ ਵੱਖ-ਵੱਖ ਗਤੀਵਿਧੀਆਂ ਦੀ ਕੀਤੀ ਸਮੀਖਿਆ

DMT : ਲੁਧਿਆਣਾ : (05 ਅਕਤੂਬਰ 2023) : –

ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ. ਰੁਪਿੰਦਰ ਪਾਲ ਸਿੰਘ ਦੀ ਅਗਵਾਈ ਵਿੱਚ ਡੇਂਗੂ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਉਨ੍ਰਾਂ ਦੇ ਦਫ਼ਤਰ ਵਿਖੇ ਆਯੋਜਿਤ ਹੋਈ ਜਿਸ ਵਿੱਚ ਡੇਂਗੂ, ਚਿਕਨਗੁਣੀਆ ਅਤੇ ਹੋਰ ਮੱਛਰਾਂ ਦੇ ਕੱਟਣ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਓ ਸਬੰਧੀ ਕੀਤੇ ਜਾ ਰਹੇ ਉਪਰਾਲਿਆਂ ਦੀ ਸਮੀਖਿਆ ਕੀਤੀ ਗਈ।

ਇਸ ਮੌਕੇ ਉਨ੍ਹਾਂ ਨਾਲ ਨੋਡਲ ਅਫ਼ਸਰ ਡਾ. ਰਮੇਸ਼ ਕੁਮਾਰ, ਜ਼ਿਲ੍ਹਾ ਐਪਡੀਮੋਲੋਜਿਸਟ ਡਾਕਟਰ ਸ਼ੀਤਲ ਤੋ਼ ਇਲਾਵਾ ਨਗਰ ਨਿਗਮ, ਸਿਹਤ ਵਿਭਾਗ ਤੋਂ ਇਲਾਵਾ ਹੋਰ ਵੱਖ ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

ਵਧੀਕ ਡਿਪਟੀ ਕਮਿਸ਼ਨਰ ਵਲੋਂ ਇਸ ਮੌਕੇ ਵੱਖ-ਵੱਖ ਵਿਭਾਗਾਂ ਨੂੰ ਡੇਂਗੂ, ਮਲੇਰੀਆ ਅਤੇ ਚਿਕਨਗੁਣੀਆਂ ਨੂੰ ਫੈਲਣ ਤੋਂ ਰੋਕਣ ਲਈ ਚਲਾਈਆਂ ਜਾ ਰਹੀਆਂ ਜਾਗਰੂਕਤਾ ਗਤੀਵਿਧੀਆਂ ਵਿੱਚ ਹੋਰ ਤੇਜ਼ੀ ਲਿਆਉਣ ਲਈ ਕਿਹਾ ਅਤੇ ਸਪੱਸ਼ਟ ਕੀਤਾ ਕਿ ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ ਨੂੰ ਜਾਰੀ ਰੱਖਿਆ ਜਾਵੇ।

ਜ਼ਿਲ੍ਹਾ ਨੋਡਲ ਅਫ਼ਸਰ ਡਾ. ਰਮੇਸ਼ ਕੁਮਾਰ ਨੇ ਦੱਸਿਆ ਕਿ ਨਗਰ ਨਿਗਮ ਦੇ ਸਹਿਯੋਗ ਨਾਲ ਡੇਂਗੂ ਦੇ ਲਾਰਵੇ ਨੂੰ ਖਤਮ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਘਰਾਂ, ਸੰਸਥਾਵਾਂ ਅਤੇ ਸਰਕਾਰੀ ਅਦਾਰਿਆਂ ਅੰਦਰ ਡੇਂਗੂ ਦਾ ਲਾਰਵਾ ਪਾਏ ਜਾਣ ‘ਤੇ ਉਸਨੂੰ ਤੁਰੰਤ ਨਸ਼ਟ ਕਰਵਾਇਆ ਜਾ ਰਿਹਾ ਹੈ ਅਤੇ ਟਾਇਰਾਂ, ਫਰਿੱਜਾਂ, ਕੂਲਰਾਂ, ਪੰਛੀਆਂ ਵਾਸਤੇ ਰੱਖੇ ਗਏ ਪਾਣੀ ਵਾਲੇ ਬਰਤਨਾਂ ਦੀ ਵੀ ਨਿਯਮਤ ਤੌਰ ‘ਤੇ ਜਾਂਚ ਕੀਤੀ ਜਾ ਰਹੀ ਹੈ।

ਇਸ ਮੌਕੇ ਜ਼ਿਲ੍ਹਾ ਐਪਡੀਮੋਲੋਜਿਸਟ ਡਾ. ਸ਼ੀਤਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੇਂਗੂ ਪੈਦਾ ਕਰਨ ਵਾਲਾ ਲਾਰਵਾ ਬਹੁਤ ਹੀ ਖਤਰਨਾਕ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਡੇਂਗੂ ਏਡੀਜ ਨਾਮ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ ਜੋਕਿ ਸਾਫ਼ ਖੜ੍ਹੇ ਪਾਣੀ ਦੇ ਸੋਮਿਆਂ ਵਿੱਚ ਪੈਦਾ ਹੁੰਦਾ ਹੈ ਅਤੇ ਮਨੁੱਖ ਨੂੰ ਦਿਨ ਵੇਲੇ ਕੱਟਦਾ ਹੈ। ਉਨ੍ਹਾਂ ਡੇਂਗੂ ਦੀ ਰੋਕਥਾਮ ਸਬੰਧੀ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜ਼ਿਆਦਾਤਰ ਪਾਣੀ ਨੂੰ ਖੜ੍ਹਾ ਨਾ ਹੋਣ ਦਿੱਤਾ ਜਾਵੇ ਤੇ ਇਸ ਤੋਂ ਇਲਾਵਾ ਸ਼ਰੀਰ ਨੂੰ ਪੂਰੇ ਕੱਪੜੇ ਪਾ ਕੇ ਢੱਕ ਕੇ ਰੱਖਿਆ ਜਾਵੇ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋ ਘਰਾਂ ‘ਚ ਚੈਕਿੰਗ ਕਰਕੇ ਡੇਗੂ ਦਾ ਲਾਰਵਾ ਨਸ਼ਟ ਕੀਤਾ ਜਾ ਰਿਹਾ ਹੈ ਅਤੇ ਜਾਗਰੂਕਤਾ ਰੈਲੀਆਂ ਰਾਹੀ ਲੋਕਾਂ ਨੂੰ ਡੇਗੂ ਅਤੇ ਚਿਕਨਗੁਨੀਆਂ ਆਦਿ ਬਿਮਾਰੀਆਂ ਤੋ ਬਚਣ ਲਈ ਸਾਵਧਾਨ ਵੀ ਕੀਤਾ ਜਾ ਰਿਹਾ ਹੈ।

ਤੇਜ਼ ਬੁਖਾਰ, ਸਿਰ ਦਰਦ, ਮਾਸ ਪੇਸ਼ੀਆਂ ਵਿੱਚ ਦਰਦ, ਚਮੜੀ ਤੇ ਦਾਣੇ, ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ, ਮਸੂੜਿਆਂ ਅਤੇ ਨੱਕ ਵਿੱਚੋਂ ਖੂਨ ਦਾ ਵਗਣਾ ਡੇਂਗੂ ਅਤੇ ਚਿਕਨਗੁਣੀਆ ਦੇ ਮੁੱਖ ਲੱਛਣ ਹਨ। ਉਨ੍ਹਾਂ ਦੱਸਿਆ ਕਿ ਡੇਂਗੂ ਅਤੇ ਚਿਕਨਗੁਨੀਆਂ ਦਾ ਟੈਸਟ ਅਤੇ ਇਲਾਜ ਸੂਬੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ।

ਉਨ੍ਹਾਂ ਇਸਦੇ ਬਚਾਓ ਦੇ ਤਰੀਕਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੌਣ ਵੇਲੇ ਮੱਛਰਦਾਨੀ, ਮੱਛਰ ਭਜਾਉਣ ਵਾਲੀਆਂ ਕਰੀਮਾਂ ਅਤੇ ਤੇਲ ਆਦਿ ਦਾ ਇਸਤੇਮਾਲ ਕਰੋ, ਬੁਖਾਰ ਹੋਣ ਤੇ ਐਸਪਰੀਨ ਅਤੇ ਬਰੂਫਿਨ ਨਾ ਲਵੋ, ਬੁਖਾਰ ਹੋਣ ਤੇ ਸਿਰਫ਼ ਪੈਰਾਸੀਟਾਮੋਲ ਹੀ ਲਵੋ। ਛੱਤਾਂ ਤੇ ਰੱਖੀਆਂ ਪਾਣੀਆਂ ਦੀਆਂ ਟੈਂਕੀਆਂ ਦੇ ਢੱਕਣਾ ਨੂੰ ਚੰਗੀ ਤਰ੍ਹਾਂ ਬੰਦ ਕਰੋ, ਟੁੱਟੇ ਬਰਤਨਾਂ, ਡਰੰਮਾਂ ਅਤੇ ਟਾਇਰਾਂ ਆਦਿ ਨੂੰ ਖੁਲ੍ਹੇ ਵਿੱਚ ਨਾ ਰੱਖੋ, ਪਾਣੀ ਜਾਂ ਤਰਲ ਚੀਜਾਂ ਜਿਆਦਾ ਪੀਣੀਆਂ ਚਾਹੀਦੀਆਂ ਹਨ।

Leave a Reply

Your email address will not be published. Required fields are marked *