ਵਿਧਾਇਕ ਗੋਗੀ ਵਲੋਂ ਨੌਜਵਾਨਾਂ ਨੂੰ ਸਮਾਜਿਕ ਬੁਰਾਈਆਂ ਵਿਰੁੱਧ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ

Ludhiana Punjabi
  • ਨਸ਼ਾਖੋਰੀ ਅਤੇ ਕੰਨਿਆ ਭਰੂਣ ਹੱਤਿਆ ਨੂੰ ਖ਼ਤਮ ਕਰਨ ਲਈ ਵੀ ਸਹਿਯੋਗ ਦੀ ਕੀਤੀ ਅਪੀਲ
  • ਵਿਧਾਇਕ ਲੁਧਿਆਣਾ ਪੱਛਮੀ ਨੇ ਸੈਂਕੜੇ ਨੌਜਵਾਨ ਲੜਕੀਆਂ ਨਾਲ ਕੀਤੀ ਸ਼ਾਂਤੀ ਮਾਰਚ ਦੀ ਅਗਵਾਈ

DMT : ਲੁਧਿਆਣਾ : (27 ਮਾਰਚ 2023) : – ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਤੋਂ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਵਲੋਂ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਸੂਬੇ ਵਿੱਚੋਂ ਸਮਾਜਿਕ ਬੁਰਾਈਆਂ ਦਾ ਸਫਾਇਆ ਕਰਨ ਲਈ ਸਰਗਰਮ ਭੂਮਿਕਾ ਨਿਭਾਉਣ।

ਸਥਾਨਕ ਸਰਕਾਰੀ ਕਾਲਜ (ਲੜਕੀਆਂ) ਤੋਂ ਸ਼ਾਂਤੀ ਮਾਰਚ ਦੀ ਅਗਵਾਈ ਕਰਦਿਆਂ ਵਿਧਾਇਕ ਗੋਗੀ ਨੇ ਕਿਹਾ ਕਿ ਨੌਜਵਾਨਾਂ ਦੀ ਉਸਾਰੂ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲਿਜਾਣ ਦੀ ਲੋੜ ਹੈ ਤਾਂ ਜੋ ਉਹ ਵੱਖ-ਵੱਖ ਸਮਾਜਿਕ ਬੁਰਾਈਆਂ ਵਿਰੁੱਧ ਉਸਾਰੂ ਭੂਮਿਕਾ ਨਿਭਾ ਸਕਣ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਰਾਸ਼ਟਰਵਾਦ ਅਤੇ ਮਾਨਵਤਾ ਦੀ ਸੇਵਾ ਦੇ ਜਜ਼ਬੇ ਨੂੰ ਆਪਣੇ ਜੀਵਨ ਵਿੱਚ ਧਾਰਨ ਕਰਨਾ ਚਾਹੀਦਾ ਹੈ ਜੋ ਇੱਕ ਸਦਭਾਵਨਾ ਵਾਲੇ ਸਮਾਜ ਦੀ ਉਸਾਰੀ ਵਿੱਚ ਅਹਿਮ ਭੂਮਿਕਾ ਨਿਭਾ ਸਕਦਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਸਕੂਲਾਂ/ਕਾਲਜਾਂ ਵਿੱਚ ਆਪਣੇ ਸਾਥੀਆਂ ਨੂੰ ਸਮਾਜਿਕ ਬੁਰਾਈਆਂ ਵਿਰੁੱਧ ਜੰਗ ਲੜਨ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ ਅਤੇ ਰਾਸ਼ਟਰ ਨਿਰਮਾਣ ਵਿੱਚ ਵੱਡਾ ਯੋਗਦਾਨ ਪਾਉਣਾ ਚਾਹੀਦਾ ਹੈ।

ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਦੇ ਨਾਲ ਵਿਧਾਇਕ ਗੋਗੀ ਵਲੋਂ ਸੂਬੇ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਉਣ ਲਈ ਨਸ਼ਿਆਂ ਦੀ ਲਾਹਨਤ ਨੂੰ ਖ਼ਤਮ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਪੰਜਾਬ ਸਰਹੱਦੀ ਸੂਬਾ ਹੋਣ ਕਰਕੇ ਨਸ਼ਿਆਂ ਵਿਰੁੱਧ ਦੇਸ਼ ਦੀ ਲੜਾਈ ਲੜ ਰਿਹਾ ਹੈ ਅਤੇ ਇਸ ਕੋਹੜ ਨੂੰ ਜੜ੍ਹੋਂ ਖਤਮ ਕਰਨ ਲਈ ਨੌਜਵਾਨਾਂ ਦੀ ਸ਼ਮੂਲੀਅਤ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪ੍ਰਭਾਵੀ ਕਦਮਾਂ ਰਾਹੀਂ ਨਸ਼ਿਆਂ ਦੀ ਸਪਲਾਈ ਲਾਈਨ ਪਹਿਲਾਂ ਹੀ ਬੰਦ ਕਰ ਦਿੱਤੀ ਹੈ ਪਰ ਇਸਦੀ ਚਪੇਟ ਵਿੱਚ ਆਉਣ ਵਾਲੇ ਨੌਜਵਾਨਾਂ ਵਿੱਚ ਵੱਡੇ ਪੱਧਰ ‘ਤੇ ਜਾਗਰੂਕਤਾ ਪੈਦਾ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ।

ਵਿਧਾਇਕ ਗੋਗੀ ਨੇ ਕਿਹਾ ਕਿ ਸੂਬੇ ਦੀਆਂ ਪੀੜ੍ਹੀਆਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਬਚਾਉਣ ਲਈ ਨੌਜਵਾਨ ਹੀ ਸਹਾਈ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਸਮੇਂ-ਸਮੇਂ ‘ਤੇ ਨਸ਼ਿਆਂ ਦੇ ਨੁਕਸਾਨਦੇਹ ਪ੍ਰਭਾਵਾਂ ਬਾਰੇ ਵਿਚਾਰ ਚਰਚਾ ਕਰਨੀ ਚਾਹੀਦੀ ਹੈ ਅਤੇ ਸਾਥੀ ਸਮੂਹਾਂ ਵਿੱਚ ਨਸ਼ਿਆਂ ਦੀ ਵਰਤੋਂ ਦੇ ਸੰਕੇਤਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਨਸ਼ਾ ਨਾ ਕਰਨ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ। ਉਨ੍ਹਾਂ ਸਮਾਜ ਨੂੰ ਕੰਨਿਆ ਭਰੂਣ ਹੱਤਿਆ ਅਤੇ ਪ੍ਰਦੂਸ਼ਣ ਵਿਰੁੱਧ ਜਾਗਰੂਕ ਕਰਨ ਲਈ ਵੀ ਕਿਹਾ।

Leave a Reply

Your email address will not be published. Required fields are marked *