ਵਿਧਾਇਕ ਗਰੇਵਾਲ ਵੱਲੋਂ ਬੁੱਢੇ ਦਰਿਆ ਦਾ ਕੀਤਾ ਗਿਆ ਮੁਆਇਨਾ, ਪ੍ਰਸ਼ਾਸ਼ਨਿਕ ਅਧਿਕਾਰੀਆਂ ਨੂੰ ਦਿੱਤੇ ਜ਼ਰੂਰੀ ਨਿਰਦੇਸ਼

Ludhiana Punjabi
  • ਕਿਹਾ! ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ
  • ਜੋਨਲ ਕਮਿਸ਼ਨਰ ਸੋਨਮ ਚੋਧਰੀ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਕੇ ‘ਤੇ ਰਹੇ ਮੌਜੂਦ

DMT : ਲੁਧਿਆਣਾ : (10 ਜੁਲਾਈ 2023) : – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ‘ਚ ਬਣੀ ਹੜ੍ਹ ਦੀ ਸਥਿਤੀ ਨੂੰ ਨਜਿੱਠਣ ਲਈ ਸਾਰੇ ਵਿਧਾਇਕਾਂ ਨੂੰ ਆਪੋ-ਆਪਣੇ ਹਲਕੇ ਵਿਚ ਹਾਲਾਤਾਂ ਦਾ ਜਾਇਜ਼ਾ ਲੈਣ ਲਈ ਨਿਰਦੇਸ਼ ਜਾਰੀ ਕੀਤੇ ਹਨ । ਇਨ੍ਹਾਂ ਹੁਕਮਾਂ ਤਹਿਤ ਹਲਕਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਅਤੇ ਉਹਨਾਂ ਦੀ ਟੀਮ ਵੱਲੋਂ ਅੱਜ ਬੁੱਢੇ ਦਰਿਆ ਦਾ ਮੁਆਇਨਾ ਕੀਤਾ ਗਿਆ ।
ਇਸ ਦੌਰਾਨ ਨਗਰ ਨਿਗਮ ਜੋਨ ਬੀ ਦੇ ਜੋਨਲ ਕਮਿਸ਼ਨਰ ਮੈਡਮ ਸੋਨਮ ਚੋਧਰੀ ਤੋਂ ਇਲਾਵਾ ਨਗਰ ਨਿਗਮ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ । ਇਸ ਮੌਕੇ ਉਨ੍ਹਾਂ ਵੱਲੋਂ  ਦਰਿਆ ਦੇ ਖਤਰੇ ਵਾਲੀ ਥਾਂ ਦੀ ਬਰੀਕੀ ਨਾਲ ਜਾਂਚ ਕੀਤੀ ਗਈ।
ਹੋਰ ਜਾਣਕਾਰੀ ਦਿੰਦੇ ਹੋਏ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਨੇ ਦੱਸਿਆ ਕਿ ਅੱਜ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਰ ਵਿਧਾਇਕ ਨੂੰ ਆਪਣੇ-ਆਪਣੇ ਇਲਾਕਿਆਂ ਵਿੱਚ ਜ਼ਮੀਨੀ ਪੱਧਰ ‘ਤੇ ਸਮੀਖਿਆ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ । ਉਹਨਾਂ ਕਿਹਾ ਕਿ ਉਹ ਪਹਿਲਾਂ ਤੋਂ ਹੀ ਲਗਾਤਾਰ ਆਪਣੇ ਸਾਥੀਆਂ ਦੇ ਨਾਲ ਦਰਿਆ ਦੀ ਜਾਂਚ ਕਰ ਰਹੇ ਹਨ ਅਤੇ ਜਿੱਥੇ ਵੀ ਉਹਨਾਂ ਨੂੰ ਕੋਈ ਕਮੀ ਨਜ਼ਰ ਆਉਂਦੀ ਹੈ ਤਾਂ ਉਹ ਨਗਰ ਨਿਗਮ ਅਧਿਕਾਰੀਆਂ ਨੂੰ ਨਾਲ ਲੈ ਕੇ ਉਸ ਨੂੰ ਠੀਕ ਕਰਵਾ ਰਹੇ ਹਨ ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ।
ਵਿਧਾਇਕ ਗਰੇਵਾਲ ਨੇ ਕਿਹਾ ਕਿ ਅੱਜ ਨਗਰ ਨਿਗਮ ਟੀਮ ਵੱਲੋਂ ਆਪਣੀ ਮਸ਼ੀਨਰੀ ਦੇ ਨਾਲ ਦਰਿਆ ਦੇ ਸਾਰੇ ਬੰਨ੍ਹ ਚੈੱਕ ਕੀਤੇ ਗਏ ਹਨ ਤੇ ਉਹਨਾਂ ਨੂੰ ਪੱਕਾ ਕਰਵਾਇਆ ਗਿਆ ਹੈ ਤਾਂ ਜੋ ਆਉਣ ਵਾਲੇ ਸੰਭਾਵੀ ਖ਼ਤਰੇ ਨਾਲ ਨਜਿੱਠਿਆ ਜਾ ਸਕੇ। ਵਿਧਾਇਕ ਗਰੇਵਾਲ ਨੇ ਕਿਹਾ ਕਿ ਉਹਨਾਂ ਦੀ ਦਰਿਆ ਉੱਪਰ ਪੂਰੀ ਨਜ਼ਰ ਬਣੀ ਹੋਈ ਹੈ ਅਤੇ ਇਸ ਦੇ ਨਾਲ ਨਾਲ ਨੀਵੀਆਂ ਥਾਵਾ ‘ਤੇ ਰਹਿ ਰਹੇ ਲੋਕਾਂ ਨੂੰ ਵੀ ਅਪੀਲ ਕੀਤੀ ਜਾ ਰਹੀ ਹੈ ਉਹ ਵੱਧ ਰਹੀ ਬਰਸਾਤ ਦੇ ਹਾਲਾਤਾਂ ਨੂੰ ਦੇਖਦੇ ਹੋਏ ਕਿਸੇ ਹੋਰ ਜਗ੍ਹਾ ‘ਤੇ ਕੁਝ ਦਿਨਾਂ ਲਈ ਸ਼ਿਫਟ ਹੋ ਜਾਣ ਤਾਂ ਜੋ ਕਿਸੇ ਤਰ੍ਹਾਂ ਦਾ ਨੁਕਸਾਨ ਨਾ ਹੋਵੇ।
ਇਸ ਮੌਕੇ ਨਗਰ ਨਿਗਮ ਦੀ ਟੀਮ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਵਰਕਰ ਅਤੇ ਆਗੂ ਵੀ ਹਾਜ਼ਰ ਸਨ ।

Leave a Reply

Your email address will not be published. Required fields are marked *