‘ਸਰਕਾਰ ਤੁਹਾਡੇ ਦੁਆਰ’ ਪਹਿਲਕਦਮੀ ਨਾਗਰਿਕ ਸੇਵਾਵਾਂ ਨੂੰ ਘਰ-ਘਰ ਪਹੁੰਚਾਉਣ ਦੀ ਸਫ਼ਲਤਾ ਦੀ ਕਹਾਣੀ – ਵਿਧਾਇਕ ਕੁਲਵੰਤ ਸਿੰਘ ਸਿੱਧੂ

Ludhiana Punjabi
  • ਗਿੱਲ ਰੋਡ ਵਿਖੇ ਰੈਵੇਨਿਊ ਕੈਂਪ ਦੌਰਾਨ 3200 ਤੋਂ ਵੱਧ ਇੰਤਕਾਲ ਕੇਸਾਂ ਦਾ ਫੈਸਲਾ
  • ਵਿਧਾਇਕ ਕੁਲਵੰਤ ਸਿੰਘ ਸਿੱਧੂ ਅਤੇ ਡਿਪਟੀ ਕਮਿਸ਼ਨਰ ਸੁਵਿਧਾ ਕੈਂਪ ਦੌਰਾਨ ਬਿਨੈਕਾਰਾਂ ਨਾਲ ਕੀਤੀ ਗਈ ਗੱਲਬਾਤ
  • ਲੋਕਾਂ ਦੀ ਸਹੂਲਤ ਲਈ ਸਬ-ਡਵੀਜਨਾਂ ‘ਚ ਹਰ ਮਹੀਨੇ ਸੁਵਿਧਾ ਕੈਂਪ ਲਗਾਏ ਜਾਣਗੇ – ਡਿਪਟੀ ਕਮਿਸ਼ਨਰ ਸੁਰਭੀ ਮਲਿਕ

DMT : ਲੁਧਿਆਣਾ : (12 ਅਕਤੂਬਰ 2023) : –

ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਅੱਜ ਕਿਹਾ ਕਿ ‘ਸਰਕਾਰ ਤੁਹਾਡੇ ਦੁਆਰ’ ਪਹਿਲਕਦਮੀ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਵਿੱਚ ਸਫਲਤਾ ਦੀ ਨਵੀਂ ਕਹਾਣੀ ਰਚ ਰਹੀ ਹੈ।

ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਉਨ੍ਹਾਂ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਦੇ ਨਾਲ ਲੁਧਿਆਣਾ ਪੱਛਮੀ ਸਬ-ਡਵੀਜ਼ਨ ਦੇ ਗਿੱਲ ਰੋਡ ਵਿਖੇ ਲਗਾਏ ਮਾਲ ਕੈਂਪ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਪੱਛਮੀ ਸਬ-ਡਵੀਜ਼ਨ ਭਰ ਤੋਂ ਆਏ ਪਟਵਾਰੀਆਂ, ਕਾਨੂੰਨਗੋਆਂ, ਸੀ.ਆਰ.ਓਜ਼ ਨੇ ਲੋਕਾਂ ਨੂੰ ਮਾਲ ਵਿਭਾਗ ਨਾਲ ਸਬੰਧਤ ਸੇਵਾਵਾਂ ਪ੍ਰਦਾਨ ਕੀਤੀਆਂ।

ਕੈਂਪ ਦਾ ਦੌਰਾ ਕਰਦਿਆਂ ਵਿਧਾਇਕ ਅਤੇ ਡਿਪਟੀ ਕਮਿਸ਼ਨਰ ਨੇ ਬਿਨੈਕਾਰਾਂ ਨਾਲ ਗੱਲਬਾਤ ਵੀ ਕੀਤੀ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਦੀਆਂ ਸ਼ਿਕਾਇਤਾਂ ਦਾ ਜਲਦ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੈਂਪ ਦੌਰਾਨ 3200 ਤੋਂ ਵੱਧ ਬਕਾਇਆ ਇੰਤਕਾਲ ਕੇਸਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕੀਤਾ ਗਿਆ ਜਦਕਿ ਫਰਦ ਬਦਰ ਦੇ 22 ਕੇਸਾਂ ਅਤੇ 56 ਨਵੀਆਂ ਦਰਖਾਸਤਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕੀਤਾ ਗਿਆ।

ਉਨ੍ਹਾਂ ਅੱਗੇ ਦੱਸਿਆ ਕਿ ਕੈਂਪ ਦੌਰਾਨ ਪਟਵਾਰੀਆਂ ਵੱਲੋਂ ਕੁੱਲ 1160 ਬਕਾਇਆ ਇੰਤਕਾਲਾਂ ਦਾ ਫੈਸਲਾ ਕੀਤਾ ਗਿਆ ਜਦਕਿ ਕਾਨੂੰਨਗੋ ਵੱਲੋਂ 1230 ਇੰਤਕਾਲਾਂ ਨੂੰ ਅੰਤਿਮ ਰੂਪ ਦਿੱਤਾ ਗਿਆ। ਇਸੇ ਤਰ੍ਹਾਂ ਅੱਜ ਸਰਕਲ ਮਾਲ ਅਫਸਰਾਂ ਨੇ ਕੈਂਪ ਦੌਰਾਨ 872 ਇੰਤਕਾਲ ਦੇ ਕੇਸਾਂ ਦਾ ਫੈਸਲਾ ਕੀਤਾ, ਉਨ੍ਹਾਂ ਦੱਸਿਆ ਕਿ ਆਮਦਨ ਸਰਟੀਫਿਕੇਟ, ਰਿਹਾਇਸ਼ੀ ਸਰਟੀਫਿਕੇਟ, ਹੱਦਬੰਦੀ, ਜ਼ਮੀਨ ਦਾ ਮੁਲਾਂਕਣ ਆਦਿ ਸਮੇਤ ਵੱਖ-ਵੱਖ ਸੇਵਾਵਾਂ ਸਬੰਧੀ ਲਗਭਗ 56 ਨਵੀਆਂ ਦਰਖਾਸਤਾਂ ਪ੍ਰਾਪਤ ਹੋਈਆਂ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਸਰਕਾਰ ਤੁਹਾਡੇ ਦੁਆਰ ਨਾਮ ਦੀ ਇਹ ਨਿਵੇਕਲੀ ਪਹਿਲਕਦਮੀ ਸ਼ੁਰੂ ਕੀਤੀ ਹੈ ਜਿਸ ਤਹਿਤ ਸਰਕਾਰ ਦੀਆਂ ਸੇਵਾਵਾਂ ਅਤੇ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਉਣ ਦੇ ਮੰਤਵ ਨਾਲ ਵੱਖ-ਵੱਖ ਥਾਵਾਂ ‘ਤੇ ਵਿਸ਼ੇਸ਼ ਸੁਵਿਧਾ ਕੈਂਪ ਲਗਾਏ ਜਾਂਦੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਨੇ ਨਵੇਂ ਪਟਵਾਰੀਆਂ ਦੀ ਨਿਯੁਕਤੀ ਕੀਤੀ ਹੈ ਜੋ ਜਲਦ ਹੀ ਆਪਣੀ ਡਿਊਟੀ ਜੁਆਇਨ ਕਰ ਲੈਣਗੇ ਜਿਸ ਨਾਲ ਕੰਮ ਕਰ ਰਹੇ ਪਟਵਾਰੀਆਂ ਨੂੰ ਵਾਧੂ ਖਰਚਿਆਂ ਦੇ ਬੋਝ ਤੋਂ ਨਿਜਾਤ ਮਿਲੇਗੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਪਟਵਾਰੀਆਂ ਨੇ ਆਪਣੀ ਸਿਖਲਾਈ ਪੂਰੀ ਕਰ ਲਈ ਹੈ ਅਤੇ ਜ਼ਿਲ੍ਹੇ ਨੂੰ ਜਲਦ ਹੀ 100 ਤੋਂ ਵੱਧ ਪਟਵਾਰੀ ਮਿਲ ਜਾਣਗੇ। ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਪਟਵਾਰੀਆਂ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਘਾਟ ਨੂੰ ਪੂਰਾ ਕਰਕੇ ਮਾਲ ਵਿਭਾਗ ਦੇ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣ ਦਾ ਰਾਹ ਪੱਧਰਾ ਹੋਵੇਗਾ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰ ਤੁਹਾਡੇ ਦੁਆਰ ਮੁਹਿੰਮ ਤਹਿਤ ਜ਼ਿਲ੍ਹੇ ਭਰ ਵਿੱਚ ਹੋਰ ਕੈਂਪ ਲਗਾਏ ਜਾਣਗੇ ਤਾਂ ਜੋ ਸਰਕਾਰੀ ਸੇਵਾਵਾਂ ਦਾ ਲਾਭ ਘਰ-ਘਰ ਪਹੁੰਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਵੱਖ-ਵੱਖ ਸਬ-ਡਵੀਜ਼ਨਾਂ ਵਿੱਚ ਹਰ ਮਹੀਨੇ ਸੁਵਿਧਾ ਕੈਂਪ ਲਗਾਏ ਜਾਣਗੇ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨਾਗਰਿਕ ਸੇਵਾਵਾਂ ਨੂੰ ਸੁਚਾਰੂ, ਨਿਰਵਿਘਨ ਅਤੇ ਪਾਰਦਰਸ਼ੀ ਢੰਗ ਨਾਲ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਜ਼ਿਲ੍ਹੇ ਭਰ ਵਿੱਚ ਹੋਰ ਵੀ ਕੈਂਪ ਲਗਾਏ ਜਾਣਗੇ ਤਾਂ ਜੋ ਵੱਧ ਤੋਂ ਵੱਧ ਲੋਕਾਂ ਤੱਕ ਇਨ੍ਹਾਂ ਸੇਵਾਵਾਂ ਦਾ ਲਾਭ ਪਹੁੰਚਾਇਆ ਜਾ ਸਕੇ।

ਇਸ ਮਾਲ ਕੈਂਪ ਦੇ ਆਯੋਜਨ ਲਈ ਲੁਧਿਆਣਾ ਪੱਛਮੀ ਦੇ ਐਸ.ਡੀ.ਐਮ. ਡਾ. ਹਰਜਿੰਦਰ ਸਿੰਘ ਬੇਦੀ ਆਈ.ਏ.ਐਸ. ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਹਿਲਾਂ ਹੰਬੜਾਂ ਰੋਡ ਵਿਖੇ ਲਗਾਇਆ ਗਿਆ ਕੈਂਪ ਵੀ ਸਫਲ ਸਾਬਤ ਹੋਇਆ ਸੀ, ਹੁਣ ਇਸ ਕੈਂਪ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ।

Leave a Reply

Your email address will not be published. Required fields are marked *